ਮੁੰਬਈ, 12 ਨਵੰਬਰ
ਫਿਲਮ ਅਦਾਕਾਰ ਸ਼ਾਹਰੁਖ਼ ਖਾਨ ਦੇ ਪੁੱਤਰ ਆਰੀਅਨ ਖਾਨ ਅੱਜ ਕਰੂਜ਼ ਡਰੱਗ ਪਾਰਟੀ ਨਾਲ ਸਬੰਧਤ ਕੇਸ ਦੀ ਜਾਂਚ ਕਰ ਰਹੀ ਐੱਨਸੀਬੀ ਦੀ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਇਆ ਤੇ ਆਪਣੇ ਬਿਆਨ ਦਰਜ ਕਰਵਾਏ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਆਰੀਅਨ ਬੰਬੇ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਅੱਜ ਦੁਪਹਿਰ ਨੂੰ ਇੱਥੇ ਐੱਨਸੀਬੀ ਦੇ ਦੱਖਣੀ ਮੁੰਬਈ ਸਥਿਤ ਦਫਤਰ ਪੁੱਜਿਆ। ਅਦਾਲਤ ਨੇ ਪਿਛਲੇ ਮਹੀਨੇ ਉਸ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰਦਿਆਂ ਉਸ ਨੂੰ ਹਰ ਸ਼ੁੱਕਰਵਾਰ ਨੂੰ ਐੱਨਸੀਬੀ ਸਾਹਮਣੇ ਪੇਸ਼ ਹੋਣ ਨੂੰ ਕਿਹਾ ਸੀ। ਸੂਤਰਾਂ ਨੇ ਦੱਸਿਆ ਕਿ ਬਾਅਦ ਵਿੱਚ ਉਹ ਐੱਨਸੀਬੀ ਦੇ ਉੱਪ ਡਾਇਰੈਕਟਰ ਜਨਰਲ ਸੰਜੈ ਕੁਮਾਰ ਸਿੰਘ ਦੀ ਪ੍ਰਧਾਨਗੀ ਹੇਠ ਨਵੀ ਮੁੰਬਈ ’ਚ ਐੱਸਆਈਟੀ ਦੇ ਸਾਹਮਣੇ ਪੇਸ਼ ਹੋਇਆ। ਐੱਸਆਈਟੀ ਕਰੂਜ਼ ’ਚੋਂ ਕਥਿਤ ਤੌਰ ’ਤੇ ਨਸ਼ੀਲੇ ਪਦਾਰਥ ਮਿਲਣ ਸਮੇਤ ਘੱਟ ਤੋਂ ਘੱਟ ਛੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ। -ਪੀਟੀਆਈ