DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੋਦੀ ਨੇ ਪੰਜਾਬ ਲਈ 1,600 ਕਰੋੜ ਦਾ ਰਾਹਤ ਪੈਕੇਜ ਐਲਾਨਿਆ

ਗੁਰਦਾਸਪੁਰ ਦੇ ਤਿੱਬਡ਼ੀ ਕੈਂਟ ਪੁੱਜਣ ਮਗਰੋਂ ਪ੍ਰਭਾਵਿਤ ਲੋਕਾਂ ਨਾਲ ਕੀਤੀ ਗੱਲਬਾਤ
  • fb
  • twitter
  • whatsapp
  • whatsapp
featured-img featured-img
ਗੁਰਦਾਸਪੁਰ ਵਿੱਚ ਹੜ੍ਹ ਪੀੜਤਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਪੀਟੀਆਈ
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦਾ ਦੌਰਾ ਕਰਦਿਆਂ ਜਿੱਥੇ ਸੂਬੇ ਲਈ 1600 ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਸ੍ਰੀ ਮੋਦੀ ਹਿਮਚਾਲ ਮਗਰੋਂ ਪੰਜਾਬ ਦੇ ਗੁਰਦਾਸਪੁਰ ’ਚ ਸਥਿਤ ਤਿੱਬੜੀ ਕੈਂਟ ਪੁੱਜੇ। ਉਨ੍ਹਾਂ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ, ਜੋ ਸੂਬੇ ਕੋਲ ਮੌਜੂਦ ਇਸ ਦੇ 12,000 ਕਰੋੜ ਰੁਪਏ ਤੋਂ ਇਲਾਵਾ ਹੋਵੇਗੀ। ਇਸ ਦੌਰਾਨ ਉਨ੍ਹਾਂ ਮ੍ਰਿਤਕਾਂ ਦੇ ਵਾਰਿਸਾਂ ਲਈ 2-2 ਲੱਖ ਰੁਪਏ ਦੇਣ ਤੋਂ ਇਲਾਵਾ ਗੰਭੀਰ ਜ਼ਖ਼ਮੀਆਂ ਲਈ 50,000 ਰੁਪਏ ਦੇਣ ਦਾ ਐਲਾਨ ਕੀਤਾ। ਉਧਰ ਵਿਰੋਧੀ ਧਿਰ ਤੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਪੈਕੇਜ ਨੂੰ ਬੇਰਹਿਮ ਮਜ਼ਾਕ ਕਰਾਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ 50 ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਗਈ ਸੀ ਜਦੋਂਕਿ ਕੇਂਦਰ ਸਰਕਾਰ ਨੇ ਸਿਰਫ਼ ਪੰਜਾਬ ਦੇ ਲੋਕਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ।

ਪ੍ਰਧਾਨ ਮੰਤਰੀ ਸ੍ਰੀ ਮੋਦੀ ਹਵਾਈ ਸਰਵੇਖਣ ਮਗਰੋਂ ਗੁਰਦਾਸਪੁਰ ਪੁੱਜੇ ਜਿਸਨੂੁੰ ਹੜ੍ਹਾਂ ਦੀ ਸਭ ਤੋਂ ਵੱਧ ਮਾਰ ਪਈ ਹੈ। ਉਨ੍ਹਾਂ ਇੱਥੇ ਹੜ੍ਹ ਪ੍ਰਭਾਵਿਤ ਲੋਕਾਂ ਤੋਂ ਇਲਾਵਾ ਐੱਨਡੀਆਰਐੱਫ ਤੇ ਐੱੱਸਡੀਆਰਐੱਫ ਦੀਆਂ ਟੀਮਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਗੁਰਦਾਸਪੁਰ ਵਿੱਚ ਅਧਿਕਾਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਅਤੇ ਰਾਹਤ ਤੇ ਪੁਨਰਵਸੇਬੇ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਇਲਾਵਾ ਨੁਕਸਾਨ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਮੀਟਿੰਗ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੇਂਦਰੀ ਮੰਤਰੀ ਰਵਨੀਤ ਬਿੱਟੂ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਤਰੁਣ ਚੁੱਘ ਵੀ ਮੌਜੂਦ ਸਨ।

