DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੋਣਾਂ ਲਈ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਵਿਚਾਲੇ ਗੱਠਜੋੜ

ਜੰਮੂ ਕਸ਼ਮੀਰ ’ਚ ਸਾਰੀਆਂ 90 ਸੀਟਾਂ ’ਤੇ ਗੱਠਜੋੜ ਨੂੰ ਅੰਤਿਮ ਰੂਪ ਦਿੱਤਾ
  • fb
  • twitter
  • whatsapp
  • whatsapp
featured-img featured-img
ਕਾਂਗਰਸ ਆਗੂ ਮਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਨੈਸ਼ਨਲ ਕਾਨਫਰੰਸ ਦੇ ਆਗੂ ਫਾਰੂਕ ਅਬਦੁੱਲ੍ਹਾ ਤੇ ਉਮਰ ਅਬਦੁੱਲ੍ਹਾ ਨੂੰ ਮਿਲਦੇ ਹੋਏ। -ਫੋਟੋ: ਏਐੱਨਆਈ
Advertisement

* ਫਾਰੂਕ ਅਬਦੁੱਲ੍ਹਾ ਦੀ ਰਿਹਾਇਸ਼ ’ਤੇ ਖੜਗੇ ਤੇ ਰਾਹੁਲ ਗਾਂਧੀ ਨੇ ਕੀਤੀ ਮੀਟਿੰਗ

ਸ੍ਰੀਨਗਰ, 22 ਅਗਸਤ

Advertisement

ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਵੱਲੋਂ ਗੱਠਜੋੜ ਕੀਤਾ ਗਿਆ ਹੈ ਅਤੇ ਦੋਵਾਂ ਪਾਰਟੀਆਂ ਵਿਚਾਲੇ ਸਾਰੀਆਂ 90 ਸੀਟਾਂ ’ਤੇ ਗੱਠਜੋੜ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਇਹ ਜਾਣਕਾਰੀ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲ੍ਹਾ ਨੇ ਦਿੱਤੀ। ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਅਬਦੁੱਲ੍ਹਾ ਦੀ ਰਿਹਾਇਸ਼ ’ਤੇ ਨੈਸ਼ਨਲ ਕਾਨਫਰੰਸ ਦੀ ਲੀਡਰਸ਼ਿਪ ਨਾਲ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਹੈ।

