ਆਤਿਸ਼ ਗੁਪਤਾ
ਚੰਡੀਗੜ੍ਹ, 14 ਜਨਵਰੀ
ਹਰਿਆਣਾ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਰਾਜਪਾਲ ਸੱਤਿਆਦੇਵ ਨਾਰਾਇਣ ਆਰਿਆ ਪੰਚਕੂਲਾ, ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪਾਣੀਪਤ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅੰਬਾਲਾ ਵਿੱਚ ਤਿਰੰਗਾ ਝੰਡਾ ਲਹਿਰਾਉਣਗੇ। ਇਸੇ ਤਰ੍ਹਾਂ ਹਰਿਆਣਾ ਦੇ ਹੋਰ ਕੈਬਨਿਟ ਮੰਤਰੀਆਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਿਰੰਗੇ ਲਹਿਰਾਏ ਜਾਣਗੇ। ਦੂਜੇ ਪਾਸੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਗਣਤੰਤਰ ਦਿਵਸ ਵਾਲੇ ਦਿਨ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸਣੇ ਹੋਰਨਾਂ ਮੰਤਰੀਆਂ ਦਾ ਬਾਈਕਾਟ ਕਰਦਿਆਂ ਉਨ੍ਹਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਪ੍ਰਧਾਨ ਰਵੀ ਆਜ਼ਾਦ ਨੇ ਕਿਹਾ ਕਿ 26 ਜਨਵਰੀ ਨੂੰ ਕਿਸੇ ਵੀ ਭਾਜਪਾ ਅਤੇ ਜੇਜੇਪੀ ਨਾਲ ਸਬੰਧਤ ਮੰਤਰੀ ਜਾਂ ਆਗੂ ਨੂੰ ਤਿਰੰਗਾ ਝੰਡਾ ਲਹਿਰਾਉਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 25 ਜਨਵਰੀ ਤੋਂ ਹੀ ਭਾਜਪਾ ਅਤੇ ਜੇਜੇਪੀ ਆਗੂਆਂ ਦੇ ਵਿਰੋਧ ਵਿੱਚ ਜ਼ਿਲ੍ਹਾ ਪੱਧਰ ’ਤੇ ਧਰਨੇ ਦਿੱਤੇ ਜਾਣਗੇ।।