Advertisement

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਮਿਲਣ ਵਾਲੀ ਇਹ ਸਹਾਇਤਾ ਰਾਸ਼ੀ ਐੱਸ ਡੀ ਆਰ ਐੱਫ (ਸੂਬਾ ਆਫ਼ਤ ਪ੍ਰਬੰਧਨ ਫੰਡ) ਅਤੇ ਪੀ ਐੱਮ ਕਿਸਾਨ ਸਨਮਾਨ ਨਿਧੀ ਦੀ ਦੂਜੀ ਕਿਸ਼ਤ ਦਾ ਅਗਾਊਂ ਭੁਗਤਾਨ ਹੋਵੇਗੀ। ਦੱਸਣਯੋਗ ਹੈ ਕਿ ਪੰਜਾਬ ਸੰਨ 1988 ਮਗਰੋਂ ਆਏ ਹੁਣ ਤੱਕ ਦੇ ਸਭ ਤੋਂ ਵੱਧ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਇਹ ਹੜ੍ਹ ਸਤਲੁਜ, ਬਿਆਸ ਅਤੇ ਰਾਵੀ ਨਦੀਆਂ ਤੇ ਇਨ੍ਹਾਂ ਦੀਆਂ ਸਹਾਇਕ ਨਦੀਆਂ ’ਚ ਪਹਾੜੀ ਇਲਾਕਿਆਂ ’ਚੋਂ ਆਏ ਬਰਸਾਤੀ ਪਾਣੀ ਕਾਰਨ ਪਾਣੀ ਦਾ ਪੱਧਰ ਵਧਣ ਕਾਰਨ ਆਏ ਹਨ ਜਦਕਿ ਪੰਜਾਬ ਵਿੱਚ ਪਿਛਲੇ ਦਿਨਾਂ ’ਚ ਪਏ ਭਾਰੀ ਮੀਂਹ ਨੇ ਵੀ ਸਥਿਤੀ ਗੰਭੀਰ ਕਰ ਦਿੱਤੀ। ਪੰਜਾਬ ’ਚ ਇਸ ਸਮੇਂ ਹੜ੍ਹਾਂ ਕਾਰਨ ਜਿੱਥੇ 51 ਜਣੇ ਮਾਰੇ ਗਏ ਹਨ, ਉੱਥੇ 1.84 ਲੱਖ ਹੈਕਟੇਅਰ ’ਚ ਬੀਜੀਆਂ ਫ਼ਸਲਾਂ ਨੁਕਸਾਨੀਆਂ ਗਈਆਂ ਹਨ।

ਸੂਬਾ ਸਰਕਾਰ ਨੇ ਹੜ੍ਹਾਂ ਕਾਰਨ ਸੂਬੇ ’ਚ 13,000 ਕਰੋੜ ਦੇ ਨੁਕਸਾਨ ਦਾ ਅੰਦਾਜ਼ਾ ਲਿਆ ਹੈ। ਹੜ੍ਹਾਂ ਕਾਰਨ ਕੁੱਲ 2,064 ਪਿੰਡ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ’ਚ ਸਭ ਤੋਂ ਵੱਧ ਗੁਰਦਾਸਪੁਰ ਜ਼ਿਲ੍ਹੇ ’ਚ ਹਨ, ਜਿਨ੍ਹਾਂ ਦੀ ਗਿਣਤੀ 329 ਹੈ।

ਪ੍ਰਧਾਨ ਮੰਤਰੀ ਨੇ ਪੰਜਾਬੀਆਂ ਨਾਲ ਮਜ਼ਾਕ ਕੀਤਾ: ਕਾਂਗਰਸ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਵੱਲੋਂ ਜਾਰੀ ਕੀਤੇ 1600 ਕਰੋੜ ਰੁਪਏ ਦੇ ਪੈਕੇਜ ਨੂੰ ਬਹੁਤ ਹੀ ਘੱਟ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਤੋਂ ਬਹੁਤ ਉਮੀਦਾਂ ਸਨ, ਪਰ ਉਨ੍ਹਾਂ ਨੇ ਪੰਜਾਬੀਆਂ ਨੂੰ ਬਹੁਤ ਥੋੜ੍ਹੀ ਰਕਮ ਦੇ ਕੇ ਮਜ਼ਾਕ ਕੀਤਾ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਸ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਦੀ ਸੇਵਾ ਵਿੱਚ ਖੜ੍ਹਾ ਰਿਹਾ ਹੈ, ਪਰ ਅੱਜ ਪੰਜਾਬ ਨੂੰ ਲੋੜ ਹੈ ਤਾਂ ਕੇਂਦਰ ਸਰਕਾਰ ਪਿੱਠ ਦਿਖਾ ਰਹੀ ਹੈ। ਉਨ੍ਹਾਂ ਇਸ ਪੈਕੇਜ ਨੂੰ ਨੁਕਸਾਨ ਦੀ ਮਾਤਰਾ ਦੇ ਅਨੁਸਾਰ ਸੋਧਣ ਦੀ ਅਪੀਲ ਕੀਤੀ।

