ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਰਾਜ ਸਭਾ ’ਚ ਪੰਜਾਬ ਦੀ ਨੁਮਾਇੰਦਗੀ ਕਰ ਰਹੇ ਸੰਸਦ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਦੁਪਹਿਰ 2 ਵਜੇ ਸੰਸਦ ਭਵਨ ਦੇ ਸਾਹਮਣੇ ਖੇਤੀ ਆਰਡੀਨੈਂਸਾਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਹੱਥਾਂ ਵਿੱਚ ਬੈਨਰ ਫੜੇ ਹੋਏ ਸਨ ਜਿਨ੍ਹਾਂ ’ਤੇ ‘ਭਾਰਤ ਦੇ ਕਿਸਾਨਾਂ ਦੀ ਰੱਖਿਆ ਕਰੋ, ਕਿਸਾਨ ਵਿਰੋਧੀ ਆਰਡੀਨੈਂਸ ਰੱਦ ਕਰੋ’ ਆਦਿ ਨਾਅਰੇ ਲਿਖੇ ਹੋਏ ਸਨ। ਦੋਵੇਂ ਸੰਸਦ ਮੈਂਬਰਾਂ ਨੇ ਪੰਜਾਬ ਅਤੇ ਹਰਿਆਣਾ ਸਮੇਤ ਮੁਲਕ ਦੇ ਹੋਰ ਹਿੱਸਿਆਂ ’ਚ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੀ ਹਮਾਇਤ ਕੀਤੀ। ਸ੍ਰੀ ਬਾਜਵਾ ਨੇ ਕਿਹਾ ਕਿ ਸਰਕਾਰ ਦਾ ਇਰਾਦਾ ਕਿਸਾਨਾਂ ਦੇ ਅਧਿਕਾਰਾਂ ਨੂੰ ਮਜ਼ਬੂਤ ਕਰਨਾ ਨਹੀਂ ਬਲਕਿ ਹੋਰ ਤਰੀਕਿਆਂ ਨਾਲ ਐੱਮਐੱਸਪੀ ਪ੍ਰਣਾਲੀ ਨੂੰ ਖ਼ਤਮ ਕਰਨਾ ਹੈ। ਊਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਸ਼ਾਂਤਾ ਕੁਮਾਰ ਕਮੇਟੀ ਦੁਆਰਾ ਸੁਝਾਏ ਗਏ ਸੁਧਾਰਾਂ ਨੂੰ ਲਾਗੂ ਕਰਨ ਦੀ ਕੋਸ਼ਿਸ਼ ਹਨ ਜਿਨ੍ਹਾਂ ਨੂੰ ਸਾਲ 2015 ਵਿਚ ਮੁਲਕ ਦੇ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ। ਸ਼ਾਂਤਾ ਕੁਮਾਰ ਕਮੇਟੀ ਨੇ ਸੁਝਾਅ ਦਿੱਤਾ ਸੀ ਕਿ ਕੇਂਦਰ ਸਰਕਾਰ ਝੋਨੇ ਅਤੇ ਕਣਕ ਦੀਆਂ ਫ਼ਸਲਾਂ ਦੀ ਖੁੱਲ੍ਹੀ ਖ਼ਰੀਦ ਨੂੰ ਖ਼ਤਮ ਕਰੇ ਅਤੇ ਖ਼ਰੀਦ ਪ੍ਰਕਿਰਿਆ ਨੂੰ ਰਾਜਾਂ ਦੇ ਹਵਾਲੇ ਕਰੇ। ਇਸ ਤੋਂ ਇਲਾਵਾ ਕਮੇਟੀ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਨੂੰ ਘਟਾਉਣ ਦਾ ਸੁਝਾਅ ਵੀ ਦਿੱਤਾ ਸੀ। ਦੋਵੇਂ ਸੰਸਦ ਮੈਂਬਰਾਂ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਹਰਕਤਾਂ ਵਿਸ਼ੇਸ਼ ਤੌਰ ’ਤੇ ਪੰਜਾਬ ਵਿੱਚ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। ਬਾਜਵਾ ਨੇ ਕਿਹਾ ਕਿ ਖੇਤੀਬਾੜੀ ਹੀ ਅਜਿਹਾ ਸੈਕਟਰ ਸੀ ਜੋ ਤਾਲਾਬੰਦੀ ਦੌਰਾਨ ਵਧਿਆ ਫੁਲਿਆ ਜਦਕਿ ਬਾਕੀ ਸਾਰੇ ਸੈਕਟਰ ਪ੍ਰਭਾਵਿਤ ਹੋਏ। ਹੋਇਆ। ਊਨ੍ਹਾਂ ਕਿਹਾ ਕਿ ਕਿਸਾਨਾਂ ਦਾ ਧੰਨਵਾਦ ਕਰਨ ਦੀ ਬਜਾਏ ਸਰਕਾਰ ਉਨ੍ਹਾਂ ਨੂੰ ਤਿਆਗ ਰਹੀ ਹੈ।