Arvind Kejriwal: ਦਿੱਲੀ ਹਾਈਕੋਰਟ ਵੱਲੋਂ ਕੇਜਰੀਵਾਲ ਦੀ ਪਟੀਸ਼ਨ ’ਤੇ ਜਲਦੀ ਸੁਣਵਾਈ ਕਰਨ ਤੋਂ ਇਨਕਾਰ
ਨਵੀਂ ਦਿੱਲੀ, 6 ਦਸੰਬਰ
Excise policy: Delhi HC refuses to prepone hearing on Kejriwal's plea in money laundering case : ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਆਬਕਾਰੀ ਨੀਤੀ ਤਹਿਤ ਮਨੀ ਲਾਂਡਰਿੰਗ ਮਾਮਲੇ ਵਿਚ ਹੇਠਲੀ ਅਦਾਲਤ ਦੇ ਨੋਟਿਸ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਪਹਿਲਾਂ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸ੍ਰੀ ਕੇਜਰੀਵਾਲ ਨੇ ਆਪਣੇ ਖ਼ਿਲਾਫ਼ ਚਾਰਜਸ਼ੀਟ ਦਾਖਲ ਹੋਣ ਤੋਂ ਬਾਅਦ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਕੇਜਰੀਵਾਲ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਹ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰੇ ਕਿਉਂਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਕੋਈ ਮਨਜ਼ੂਰੀ ਨਹੀਂ ਲਈ ਗਈ ਸੀ।
ਜਸਟਿਸ ਮਨੋਜ ਕੁਮਾਰ ਓਹਰੀ ਨੇ ਕਿਹਾ, ‘ਇਸ ਮਾਮਲੇ ਦੀ ਸੁਣਵਾਈ ਉਸੇ ਤਰੀਕ (20 ਦਸੰਬਰ) ਨੂੰ ਹੋਵੇਗੀ। ਮੇਰੇ ਕੋਲ ਕਈ ਸੁਣਵਾਈਆਂ ਲੰਬਿਤ ਪਈਆਂ ਹਨ।’ ਦੱਸਣਾ ਬਣਦਾ ਹੈ ਕਿ ਕੇਜਰੀਵਾਲ ਨੇ ਆਪਣੀ ਪਟੀਸ਼ਨ ’ਤੇ ਸੁਣਵਾਈ ਦੀ ਤਰੀਕ 20 ਦਸੰਬਰ ਤੋਂ ਪਹਿਲਾਂ ਕਰਨ ਦੀ ਮੰਗ ਕੀਤੀ ਸੀ।
ਅਦਾਲਤ ਵੱਲੋਂ ਤਰੀਕ ਬਦਲਣ ਤੋਂ ਇਨਕਾਰ ਕਰਨ ਤੋਂ ਬਾਅਦ ਕੇਜਰੀਵਾਲ ਦੇ ਵਕੀਲ ਨੇ ਅਪੀਲ ਕੀਤੀ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਪਹਿਲਾਂ ਹੀ ਪਟੀਸ਼ਨ ਦੇ ਜਵਾਬ ਦੀ ਇੱਕ ਕਾਪੀ ਸਪਲਾਈ ਕਰਨ ਲਈ ਨਿਰਦੇਸ਼ ਦਿੱਤਾ ਜਾਵੇ। ਅਦਾਲਤ ਨੇ ਈਡੀ ਦੇ ਵਕੀਲ ਨੂੰ ਕਿਹਾ, ‘ਤੁਸੀਂ ਜੋ ਵੀ ਫਾਈਲ ਕਰੋ, ਉਨ੍ਹਾਂ ਨੂੰ ਵੀ ਇਕ ਕਾਪੀ ਦੇ ਦਿਓ। ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ 21 ਨਵੰਬਰ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਕੇਜਰੀਵਾਲ ਖਿਲਾਫ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ। ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੀ ਪਟੀਸ਼ਨ ’ਤੇ ਨੋਟਿਸ ਜਾਰੀ ਕਰਕੇ ਈਡੀ ਤੋਂ ਜਵਾਬ ਮੰਗਿਆ ਸੀ।