ਸੱਤਿਆ ਪ੍ਰਕਾਸ਼
ਨਵੀਂ ਦਿੱਲੀ, 7 ਜਨਵਰੀ
ਸੈਂਕੜੇ ਕਿਸਾਨ ਰਾਸ਼ਟਰੀ ਰਾਜਧਾਨੀ ਵਿਚ ਤਿੰਨ ਖੇਤ ਕਾਨੂੰਨਾਂ ਵਿਰੁੱਧ ਆਪਣਾ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਤੇ ਅੱਜ ਸੁਪਰੀਮ ਕੋਰਟ ਨੇ ਇੰਨੇ ਵੱਡੇ ਇੱਕਠ ਕਾਰਨ ਕੋਵੀਡ-19 ਦੇ ਫੈਲਣ ਬਾਰੇ ਤੌਖਲੇ ਜ਼ਾਹਰ ਕਰਦਿਆਂ ਕੇਂਦਰ ਨੂੰ ਪੁੱਛਿਆ ਕਿ ਕੀ ਉਹ ਮਹਾਮਾਰੀ ਵਿਰੁੱਧ ਤੈਅ ਕੀਤੇ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਤੁਸੀਂ ਸਾਨੂੰ ਜ਼ਰੂਰ ਦੱਸੋ ਕੀ ਹੋ ਰਿਹਾ ਹੈ? ਕੀ ਕਿਸਾਨ ਕੋਵਿਡ-19 ਤੋਂ ਸੁਰੱਖਿਅਤ ਹਨ। ਪਿਛਲੇ ਸਾਲ ਮਾਰਚ ਵਿਚ ਨਿਜ਼ਾਮੂਦੀਨ ਮਰਕਜ਼ ਵਿਖੇ ਤਬਲੀਗੀ ਜਮਾਤ ਦੇ ਸਮਾਗਮ ਦੌਰਾਨ ਕੋਵਿਡ-19 ਨਿਯਮਾਂ ਦੀ ਕਥਿਤ ਉਲੰਘਣਾ ਦੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਲਈ ਪਾਈ ਪਟੀਸ਼ਨ ਦੀ ਸੁਣਵਾਈ ਦੌਰਾਨ ਚੀਫ ਜਸਟਿਸ ਐੱਸਏ ਬੋਬਡੇ ਨੇ ਇਹ ਗੱਲ ਕਹੀ। ਪਟੀਸ਼ਨਕਰਤਾਵਾਂ ਨੇ ਦੋਸ਼ ਲਾਇਆ ਕਿ ਤਬਲੀਗੀ ਸਮਾਗਮ ਵਿੱਚ ਇਕੱਠ ਦੌਰਾਨ ਕੋਵਿਡ-19 ਨਿਯਮਾਂ ਦੀ ਪਾਲਣਾ ਨਾ ਹੋਣ ਕਾਰਨ ਕੌਮੀ ਰਾਜਧਾਨੀ ਵਿੱਚ ਕਰੋਨਾ ਦਾ ਪਸਾਰ ਤੇਜ਼ੀ ਨਾਲ ਹੋਇਆ ਤੇ ਲੋਕਾਂ ਦੀ ਜ਼ਿੰਦਗੀ ਖਤਰੇ ਵਿੱਚ ਪਈ।