ਨਵੀਂ ਦਿੱਲੀ, 23 ਮਈ
ਸਮਾਜਵਾਦੀ ਪਾਰਟੀ ਵਿਧਾਇਕ ਆਜ਼ਮ ਖ਼ਾਨ ਨੇ ਸੁਪਰੀਮ ਕੋਰਟ ਦਾ ਰੁਖ ਕਰਦਿਆਂ ਅਲਾਹਾਬਾਦ ਹਾਈ ਕੋਰਟ ਵੱਲੋਂ ਉਸ ਨੂੰ ਜ਼ਮਾਨਤ ਦੇਣ ਲਈ ਰੱਖੀ ਸ਼ਰਤ ਨੂੰ ਚੁਣੌਤੀ ਦਿੱਤੀ ਹੈ। ਖ਼ਾਨ ਨੇ ਦਾਅਵਾ ਕੀਤਾ ਹੈ ਕਿ ਜ਼ਮਾਨਤ ਸ਼ਰਤ ਦੇ ਨਾਂ ਉੱਤੇ ਉਸ ਦੀ ਜੌਹਰ ਯੂਨੀਵਰਸਿਟੀ ਦੀਆਂ ਇਮਾਰਤਾਂ ਨੂੰ ਢਾਹਿਆ ਜਾਵੇਗਾ। ਐਡਵੋਕੇਟ ਨਿਜ਼ਾਮ ਪਾਸ਼ਾ ਨੇ ਜਸਟਿਸ ਡੀ.ਵਾਈ. ਚੰਦਰਚੂੜ ਤੇ ਜਸਟਿਸ ਬੇਲਾ ਐੱਮ. ਤ੍ਰਿਵੇਦੀ ਦੇ ਬੈਂਚ ਨੂੰ ਦੱਸਿਆ ਕਿ ਹਾਈ ਕੋਰਟ ਨੇ ਅੰਤਰਿਮ ਜ਼ਮਾਨਤ ਲਈ ਸ਼ਰਤ ਵਜੋਂ ਯੂਨੀਵਰਸਿਟੀ ਨੂੰ ਢਾਹੁਣ ਦੇ ਹੁਕਮ ਕੀਤੇ ਸਨ ਅਤੇ ਹੁਣ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਹੁਕਮਾਂ ਨੂੰ ਅਮਲ ਵਿੱਚ ਲਿਆਉਣ ਲਈ ਪ੍ਰਵਾਨਗੀ ਮੰਗ ਰਿਹਾ ਹੈ। ਵਕੀਲ ਨੇ ਪਟੀਸ਼ਨ ਤੁਰੰਤ ਸੁਣਵਾਈ ਲਈ ਸੂਚੀਬੱਧ ਕਰਨ ਦੀ ਮੰਗ ਕੀਤੀ ਹੈ। -ਪੀਟੀਆਈ