ਪੰਜਾਬ ਨਾਲ ਮੁੜ ਤੋਂ ਕੀਤਾ ਵਿਤਕਰਾ: ਕੈਬਨਿਟ ਮੰਤਰੀ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ, ਹਰਭਜਨ ਸਿੰਘ ਈਟੀਓ, ਬਰਿੰਦਰ ਕੁਮਾਰ ਗੋਇਲ ਅਤੇ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਤੋਂ ਪੰਜਾਬ ਦੇ 60 ਹਜ਼ਾਰ ਕਰੋੜ ਰੁਪਏ ਦੇ ਬਕਾਇਆ ਅਤੇ 20 ਹਜ਼ਾਰ ਕਰੋੜ ਰੁਪਏ ਹੜ੍ਹਾਂ ਦੇ ਨੁਕਸਾਨ ਦੇ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਜਦੋਂ ਕਿ ਪ੍ਰਧਾਨ ਮੰਤਰੀ ਵੱਲੋਂ ਸਿਰਫ਼ 1600 ਕਰੋੜ ਰੁਪਏ ਦਿੱਤੇ ਗਏ ਹਨ।

ਔਜਲਾ ਵੱਲੋਂ ਰਾਹਤ ਪੈਕੇਜ ਨਾਲ ਅਸੰਤੁਸ਼ਟੀ ਦਾ ਪ੍ਰਗਟਾਵਾ

ਅੰਮ੍ਰਿਤਸਰ (ਟਨਸ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਦੌਰੇ ਮਗਰੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨਾਲ ਅਸਹਿਮਤੀ ਤੇ ਨਿਰਾਸ਼ਾ ਪ੍ਰਗਟਾਉਂਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸੂਬੇ ਨਾਲ ਪੱਖਪਾਤੀ ਰਵੱਈਆ ਅਪਣਾਇਆ ਗਿਆ ਹੈ। ਉਨ੍ਹਾਂ ਰਾਹਤ ਪੈਕੇਜ ਨੂੰ ਅਨਿਆਂਪੂਰਨ ਕਰਾਰ ਦਿੰਦਿਆਂ ਕਿਹਾ ਕਿ ਇਹ ਸਮੁੰਦਰ ਵਿੱਚ ਇੱਕ ਬੂੰਦ ਵਾਂਗ ਹੈ।ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਹੈ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਪੰਜਾਬੀ ਭਾਈਚਾਰਾ ਦੇਸ਼ ਦੀ ਸੁਰੱਖਿਆ ਅਤੇ ਹੋਰ ਕਾਰਜਾਂ ਵਿੱਚ ਹਮੇਸ਼ਾ ਅੱਗੇ ਰਿਹਾ ਪਰ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।

‘ਆਪ’ ਤੇ ਕਾਂਗਰਸ ਵੱਲੋਂ ਪੈਕੇਜ ਨਾਕਾਫ਼ੀ ਕਰਾਰ

ਚੰਡੀਗੜ੍ਹ(ਆਤਿਸ਼ ਗੁਪਤਾ): ਆਮ ਆਦਮੀ ਪਾਰਟੀ ‘ਆਪ’ ਅਤੇ ਵਿਰੋਧੀ ਧਿਰ ਕਾਂਗਰਸ ਨੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਜਾਰੀ ਕੀਤੇ 1600 ਕਰੋੜ ਰੁਪਏ ਦੀ ਰਾਸ਼ੀ ਨੂੰ ਨਾਕਾਫ਼ੀ ਦੱਸਿਆ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਜਾਰੀ ਕੀਤੀ ਪੰਜਾਬ ਲਈ ਰਾਹਤ ਰਾਸ਼ੀ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਇਕ ‘ਬੇਰਹਿਮ ਮਜ਼ਾਕ’ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਰ ਕੇ 20 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ ਹੈ, ਜਦੋਂ ਕਿ ਪ੍ਰਧਾਨ ਮੰਤਰੀ ਵੱਲੋਂ ਸਿਰਫ਼ 1600 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ ਹੜ੍ਹਾਂ ਕਾਰਨ ਕਿਸਾਨਾਂ ਦੀ 4.80 ਲੱਖ ਏਕੜ ਫ਼ਸਲ ਪ੍ਰਭਾਵਿਤ ਹੋ ਚੁੱਕੀ ਹੈ ਅਤੇ 52 ਕੀਮਤੀ ਜਾਨਾਂ ਚਲੀਆਂ ਗਈਆਂ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਪੰਜਾਬ ਨੂੰ ਰਾਹਤ ਦੇਣ ਦੀ ਥਾਂ ਮਜ਼ਾਕ ਕੀਤਾ ਹੈ।

