ਡਾਕਟਰਾਂ ਦੀ ਹੜਤਾਲ ਅਤੇ ਪ੍ਰਦਰਸ਼ਨ ’ਤੇ ਰੋਕ
ਹਰਿਆਣਾ ਸਰਕਾਰ ਨੇ ਸੂਬੇ ਵਿੱਚ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਡਾਕਟਰਾਂ ’ਤੇ ਸਖ਼ਤੀ ਕੀਤੀ ਹੈ। ਸਰਕਾਰ ਨੇ ਸੂਬੇ ’ਚ ਐਸਮਾ ਲਾਗੂ ਕਰਦਿਆਂ 6 ਮਹੀਨੇ ਲਈ ਡਾਕਟਰਾਂ ਜਾਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ ਕਰਨ ’ਤੇ ਰੋਕ ਲਗਾ ਦਿੱਤੀ ਹੈ। ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸੂਬੇ ’ਚ ਗੰਭੀਰ ਬਿਮਾਰ ਤੇ ਹੋਰਨਾਂ ਮਰੀਜ਼ਾਂ ਦੀ ਦੇਖਭਾਲ ਜ਼ਿਆਦਾ ਜ਼ਰੂਰੀ ਹੈ। ਇਸ ਲਈ ਸੂਬੇ ’ਚ ਡਾਕਟਰ ਆਪਣੀ ਡਿਊਟੀ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਜਾਰੀ ਰੱਖਣ।
ਮੁੱਖ ਸਕੱਤਰ ਨੇ ਆਦੇਸ਼ਾਂ ਵਿੱਚ ਕਿਹਾ ਕਿ ਸੂਬੇ ਵਿੱਚ ਅਗਲੇ 6 ਮਹੀਨੇ ਤੱਕ ਸਿਹਤ ਵਿਭਾਗ ਦਾ ਕੋਈ ਵੀ ਡਾਕਟਰ ਜਾਂ ਮੁਲਾਜ਼ਮ ਹੜਤਾਲ ਨਹੀਂ ਕਰ ਸਕਦਾ। ਜੇ ਕਿਸੇ ਡਾਕਟਰ ਵੱਲੋਂ ਹੜਤਾਲ ਜਾਂ ਪ੍ਰਦਰਸ਼ਨ ਕੀਤਾ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਹਰਿਆਣਾ ਸਿਵਲ ਮੈਡੀਕਲ ਐਸੋਸੀਏਸ਼ਨ ਨੇ ਸਰਕਾਰ ਵੱਲੋਂ ਡਾਕਟਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ’ਤੇ 10 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ। ਡਾਕਟਰਾਂ ਐੱਸ ਐੱਮ ਓ ਦੀ ਸਿੱਧੀ ਭਰਤੀ ਦਾ ਵਿਰੋਧ ਕਰ ਰਹੇ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਸਿੱਧੀ ਭਰਤੀ ਕਰਨ ਦੀ ਥਾਂ ਸਿਹਤ ਵਿਭਾਗ ਵਿੱਚ ਕੰਮ ਕਰ ਰਹੇ ਡਾਕਟਰਾਂ ਨੂੰ ਤਰੱਕੀ ਦਿੱਤੀ ਜਾਵੇ। ਇਸ ਤੋਂ ਇਲਾਵਾ ਡਾਕਟਰਾਂ ਵੱਲੋਂ ਗ੍ਰੇਡ ਪੇਅ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਸਿਹਤ ਮੰਤਰੀ ਨੇ ਡਾਕਟਰਾਂ ਨਾਲ ਮੀਟਿੰਗ ਕੀਤੀ
ਹਰਿਆਣਾ ਦੀ ਸਿਹਤ ਮੰਤਰੀ ਡਾ. ਆਰਤੀ ਰਾਓ ਨੇ ਅੱਜ ਡਾਕਟਰਾਂ ਦੀ ਹੜਤਾਲ ਨੂੰ ਲੈ ਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਡਾਕਟਰਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਚਾਰ ਕਰ ਰਹੀ ਹੈ। ਮੰਤਰੀ ਨੇ ਡਾਕਟਰਾਂ ਨੂੰ ਡਿਊਟੀ ’ਤੇ ਵਾਪਸ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਡਾਕਟਰਾਂ ਦੀ ਹੜਤਾਲ ਦੌਰਾਨ ਲੋਕਾਂ ਨੂੰ ