ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿ ਭੇਜਣ ਦੀ ਮਨਜ਼ੂਰੀ
ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਿੱਖ ਜਥੇਬੰਦੀਆਂ ਵੱਲੋਂ ਸਵਾਗਤ;
ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਸਿੱਖਾਂ ਦੀ ਮੰਗ ਪ੍ਰਵਾਨ ਕਰ ਲਈ ਹੈ। ਇਸ ਦੀ ਪੁਸ਼ਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤੀ ਹੈ। ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ’ਚ ਭਾਵੇਂ ਰਸਮੀ ਤੌਰ ’ਤੇ ਪ੍ਰਵਾਨਗੀ ਸਬੰਧੀ ਪੱਤਰ ਪ੍ਰਾਪਤ ਨਹੀਂ ਹੋਇਆ ਹੈ ਪਰ ਜਥੇਬੰਦੀ ਨੇ ਇਸ ਮਾਮਲੇ ’ਚ ਕੇਂਦਰ ਨਾਲ ਸੰਪਰਕ ਕੀਤਾ ਸੀ, ਜਿਨ੍ਹਾਂ ਨੇ ਮੌਖਿਕ ਤੌਰ ’ਤੇ ਜਥਾ ਭੇਜਣ ਨੂੰ ਪ੍ਰਵਾਨਗੀ ਦਿੱਤੇ ਜਾਣ ਦੇ ਫ਼ੈਸਲੇ ਦੀ ਪੁਸ਼ਟੀ ਕੀਤੀ ਹੈ। ਜਥੇਬੰਦੀ ਨੂੰ ਇਸ ਸਬੰਧੀ ਪ੍ਰਵਾਨਗੀ ਬਾਰੇ ਰਸਮੀ ਪੱਤਰ ਭਲਕੇ ਮਿਲਣ ਦੀ ਸੰਭਾਵਨਾ ਹੈ।
ਕੁਝ ਦਿਨ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਬੰਧਤ ਵਿਭਾਗ ਨੇ ਇਸ ਬਾਰੇ ਪੰਜਾਬ, ਹਰਿਆਣਾ, ਦਿੱਲੀ ਤੇ ਹੋਰ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਭੇਜ ਕੇ ਜਥੇ ਨਾ ਭੇਜਣ ਦੇ ਫ਼ੈਸਲੇ ਬਾਰੇ ਜਾਣੂ ਕਰਵਾਇਆ ਸੀ। ਇਸ ’ਤੇ ਸਿੱਖ ਜਥੇਬੰਦੀਆਂ ਨੇ ਇਤਰਾਜ਼ ਜਤਾਇਆ ਸੀ। ਸ਼੍ਰੋਮਣੀ ਕਮੇਟੀ ਨੇ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਹਿਲਾਂ ਵਾਂਗ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ ਸੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭੇਜਣ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ ਸਵਾਗਤਯੋਗ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸਮੁੱਚੀ ਮਨੁੱਖਤਾ ਲਈ ਮਹੱਤਤਾ ਰੱਖਦਾ ਹੈ। ਉਨ੍ਹਾਂ ਨੇ ਕੇਂਦਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਵੀ ਅਪੀਲ ਕੀਤੀ ਹੈ। ਇਸੇ ਦੌਰਾਨ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਤੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਭੁਪਿੰਦਰ ਸਿੰਘ ਨੇ ਵੀ ਕੇਂਦਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।
ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਕੋਲ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਲਈ ਲਗਪਗ 1900 ਤੋਂ ਵੱਧ ਸਿੱਖ ਸ਼ਰਧਾਲੂਆਂ ਦੇ ਪਾਸਪੋਰਟ ਪੁੱਜੇ ਸਨ ਪਰ ਕੇਂਦਰ ਸਰਕਾਰ ਦੇ ਪਹਿਲਾਂ ਦੇ ਫ਼ੈਸਲੇ ਦੇ ਮੱਦੇਨਜ਼ਰ ਕਈ ਸ਼ਰਧਾਲੂ ਪਾਸਪੋਰਟ ਵਾਪਸ ਲੈ ਗਏ ਸਨ। ਸਿੱਖ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਜਿਹੜੇ ਸ਼ਰਧਾਲੂਆਂ ਨੇ ਪਾਸਪੋਰਟ ਵਾਪਸ ਲਏ ਸਨ, ਉਨ੍ਹਾਂ ਨਾਲ ਮੁੜ ਰਾਬਤਾ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਦੇ ਪਾਸਪੋਰਟ ਵੀਜ਼ਾ ਲਵਾਉਣ ਲਈ ਭੇਜੇ ਜਾ ਸਕਣ।
ਦੋਵਾਂ ਮੁਲਕਾਂ ਵਿਚਾਲੇ ਮਾਹੌਲ ਸੁਖਾਵਾਂ ਹੋਵੇਗਾ: ਗੜਗੱਜ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੇਂਦਰ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਆਖਿਆ ਸ਼ਰਧਾਲੂਆਂ ਦੇ ਜਥੇ ਪਹਿਲਾਂ ਵਾਂਗ ਹੀ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਰਹਿਣੇ ਚਾਹੀਦੇ ਹਨ।
ਇਸ ਨਾਲ ਦੋਵਾਂ ਮੁਲਕਾਂ ਵਿਚਾਲੇ ਆਪਸੀ ਭਾਈਚਾਰਕ ਸਾਂਝ ਵਧੇਗੀ ਅਤੇ ਮਾਹੌਲ ਸੁਖਾਵਾਂ ਬਣੇਗਾ। ਜਥੇਦਾਰ ਨੇ ਕਿਹਾ ਕਿ ਇਸ ਖਿੱਤੇ ਵਿੱਚ ਅਮਨ ਤੇ ਸ਼ਾਂਤੀ ਲਈ ਦੋਵਾਂ ਦੇਸ਼ਾਂ ਦੇ ਰਿਸ਼ਤੇ ਸੁਖਾਵੇਂ ਹੋਣੇ ਤੇ ਦੁਵੱਲੇ ਵਪਾਰ ਲਈ ਰਸਤੇ ਵੀ ਖੁੱਲ੍ਹਣੇ ਜ਼ਰੂਰੀ ਹਨ।
ਦਿੱਲੀ ਕਮੇਟੀ ਨੇ ਕੇਂਦਰ ਦਾ ਧੰਨਵਾਦ ਕੀਤਾ
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ’ਤੇ ਸਿੱਖ ਜੱਥਾ ਪਾਕਿਸਤਾਨ ਨਾ ਭੇਜਣ ਦਾ ਆਪਣਾ ਫ਼ੈਸਲਾ ਦਿੱਲੀ ਗੁਰਦੁਆਰਾ ਕਮੇਟੀ ਦੀ ਅਪੀਲ ’ਤੇ
ਵਾਪਸ ਲਿਆ ਹੈ ਤੇ ਵਿਦੇਸ਼ ਮੰਤਰਾਲੇ ਨੇ 3 ਹਜ਼ਾਰ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਭੇਜਣ ਦੀ ਆਗਿਆ ਦੇ ਦਿੱਤੀ ਹੈ। ਕਾਲਕਾ ਤੇ ਕਾਹਲੋਂ ਨੇ ਜਥੇ ਭੇਜਣ ਦੀ ਮਨਜ਼ੂਰੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦਾ ਧੰਨਵਾਦ ਕੀਤਾ। ਦੋਵਾਂ ਆਗੂਆਂ ਨੂੰ ਸਿੱਖ ਸ਼ਰਧਾਲੂਆਂ ਨੂੰ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਅਪੀਲ ਵੀ ਕੀਤੀ।