Amit Shah to review status of implementation of new criminal laws in JK: ਜੰਮੂ-ਕਸ਼ਮੀਰ ਵਿੱਚ ਨਵੇਂ ਕਾਨੂੰਨਾਂ ਨੂੰ ਲਾਗੂ ਕਰਨ ਦੀ ਸਮੀਖਿਆ ਕਰਨਗੇ ਅਮਿਤ ਸ਼ਾਹ
ਨਵੀਂ ਦਿੱਲੀ, 17 ਫਰਵਰੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਉਪ ਰਾਜਪਾਲ ਮਨੋਜ ਸਿਨਹਾ ਦੀ ਮੌਜੂਦਗੀ ਵਿੱਚ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਦੀ ਸਥਿਤੀ ਦੀ ਸਮੀਖਿਆ ਕਰਨਗੇ। ਦੱਸਣਾ ਬਣਦਾ ਹੈ ਕਿ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਜੰਮੂ ਤੇ ਕਸ਼ਮੀਰ ਅਤੇ ਲੱਦਾਖ ਵਿੱਚ ਵੰਡੇ ਜਾਣ ਤੋਂ ਬਾਅਦ ਹੁਣ ਅਮਨ ਤੇ ਕਾਨੂੰਨ ’ਤੇ ਕੇਂਦਰ ਦਾ ਸਿੱਧਾ ਕੰਟਰੋਲ ਹੈ। ਇੱਥੇ 18 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਲਈ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਸੱਦਾ ਦਿੱਤਾ ਗਿਆ ਹੈ।
ਸੂਤਰਾਂ ਨੇ ਦੱਸਿਆ ਕਿ ਅਮਿਤ ਸ਼ਾਹ ਮੰਗਲਵਾਰ ਨੂੰ ਇੱਥੇ ਉੱਤਰੀ ਬਲਾਕ ’ਚ ਜੰਮੂ-ਕਸ਼ਮੀਰ ’ਚ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਦੀ ਸਥਿਤੀ ਦੀ ਸਮੀਖਿਆ ਕਰਨਗੇ। ਜ਼ਿਕਰਯੋਗ ਹੈ ਕਿ ਨਵੇਂ ਕਾਨੂੰਨ ਪਿਛਲੇ ਸਾਲ ਪਹਿਲੀ ਜੁਲਾਈ ਤੋਂ ਲਾਗੂ ਹੋਏ ਹਨ। ਅਮਿਤ ਸ਼ਾਹ ਪਹਿਲਾਂ ਹੀ ਉੱਤਰ ਪ੍ਰਦੇਸ਼, ਹਰਿਆਣਾ, ਉੱਤਰਾਖੰਡ, ਮੱਧ ਪ੍ਰਦੇਸ਼ ਅਤੇ ਗੁਜਰਾਤ ਸਮੇਤ ਕਈ ਰਾਜਾਂ ਵਿੱਚ ਨਵੇਂ ਕਾਨੂੰਨਾਂ ਨੂੰ ਲਾਗੂ ਕਰਨ ਦੀ ਸਥਿਤੀ ਦੀ ਸਮੀਖਿਆ ਕਰ ਚੁੱਕੇ ਹਨ।