ਹਿਮਾਚਲ ਪ੍ਰਦੇਸ਼ ਲਈ 1500 ਕਰੋੜ ਦਾ ਪੈਕੇਜ

ਸ਼ਿਮਲਾ/ਧਰਮਸ਼ਾਲਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਂਹ ਤੇ ਹੜ੍ਹਾਂ ਦੀ ਮਾਰ ਝੱਲ ਰਹੇ ਹਿਮਾਚਲ ਪ੍ਰਦੇਸ਼ ਨੂੰ 1,500 ਕਰੋੜ ਰੁਪਏ ਦਾ ਰਾਹਤ ਪੈਕੇਜ ਦੇਣ ਦਾ ਐਲਾਨ ਕੀਤਾ ਹੈ। ਸੂਬੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਮੌਕੇ ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਲਈ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਸਭ ਤੋਂ ਪਹਿਲਾਂ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ, ਜਿਸ ਮਗਰੋਂ ਉਨ੍ਹਾਂ ਰਾਹਤ ਤੇ ਮੁੜਵਸੇਬੇ ਲਈ ਜਾਰੀ ਕੰਮਾਂ ਤੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਕਾਂਗੜਾ ’ਚ ਮੀਟਿੰਗ ਕੀਤੀ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ, ਭਾਜਪਾ ਆਗੂ, ਪ੍ਰਭਾਵਿਤ ਪਰਿਵਾਰਾਂ ਤੇ ਕਾਂਗੜਾ ਵਿੱਚ ਬਚਾਅ ਕਾਰਜਾਂ ਵਿੱਚ ਜੁਟੇ ਲੋਕਾਂ ਨਾਲ ਕੀਤੀ ਗਈ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਰਾਹਤ ਕਾਰਜਾਂ ਤੇ ਪ੍ਰਭਾਵਿਤ ਇਲਾਕਿਆਂ ਵਿੱਚ ਬੁਨਿਆਦੀ ਢਾਂਚੇ ਦੀ ਮੁੜ ਉਸਾਰੀ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

ਕਾਂਗੜਾ ਵਿੱਚ 11 ਮਹੀਨਿਆਂ ਦੀ ਬੱਚੀ ਨੀਤਿਕਾ ਨੂੰ ਲਾਡ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਪੀਟੀਆਈ

ਜਾਣਕਾਰੀ ਮੁਤਾਬਕ ਕੁੱਲ 1,500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਐੱਸਡੀਆਰਐੱਫ ਤੇ ਪੀਐੱਮ ਕਿਸਾਨ ਸਨਮਾਨ ਨਿਧੀ ਦੀ ਦੂਜੀ ਕਿਸ਼ਤ ਦਾ ਅਗਾਊਂ ਭੁਗਤਾਨ ਹੋਵੇਗੀ। ਪ੍ਰਧਾਨ ਮੰਤਰੀ ਸ੍ਰੀ ਮੋਦੀ ਇਸ ਸੰਕਟ ਕਾਰਨ ਪ੍ਰਭਾਵਿਤ ਪਰਿਵਾਰਾਂ ਨੂੰ ਵੀ ਮਿਲੇ। ਇਸ ਦੌਰਾਨ ਪ੍ਰਧਾਨ ਮੰਤਰੀ ਵੱਲੋਂ 11 ਮਹੀਨਿਆਂ ਦੀ ਨੀਤਿਕਾ ਨਾਮੀਂ ਬੱਚੀ ਨੂੰ ਚੁੱਕਣ ਦੀ ਤਸਵੀਰ ਵੀ ਅੱਜ ਇੰਟਰਨੈੱਟ ’ਤੇ ਵਾਇਰਲ ਹੋਈ, ਜਿਸਦੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਬਚਿਆ। ਇਸ ਦੌਰਾਨ ਕਾਂਗਰਸ ਨੇ ਕੇਂਦਰ ਸਰਕਾਰ ਤੋਂ ਉੱਤਰਾਖੰਡ ਵਿੱਚ ਆਏ ਕੁਦਰਤੀ ਸੰਕਟ ਨੂੰ ਕੌਮੀ ਆਫ਼ਤ ਐਲਾਨਣ ਦੀ ਮੰਗ ਕਰਦਿਆਂ ਸੂਬੇ ’ਚ ਹੋਏ ਨੁਕਸਾਨ ਲਈ 20,000 ਕਰੋੜ ਰੁਪਏ ਦਾ ਰਾਹਤ ਪੈਕੇਜ ਐਲਾਨਣ ਦੀ ਮੰਗ ਕੀਤੀ ਹੈ। -ਪੀਟੀਆਈ

