ਪਟਿਆਲਾ ਜੇਲ੍ਹ ’ਚ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖ਼ਤਮ ਕੀਤੀ
ਸਰਬਜੀਤ ਸਿੰਘ ਭੰਗੂ
ਪਟਿਆਲਾ, 8 ਦਸੰਬਰ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ, ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਇਥੇ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੇ। ਇਸ ਦੌਰਾਨ ਰਾਜੋਆਣਾ ਨੇ ਅਕਾਲ ਤਖ਼ਤ ਦੇ ਜਥੇਦਾਰ ਹੱਥੋਂ ਜੂਸ ਪੀ ਕੇ ਆਪਣੀ ਭੁੱਖ ਹੜਤਾਲ ਤੋੜ ਦਿੱਤੀ।
ਇਨ੍ਹਾਂ ਸਾਰਿਆਂ ਵਿਚਾਲੇ ਮੁਲਾਕਾਤ ਸਵੇਰੇ 10 ਵਜੇ ਸ਼ੁਰੂ ਹੋ ਗਈ ਸੀ ਤੇ ਇਹ ਰਾਜੋਆਣਾ ਦੀ ਭੁੱਖ ਹੜਤਾਲ ਸਮਾਪਤ ਕਰਵਾਉਣ ਆਏ ਸਨ। ਰਾਜੋਆਣਾ ਵੱਲੋਂ ਭੁੱਖ ਹੜਤਾਲ ਖਤਮ ਕਰਨ ਬਾਰੇ ਤਿੰਨ ਮੈਂਬਰੀ ਵਫ਼ਦ ਨੇ ਮੁਲਾਕਾਤ ਤੋਂ ਬਾਅਦ ਜੇਲ੍ਹ ਦੇ ਗੇਟ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ। ਇਸ ਮੁਲਾਕਾਤ ਦੌਰਾਨ ਤਿੰਨ ਮੈਂਬਰੀ ਇਸ ਵਫਦ ਨੇ ਸ੍ਰੀ ਰਾਜੋਆਣਾ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਸਬੰਧੀ ਦਾਇਰ ਰਹਿਮ ਦੀ ਅਪੀਲ ਦੇ ਜਲਦੀ ਨਿਬੇੜੇ ਲਈ ਸਮੂਹ ਸਿੱਖ ਸੰਸਥਾਵਾਂ ਨੂੰ ਨਾਲ ਲੈ ਕੇ ਸੰਘਰਸ਼ ਕੀਤਾ ਜਾਵੇਗਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਤੇ ਜਰਨੈਲ ਸਿੰਘ ਕਰਤਾਰਪੁਰ ਸਮੇਤ ਗੁਰਦੁਆਰਾ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਵਿਰਕ ਮੌਜੂਦ ਸਨ।