ਮੁੰਬਈ: ਬੰਬੇ ਹਾਈ ਕੋਰਟ ਨੇ ਉਦਯੋਗਪਤੀ ਮੁਕੇਸ਼ ਅੰਬਾਨੀ ਦੀ ਰਿਹਾਇਸ਼ ‘ਅੰਟੀਲੀਆ’ ਨੇੜੇ ਧਮਾਕਾਖੇਜ਼ ਸਮੱਗਰੀ ਮਿਲਣ ਅਤੇ ਕਾਰੋਬਾਰੀ ਮਨਸੁਖ ਹੀਰੇਨ ਦੀ ਹੱਤਿਆ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਪੁਲੀਸ ਮੁਲਾਜ਼ਮ ਪ੍ਰਦੀਪ ਸ਼ਰਮਾ ਨੂੰ ਅੱਜ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਨਾਲ ਹੀ ਇਸ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (ਐੱਨਆਈਏ) ਦੇ ਜਾਂਚ ਕਰਨ ਦੇ ਢੰਗ-ਤਰੀਕੇ ‘ਤੇ ਵੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਜਸਟਿਸ ਰੇਵਤੀ ਮੋਹਿਤੇ ਡੇਰੇ ਅਤੇ ਆਰ ਐੱਨ ਲੱਢਾ ਦੇ ਡਿਵੀਜ਼ਨ ਬੈਂਚ ਨੇ ਨੋਟ ਕੀਤਾ ਕਿ ਐੱਨਆਈਏ ਨੇ ਆਪਣੀ ਜਾਂਚ ਵਿੱਚ ਇਸ ਮਾਮਲੇ ਵਿੱਚ ਮੁਅੱਤਲ ਪੁਲੀਸ ਅਧਿਕਾਰੀ ਸਚਿਨ ਵਾਜ਼ੇ ਨਾਲ ਸ਼ਾਮਲ ਹੋਰ ਸਹਿ-ਸਾਜ਼ਿਸ਼ਕਾਰਾਂ ਬਾਰੇ ਕੋਈ ਜ਼ਿਕਰ ਨਹੀਂ ਕੀਤਾ। ਬੈਂਚ ਨੇ ਕਿਹਾ ਕਿ ਏਜੰਸੀ ਨੇ ‘ਡੂੰਘਾਈ’ ਨਾਲ ਜਾਂਚ ਨਹੀਂ ਕੀਤੀ। -ਪੀਟੀਆਈ