ਮੁੰਬਈ: ਖ਼ਾਲਿਸਤਾਨੀ ਅਨਸਰਾਂ ਵੱਲੋਂ ਸੰਭਾਵੀ ਦਹਿਸ਼ਤੀ ਹਮਲੇ ਦੀਆਂ ਖੁਫ਼ੀਆ ਰਿਪੋਰਟਾਂ ਮਗਰੋਂ ਸੁਰੱਖਿਆ ਦੇ ਲਿਹਾਜ਼ ਤੋਂ ਪੱਬਾਂ ਭਾਰ ਹੋਈ ਮੁੰਬਈ ਪੁਲੀਸ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਰਾਂ ਵਿੱਚ ਹੀ ਰਹਿਣ ਤੇ ਨਵੇਂ ਸਾਲ ਦੇ ਜਸ਼ਨਾਂ ਤੋਂ ਪ੍ਰਹੇਜ਼ ਕਰਨ। ਦਹਿਸ਼ਤੀ ਹਮਲੇ ਦੀ ਧਮਕੀ ਮਗਰੋਂ ਪੁੁਲੀਸ ਨੇ ਮੁੰਬਈ ਦੇ ਪ੍ਰਮੁੱਖ ਰੇਲਵੇ ਸਟੇਸ਼ਨਾਂ ਤੇ ਹੋਰਨਾਂ ਅਹਿਮ ਟਿਕਾਣਿਆਂ ਦੀ ਸੁਰੱਖਿਆ ਵਧਾ ਦਿੱਤੀ ਹੈ। ਨਵੇਂ ਸਾਲ ਦੀ ਪੂਰਬਲੀ ਸੰਧਿਆ ਅਮਨ ਤੇ ਕਾਨੂੰਨ ਦੀ ਬਹਾਲੀ ਲਈ ਪੂਰੀ ਪੁਲੀਸ ਫੋਰਸ ਦੀ ਮੌਜੂਦਗੀ ਯਕੀਨੀ ਬਣਾਉਣ ਲਈ ਪੁਲੀਸ ਮੁਲਾਜ਼ਮਾਂ ਦੀਆਂ ਸਾਰੀਆਂ ਛੁੱਟੀਆਂ ਤੇ ਹਫ਼ਤਾਵਾਰੀ ਛੁੱਟੀ ਰੱਦ ਕਰ ਦਿੱਤੀ ਗਈ ਹੈ। ਇਹੀ ਨਹੀਂ ਕਰੋਨਾਵਾਇਰਸ ਦੇ ਨਵੇਂ ਸਰੂਪ ਓਮੀਕਰੋਨ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਵੀ ਸਿਟੀ ਪੁਲੀਸ ਨੇ ਨਵੇਂ ਸਾਲ ਦੇ ਜਸ਼ਨਾਂ ਅਤੇ ਹੋਟਲਾਂ/ਰੈਸਤਰਾਂ ਸਮੇਤ ਬੰਦ ਜਾਂ ਖੁੱਲ੍ਹੀਆਂ ਥਾਵਾਂ ’ਤੇ ਹੋਣ ਵਾਲੇ ਇਕੱਠਾਂ ’ਤੇ ਪਾਬੰਦੀਆਂ ਲਾਈਆਂ ਹਨ। ਸੀਆਰਪੀਸੀ ਦੀ ਧਾਰਾ 144 ਤਹਿਤ ਹੁਕਮ ਬੁੱਧਵਾਰ ਨੂੰ ਹੀ ਜਾਰੀ ਕਰ ਦਿੱਤੇ ਗਏ ਸਨ। ਮੁੰਬਈ ਪੁਲੀਸ ਨੇ ਇਕ ਟਵੀਟ ਰਾਹੀਂ ਲੋਕਾਂ ਨੂੰ ਨਵੇਂ ਸਾਲ ਦੇ ਜਸ਼ਨਾਂ ਲਈ ਰੱਖੀਆਂ ਪਾਰਟੀਆਂ ਤੋਂ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਗੁਜ਼ਾਰਿਸ਼ ਕੀਤੀ ਗਈ ਹੈ ਕਿ ਉਹ ਬਾਹਰ ਘੁੰਮਣ ਦੀ ਥਾਂ ਆਪਣੇ ਘਰਾਂ ਵਿੱਚ ਰਹਿ ਕੇ ਪਰਿਵਾਰ ਨਾਲ ਨਵੇਂ ਸਾਲ ਦੇ ਜਸ਼ਨ ਮਨਾਉਣ। -ਪੀਟੀਆਈ