ਰਾਹਤ ਕਾਰਜ ਚਲਾਉਣ ਵਾਲਿਆਂ ਦੀ ਸ਼ਲਾਘਾ

ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਰਾਹਤ ਤੇ ਬਚਾਅ ਕਾਰਜਾਂ ’ਚ ਜੁਟੇ ਐੱਨ ਡੀ ਆਰ ਐੱਫ, ਐੱਸ ਡੀ ਆਰ ਐੱਫ, ਥਲ ਸੈਨਾ, ਸੂਬਾ ਪ੍ਰਸ਼ਾਸਨ ਤੇ ਗੈਰ-ਸਰਕਾਰੀ ਸੰਸਥਾਵਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਵੱਲੋਂ ਦਿੱਤੇ ਗਏ ਮੰਗ ਪੱਤਰ ਤੇ ਕੇਂਦਰੀ ਟੀਮਾਂ ਵੱਲੋਂ ਕੀਤੇ ਮੁਲਾਂਕਣ ਦੇ ਆਧਾਰ ’ਤੇ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਹਿਮਾਚਲ ’ਚ ਬੱਦਲ ਫਟਣ, ਹੜ੍ਹਾਂ ਤੇ ਭਾਰੀ ਮੀਂਹ ਪੈਣ ਕਾਰਨ ਢਿੱਗਾਂ ਡਿੱਗਣ ਕਾਰਨ ਹੋਏ ਨੁਕਸਾਨ ਸਬੰਧੀ ਇੱਕ ਪ੍ਰੈਜ਼ੈਨਟੇਸ਼ਨ ਵੀ ਦੇਖੀ। -ਪੀਟੀਆਈ

ਢਿੱਗਾਂ ਡਿੱਗਣ ਕਾਰਨ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਨਿਰਮੰਡ ਇਲਾਕੇ ਵਿੱਚ ਢਿੱਗਾਂ ਡਿੱਗਣ ਕਾਰਨ ਦੋ ਬੱਚਿਆਂ ਸਣੇ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਇਸ ਘਟਨਾ ਮਗਰੋਂ ਜ਼ਿਲ੍ਹੇ ਵਿੱਚ ਢਿੱਗਾਂ ਡਿੱਗਣ ਕਾਰਨ ਹੁਣ ਤੱਕ ਹੋਈਆਂ ਮੌਤਾਂ ਦੀ ਗਿਣਤੀ ਵਧ ਕੇ 23 ਹੋ ਗਈ ਹੈ। ਇਹ ਘਟਨਾ ਘਾਟੂ ਪੰਚਾਇਤ ਇਲਾਕੇ ਦੇ ਪਿੰਡ ਸ਼ਰਮਾਨੀ ’ਚ ਸੋਮਵਾਰ ਤੜਕੇ 1.30 ਵਜੇ ਵਾਪਰੀ, ਜਿਸ ਦੌਰਾਨ ਭਾਰੀ ਮੀਂਹ ਕਾਰਨ ਢਿੱਗਾਂ ਡਿੱਗਣ ਕਰਕੇ ਦੋ ਘਰ ਢਹਿ ਗਏ। ਮ੍ਰਿਤਕਾਂ ਦੀ ਪਛਾਣ ਬਰੇਸਤੀ ਦੇਵੀ (50), ਪੁੱਤਰ ਚੁੰਨੀ ਲਾਲ (32), ਨੂੰਹ ਅੰਜੂ (25) ਅਤੇ ਪੋਤੀ ਜਾਗ੍ਰਿਤੀ (8) ਅਤੇ ਪੋਤੇ ਭੁਪੇਸ਼ (5) ਵਜੋਂ ਹੋਈ ਹੈ ਜਦਕਿ ਸ਼ਿਵ ਰਾਮ, ਧਰਮ ਦਾਸ ਤੇ ਉਸਦੀ ਪਤਨੀ ਕਲਾ ਦੇਵੀ ਗੰਭੀਰ ਜ਼ਖਮੀ ਹੋ ਗਏ। -ਪੀਟੀਆਈ

Advertisement
×