ਨਵੀਂ ਦਿੱਲੀ, 17 ਮਈ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦੋ ਉੱਚ ਪੱਧਰੀ ਮੀਟਿੰਗਾਂ ਕਰਕੇ ਜੰਮੂ ਕਸ਼ਮੀਰ ’ਚ ਹੋਣ ਵਾਲੀ ਅਮਰਨਾਥ ਯਾਤਰਾ ਦੇ ਸੁਰੱਖਿਆ ਅਤੇ ਹੋਰ ਪ੍ਰਬੰਧਾਂ ਦੀ ਸਮੀਖਿਆ ਕੀਤੀ।
ਇੱਕ ਤੋਂ ਬਾਅਦ ਇੱਕ ਹੋਈਆਂ ਮੀਟਿੰਗਾਂ ’ਚ ਯਾਤਰਾ ਬਾਰੇ ਚਰਚਾ ਕੀਤੀ ਗਈ ਜੋ ਦੋ ਸਾਲ ਬਾਅਦ ਇਸ ਸਾਲ 30 ਜੂਨ ਤੋਂ ਸ਼ੁਰੂ ਹੋਵੇਗੀ ਅਤੇ ਇਹ ਅਜਿਹੇ ਵਕਤ ਹੋ ਰਹੀ ਹੈ ਜਦੋਂ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਹਾਲ ਹੀ ’ਚ ਕਸ਼ਮੀਰੀ ਪੰਡਤਾਂ ਸਮੇਤ ਕਈ ਹੋਰ ਲੋਕਾਂ ਦੀਆਂ ਮਿੱਥ ਕੇ ਹੱਤਿਆਵਾਂ ਕੀਤੀਆਂ ਗਈਆਂ ਹਨ। ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਤੇ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਦੇ ਨਾਲ ਸੀਨੀਅਰ ਅਧਿਕਾਰੀਆਂ ਨੇ ਵੀ ਦੋਵਾਂ ਮੀਟਿੰਗਾਂ ’ਚ ਸ਼ਮੂਲੀਅਤ ਕੀਤੀ। ਕੌਮੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਅਜੀਤ ਡੋਵਾਲ, ਸੈਨਾ ਮੁਖੀ ਜਨਰਲ ਮਨੋਜ ਪਾਂਡੇ ਤੇ ਜੰਮੂ ਕਸ਼ਮੀਰ ਪੁਲੀਸ ਦੇ ਮੁਖੀ ਦਿਲਬਾਗ ਸਿੰਘ ਤੀਰਥ ਯਾਤਰਾ ਦੇ ਸੁਰੱਖਿਆ ਪ੍ਰਬੰਧਾਂ ’ਤੇ ਚਰਚਾ ਤੋਂ ਬਾਅਦ ਮੀਟਿੰਗ ’ਚ ਸ਼ਾਮਲ ਹੋਏ। ਸਾਲਾਨਾ ਯਾਤਰਾ ਦੇ ਪ੍ਰਬੰਧਾਂ ’ਤੇ ਚਰਚਾ ਲਈ ਸਿਹਤ, ਦੂਰ ਸੰਚਾਰ, ਸੜਕੀ ਆਵਾਜਾਈ, ਸਿਵਲ ਹਵਾਬਾਜ਼ੀ ਤੇ ਆਈਟੀ ਮੰਤਰਾਲਿਆਂ ਦੇ ਅਧਿਕਾਰੀਆਂ ਨੇ ਮੀਟਿੰਗ ’ਚ ਹਿੱਸਾ ਲਿਆ।
ਜ਼ਿਕਰਯੋਗ ਹੈ ਕਿ ਕਰੋਨਾ ਮਹਾਮਾਰੀ ਕਾਰਨ ਸਾਲ 2020 ਤੇ 2021 ’ਚ ਅਮਰਨਾਥ ਯਾਤਰਾ ਨਹੀਂ ਹੋ ਸਕੀ। ਇਸ ਵਾਰ ਇਸ ਯਾਤਰਾ ’ਚ ਤਿੰਨ ਲੱਖ ਸ਼ਰਧਾਲੂਆਂ ਦੇ ਹਿੱਸਾ ਲੈਣ ਦੀ ਉਮੀਦ ਹੈ ਅਤੇ ਇਹ ਯਾਤਰਾ 11 ਅਗਸਤ ਨੂੰ ਸੰਪੂਰਨ ਹੋ ਸਕਦੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਹਰ ਯਾਤਰੀ ਨੂੰ ਉਨ੍ਹਾਂ ਦੀਆਂ ਗਤੀਵਿਧੀਆਂ ਤੇ ਸੁਰੱਖਿਆ ’ਤੇ ਨਜ਼ਰ ਰੱਖਣ ਲਈ ਰੇਡੀਓ ਫਰੀਕੁਐਂਸੀ ਆਈਡੈਂਟੀਫਿਕੇਸ਼ਨ ਟੈਗ (ਆਰਐੱਫਆਈਟੀ) ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਇਹ ਟੈਗ ਸਿਰਫ਼ ਯਾਤਰੂਆਂ ਦੀਆਂ ਗੱਡੀਆਂ ਨੂੰ ਦਿੱਤੇ ਜਾਂਦੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਯਾਤਰਾ ਦੇ ਦੋ ਮਾਰਗਾਂ ’ਤੇ ਨੀਮ ਫੌਜੀ ਦਸਤਿਆਂ ਦੇ 12 ਹਜ਼ਾਰ ਜਵਾਨਾਂ ਦੇ ਨਾਲ ਨਾਲ ਜੰਮੂ ਕਸ਼ਮੀਰ ਪੁਲੀਸ ਦੇ ਹਜ਼ਾਰਾਂ ਮੁਲਾਜ਼ਮ ਵੀ ਤਾਇਨਾਤ ਕੀਤੇ ਜਾਣ ਦੀ ਉਮੀਦ ਹੈ। -ਪੀਟੀਆਈ
ਸੁਰੱਖਿਆ ਬਲਾਂ ਨੂੰ ਅਤਿਵਾਦ ਖ਼ਿਲਾਫ਼ ਮੁਹਿੰਮ ਚਲਾਉਣ ਦੇ ਨਿਰਦੇਸ਼
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਰੱਖਿਆ ਬਲਾਂ ਨੂੰ ਜੰਮੂ ਕਸ਼ਮੀਰ ’ਚ ਅਤਿਵਾਦ ਖ਼ਿਲਾਫ਼ ਸਰਗਰਮੀ ਨਾਲ ਮੁਹਿੰਮ ਚਲਾਉਣ ਦਾ ਨਿਰਦੇਸ਼ ਦਿੱਤਾ ਹੈ। ਗ੍ਰਹਿ ਮੰਤਰਾਲੇ ਦੇ ਬਿਆਨ ਅਨੁਸਾਰ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਖੁਸ਼ਹਾਲ ਤੇ ਸ਼ਾਂਤੀਪੂਰਨ ਜੰਮੂ ਕਸ਼ਮੀਰ ਦਾ ਸੁਫ਼ਨਾ ਪੂਰਾ ਕਰਨ ਤੇ ਅਤਿਵਾਦ ਦਾ ਸਫ਼ਾਇਆ ਕਰਨ ਲਈ ਸੁਰੱਖਿਆ ਬਲਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਰਹੱਦ ਪਾਰੋਂ ਘੁਸਪੈਠ ਦੀ ਇੱਕ ਵੀ ਘਟਨਾ ਨਾ ਵਾਪਰੇ। -ਪੀਟੀਆਈ