ਜੰਮੂ: ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਅੱਜ ਅਤਿਵਾਦੀਆਂ ਨਾਲ ਹੋਏ ਮੁਕਾਬਲੇ ’ਚ ਫੌਜ ਦਾ ਇੱਕ ਜੂਨੀਅਰ ਕਮਿਸ਼ਨਡ ਅਧਿਕਾਰੀ (ਜੇਸੀਓ) ਸ਼ਹੀਦ ਹੋ ਗਿਆ ਅਤੇ ਇਸ ਦੌਰਾਨ ਇੱਕ ਅਤਿਵਾਦੀ ਮਾਰਿਆ ਗਿਆ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਥਾਨਾਮੰਡੀ ਇਲਾਕੇ ’ਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ਮਗਰੋਂ ਤਾਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀ ਚਲਾ ਦਿੱਤੀ। ਸੁਰੱਖਿਆ ਬਲਾਂ ਵੱਲੋਂ ਜਵਾਬ ਦਿੱਤੇ ਜਾਣ ਮਗਰੋਂ ਮੁਕਾਬਲਾ ਸ਼ੁਰੂ ਹੋ ਗਿਆ। ਜੰਮੂ ’ਚ ਫੌਜ ਦੇ ਲੋਕ ਸੰਪਰਕ ਅਧਿਕਾਰੀ ਲੈਫਟੀਨੈਂਟ ਕਰਨਲ ਦੇਵੇਂਦਰ ਆਨੰਦ ਨੇ ਕਿਹਾ, ‘ਮੁਕਾਬਲੇ ਦੌਰਾਨ ਰਾਸ਼ਟਰੀ ਰਾਈਫਲਜ਼ ਦੇ ਇੱਕ ਜੇਸੀਓ ਨੂੰ ਗੋਲੀਆਂ ਵੱਜੀਆਂ। ਉਸ ਨੂੰ ਤੁਰੰਤ ਸਿਹਤ ਕੇਂਦਰ ਲਿਜਾਇਆ ਗਿਆ ਪਰ ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ’ਚ ਇੱਕ ਅਤਿਵਾਦੀ ਵੀ ਮਾਰਿਆ ਗਿਆ। -ਪੀਟੀਆਈ