ਫਾਰੂਕ ਅਬਦੁੱਲ੍ਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਸਾਡੀ ਮੀਟਿੰਗ ਖੁਸ਼ਨੁਮਾ ਮਾਹੌਲ ’ਚ ਕਾਫੀ ਚੰਗੀ ਰਹੀ। ਗੱਠਜੋੜ ਸਹੀ ਰਾਹ ’ਤੇ ਹੈ ਅਤੇ ਅੱਲ੍ਹਾ ਨੇ ਚਾਹਿਆ ਤਾਂ ਇਹ ਸਹੀ ਢੰਗ ਨਾਲ ਚੱਲੇਗਾ। ਗੱਠਜੋੜ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ ਅਤੇ ਇਸ ’ਤੇ ਅੱਜ ਸ਼ਾਮ ਦਸਤਖ਼ਤ ਹੋ ਜਾਣਗੇ ਅਤੇ ਗੱਠਜੋੜ ਸਾਰੀਆਂ 90 ਸੀਟਾਂ ਲਈ ਹੈ।’ ਜੰਮੂ ਕਸ਼ਮੀਰ ਦੀ 90 ਮੈਂਬਰੀ ਵਿਧਾਨ ਸਭਾ ਲਈ ਤਿੰਨ ਗੇੜਾਂ ਤਹਿਤ ਚੋਣਾਂ 18 ਸਤੰਬਰ, 25 ਸਤੰਬਰ ਤੇ 1 ਅਕਤੂਬਰ ਨੂੰ ਹੋਣਗੀਆਂ। ਨਤੀਜੇ ਚਾਰ ਅਕਤੂਬਰ ਨੂੰ ਐਲਾਨੇ ਜਾਣਗੇ। ਅਬਦੁੱਲ੍ਹਾ ਨੇ ਕਿਹਾ, ‘ਮਾਰਕਸਵਾਦੀ ਕਮਿਊਨਿਸਟ ਪਾਰਟੀ (ਸੀਪੀਆਈ-ਐੱਮ) ਦੇ (ਐੱਮਵਾਈ) ਤਰੀਗਾਮੀ ਵੀ ਸਾਡੇ ਨਾਲ ਹਨ। ਮੈਨੂੰ ਉਮੀਦ ਹੈ ਕਿ ਸਾਨੂੰ ਲੋਕਾਂ ਦਾ ਸਾਥ ਮਿਲੇਗਾ ਅਤੇ ਅਸੀਂ ਲੋਕਾਂ ਦੀ ਜ਼ਿੰਦਗੀ ਬਿਹਤਰ ਬਣਾਉਣ ਲਈ ਭਾਰੀ ਬਹੁਮਤ ਨਾਲ ਜਿੱਤਾਂਗੇ।’ ਇਸ ਤੋਂ ਪਹਿਲਾਂ ਦਿਨ ਵੇਲੇ ਰਾਹੁਲ ਗਾਂਧੀ ਨੇ ਭਰੋਸਾ ਦਿੱਤਾ ਕਿ ਜੰਮੂ ਕਸ਼ਮੀਰ ਲਈ ਰਾਜ ਦਾ ਦਰਜਾ ਬਹਾਲ ਕਰਨਾ ਕਾਂਗਰਸ ਤੇ ‘ਇੰਡੀਆ’ ਗੱਠਜੋੜ ਦੀ ਤਰਜੀਹ ਹੈ। ਗਾਂਧੀ ਦੇ ਇਸ ਭਰੋਸੇ ਬਾਰੇ ਪੁੱਛੇ ਜਾਣ ’ਤੇ ਅਬਦੁੱਲ੍ਹਾ ਨੇ ਉਮੀਦ ਜ਼ਾਹਿਰ ਕੀਤੀ ਕਿ ਸਾਰੀਆਂ ਸ਼ਕਤੀਆਂ ਨਾਲ ਪੂਰਨ ਰਾਜ ਦਾ ਦਰਜਾ ਬਹਾਲ ਕੀਤਾ ਜਾਵੇਗਾ। ਅਬਦੁੱਲ੍ਹਾ ਨੇ ਕਿਹਾ, ‘ਰਾਜ ਦਾ ਦਰਜਾ ਸਾਡੇ ਸਾਰਿਆਂ ਲਈ ਬਹੁਤ ਅਹਿਮ ਹੈ। ਇਸ ਦਾ ਸਾਡੇ ਨਾਲ ਵਾਅਦਾ ਕੀਤਾ ਗਿਆ ਹੈ। ਇਸ ਰਾਜ ਨੇ ਬੁਰੇ ਦਿਨ ਦੇਖੇ ਹਨ ਅਤੇ ਸਾਨੂੰ ਉਮੀਦ ਹੈ ਕਿ ਇਸ ਨੂੰ ਪੂਰੀਆਂ ਸ਼ਕਤੀਆਂ ਨਾਲ ਬਹਾਲ ਕੀਤਾ ਜਾਵੇਗਾ। ਇਸ ਲਈ ਅਸੀਂ ‘ਇੰਡੀਆ’ ਧੜੇ ਨਾਲ ਇਕਜੁੱਟ ਹਾਂ।’ -ਪੀਟੀਆਈ

ਜੰਮੂ ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਬਹਾਲ ਕਰਨਾ ਤਰਜੀਹ: ਰਾਹੁਲ

ਕਾਂਗਰਸ ਆਗੂ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ ਤੇ ਹੋਰ ਸ੍ਰੀਨਗਰ ’ਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ। -ਫੋਟੋ: ਪੀਟੀਆਈ

ਸ੍ਰੀਨਗਰ:

ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਜੰਮੂ ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਬਹਾਲ ਕਰਨਾ ਕਾਂਗਰਸ ਤੇ ਵਿਰੋਧੀ ਗੱਠਜੋੜ ‘ਇੰਡੀਆ’ ਦੀ ਤਰਜੀਹ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਉਨ੍ਹਾਂ ਦੀ ਪਾਰਟੀ ਦਾ ਟੀਚਾ ਹੈ ਕਿ ਜੰਮੂ ਕਸ਼ਮੀਰ ਤੇ ਲੱਦਾਖ ਦੇ ਲੋਕਾਂ ਨੂੰ ਉਨ੍ਹਾਂ ਦੇ ਜਮਹੂਰੀ ਅਧਿਕਾਰ ਵਾਪਸ ਮਿਲਣ। ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਕਾਂਗਰਸ ਪਾਰਟੀ ਤੇ ‘ਇੰਡੀਆ’ ਦੀ ਤਰਜੀਹ ਹੈ ਕਿ ਜੰਮੂ ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਜਲਦੀ ਤੋਂ ਜਲਦੀ ਬਹਾਲ ਕੀਤਾ ਜਾਵੇ। ਸਾਨੂੰ ਉਮੀਦ ਸੀ ਕਿ ਚੋਣਾਂ ਤੋਂ ਪਹਿਲਾਂ ਅਜਿਹਾ ਕਰ ਦਿੱਤਾ ਜਾਵੇਗਾ ਪਰ ਚੋਣਾਂ ਦਾ ਐਲਾਨ ਹੋ ਗਿਆ। ਸਾਨੂੰ ਉਮੀਦ ਹੈ ਕਿ ਜਲਦੀ ਤੋਂ ਜਲਦੀ ਪੂਰਨ ਰਾਜ ਦਾ ਦਰਜਾ ਬਹਾਲ ਕਰ ਦਿੱਤਾ ਜਾਵੇਗਾ ਤੇ ਜੰਮੂ ਕਸ਼ਮੀਰ ਦੇ ਲੋਕਾਂ ਦੇ ਅਧਿਕਾਰ ਬਹਾਲ ਕਰ ਦਿੱਤੇ ਜਾਣਗੇ।’ ਉਨ੍ਹਾਂ ਕਿਹਾ, ‘ਅਜਿਹਾ ਪਹਿਲਾਂ ਕਦੀ ਨਹੀਂ ਹੋਇਆ। ਕੇਂਦਰ ਸ਼ਾਸਿਤ ਪ੍ਰਦੇਸ਼ ਰਾਜ ਬਣ ਗਏ ਪਰ ਇਹ ਪਹਿਲੀ ਵਾਰ ਹੈ ਕਿ ਕੋਈ ਰਾਜ ਕੇਂਦਰ ਸ਼ਾਸਿਤ ਪ੍ਰਦੇਸ਼ ਬਣ ਗਿਆ ਹੈ।’ ਰਾਹੁਲ ਨੇ ਇਹ ਵੀ ਕਿਹਾ ਕਿ ਇੱਥੇ ਆਉਣਾ ਉਨ੍ਹਾਂ ਲਈ ਖੁਸ਼ਕਿਸਮਤੀ ਦੀ ਗੱਲ ਹੈ ਅਤੇ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਉਨ੍ਹਾਂ ਦਾ ਡੂੰਘਾ ਰਿਸ਼ਤਾ ਹੈ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਨਰਿੰਦਰ ਮੋਦੀ ਦੇ ਹਾਵ-ਭਾਵ ਤੇ ਆਤਮ ਵਿਸ਼ਵਾਸ ਕਾਫੀ ਬਦਲ ਗਏ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘ਤੁਹਾਨੂੰ ਹਮੇਸ਼ਾ ਮਹਿਸੂਸ ਹੋਣਾ ਚਾਹੀਦਾ ਹੈ ਕਿ ਦਿੱਲੀ ’ਚ ਤੁਹਾਡਾ ਸਿਪਾਹੀ ਹੈ। ਮੈਂ ਤੁਹਾਡਾ ਸਿਪਾਹੀ ਹਾਂ। ਤੁਹਾਨੂੰ ਜੋ ਵੀ ਚਾਹੀਦਾ ਹੈ, ਮੇਰੇ ਦਰਵਾਜ਼ੇ ਹਮੇਸ਼ਾ ਤੁਹਾਡੇ ਲਈ ਖੁੱਲ੍ਹੇ ਹਨ।’

