ਨਵੀਂ ਦਿੱਲੀ, 17 ਜੁਲਾਈ
ਸੰਸਦ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਰਕਾਰ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ਅੱਜ ਇੱਥੇ ਹੋਈ, ਜਿਸ ਵਿੱਚ ਵੱਖ-ਵੱਖ ਰਾਜਨੀਤਿਕ ਖੇਤਰ ਦੇ ਨੇਤਾਵਾਂ ਨੇ ਸ਼ਿਰਕਤ ਕੀਤੀ। ਮੀਟਿੰਗ ਮਗਰੋਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਵਿਰੋਧੀ ਧਿਰ ਬਗ਼ੈਰ ਕਿਸੇ ਗੱਲ ਤੋਂ ਮੁੱਦੇ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਕਿਉਂਕਿ ਉਸ ਕੋਲ ਸਰਕਾਰ ਵਿਰੁੱਧ ਕੁਝ ਨਹੀਂ। ਉਨ੍ਹਾਂ ਦੀ ਸਰਕਾਰ ਅਗਨੀਪਥ ਸਮੇਤ ਸਾਰੇ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹੈ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੈਰਹਾਜ਼ਰੀ ਲਈ ਵਿਰੋਧੀ ਧਿਰ ਵੱਲੋਂ ਆਲੋਚਨਾ ਕਰਨ ’ਤੇ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ 2014 ਤੋਂ ਪਹਿਲਾਂ ਵੀ ਕਦੇ ਵੀ ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੁੰਦੇ ਸਨ, ਜਦ ਕਿ ਉਦੋਂ ਕਾਂਗਰਸ ਸੱਤਾ ਵਿੱਚ ਸੀ। ਉਨ੍ਹਾਂ ਕਿਹਾ ਕਿ ਸਰਕਾਰ ਮੰਗਲਵਾਰ ਨੂੰ ਸ੍ਰੀਲੰਕਾ ਦੀ ਸਥਿਤੀ ‘ਤੇ ਸਰਬ ਪਾਰਟੀ ਮੀਟਿੰਗ ਕਰੇਗੀ, ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਐੱਸਜੈਸ਼ੰਕਰ ਇਸ ਦੀ ਪ੍ਰਧਾਨਗੀ ਕਰਨਗੇ। ਮੀਟਿੰਗ ’ਚ ਸਰਕਾਰ ਦੀ ਨੁਮਾਇੰਦਗੀ ਸੀਨੀਅਰ ਕੇਂਦਰੀ ਮੰਤਰੀ ਰਾਜਨਾਥ ਸਿੰਘ, ਲੋਕ ਸਭਾ ਦੇ ਉਪ ਨੇਤਾ, ਉਨ੍ਹਾਂ ਦੇ ਕੈਬਨਿਟ ਸਹਿਯੋਗੀ ਅਤੇ ਰਾਜ ਸਭਾ ਵਿੱਚ ਭਾਜਪਾ ਦੇ ਨੇਤਾ ਪੀਯੂਸ਼ ਗੋਇਲ ਅਤੇ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕੀਤੀ।
ਮੀਟਿੰਗ ਵਿੱਚ ਕਾਂਗਰਸ ਦੇ ਮਲਿਕਾਰਜੁਨ ਖੜਗੇ, ਅਧੀਰ ਰੰਜਨ ਚੌਧਰੀ ਅਤੇ ਜੈਰਾਮ ਰਮੇਸ਼, ਡੀਐੱਮਕੇ ਦੇ ਟੀਆਰ ਬਾਲੂ ਅਤੇ ਤਿਰੂਚੀ ਸ਼ਿਵਾ, ਟੀਐੱਮਸੀ ਦੇ ਸੁਦੀਪ ਬੰਦੋਪਾਧਿਆਏ ਅਤੇ ਐੱਨਸੀਪੀ ਦੇ ਸ਼ਰਦ ਪਵਾਰ ਸਮੇਤ ਲਗਪਗ ਸਾਰੀਆਂ ਪਾਰਟੀਆਂ ਦੇ ਨੇਤਾ ਮੌਜੂਦ ਸਨ।