ਇਸੇ ਦੌਰਾਨ ਰਾਹੁਲ ਗਾਂਧੀ ਨੇ ਕਸ਼ਮੀਰੀ ਵਿਦਿਆਰਥੀਆਂ ਦੇ ਵਫ਼ਦ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਮਸਲੇ ਸੰਸਦ ’ਚ ਉਠਾਉਣਗੇ। -ਪੀਟੀਆਈ

ਹੋਰ ਵਿਰੋਧੀ ਪਾਰਟੀਆਂ ਨਾਲ ਵੀ ਗੱਠਜੋੜ ਦੇ ਇੱਛੁਕ ਹਾਂ: ਖੜਗੇ

ਸ੍ਰੀਨਗਰ:

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਹੋਰ ਵਿਰੋਧੀ ਪਾਰਟੀਆਂ ਨਾਲ ਗੱਠਜੋੜ ਦੀ ਇੱਛਾ ਜ਼ਾਹਿਰ ਕੀਤੀ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਲੋਕਾਂ ਨਾਲ ਭਾਜਪਾ ਦੇ ਵਾਅਦਿਆਂ ਨੂੰ ‘ਜੁਮਲਾ’ ਕਰਾਰ ਦਿੱਤਾ। ਖੜਗੇ ਨੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਅੱਜ ਇੱਥੇ ਕਾਂਗਰਸ ਆਗੂਆਂ ਤੇ ਵਰਕਰਾਂ ਤੋਂ ਵਿਧਾਨ ਸਭਾ ਚੋਣਾਂ ਦੀਆਂ ਜ਼ਮੀਨੀ ਪੱਧਰ ਦੀਆਂ ਤਿਆਰੀਆਂ ਬਾਰੇ ਫੀਡਬੈਕ ਲਿਆ। ਖੜਗੇ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ, ‘ਚੋਣਾਂ ਦੇ ਐਲਾਨ ਤੋਂ ਬਾਅਦ ਇਹ ਪਹਿਲੀ ਮੀਟਿੰਗ ਸੀ। ਅਸੀਂ ਇੱਥੇ ਚੋਣਾਂ ਤੇ ਗੱਠਜੋੜ ਲਈ ਸਥਾਨਕ ਆਗੂਆਂ ਤੇ ਵਰਕਰਾਂ ਦੀ ਰਾਏ ਜਾਣਨ ਲਈ ਆਏ ਹਾਂ। ਰਾਹੁਲ ਗਾਂਧੀ ਦੀ ਅਗਵਾਈ ਹੇਠ ਅਸੀਂ ਜੰਮੂ ਕਸ਼ਮੀਰ ਦਾ ਰਾਜ ਦਾ ਦਰਜਾ ਬਹਾਲ ਕਰਵਾਉਣ ਸਬੰਧੀ ਪਹਿਲਕਦਮੀ ਕੀਤੀ ਹੈ। ਅਸੀਂ ਇਸ ਦਿਸ਼ਾ ’ਚ ਕੰਮ ਕਰਨ ਦਾ ਵਾਅਦਾ ਕਰਦੇ ਹਾਂ।’ ਉਨ੍ਹਾਂ ਕਿਹਾ, ‘ਰਾਹੁਲ ਗਾਂਧੀ ਹੋਰ ਵਿਰੋਧੀ ਪਾਰਟੀਆਂ ਨਾਲ ਮਿਲ ਕੇ ਚੋਣਾਂ ਲੜਨ ਦੇ ਇੱਛੁਕ ਹਨ। ‘ਇੰਡੀਆ’ ਗੱਠਜੋੜ ਨੇ ਇੱਕ ਤਾਨਾਸ਼ਾਹ ਨੂੰ ਪੂਰਨ ਬਹੁਮਤ ਨਾਲ (ਕੇਂਦਰ ਵਿੱਚ) ਸੱਤਾ ’ਚ ਆਉਣ ਤੋਂ ਰੋਕਿਆ।’ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਕੀਤਾ ਗਿਆ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ। -ਪੀਟੀਆਈ

Advertisement
×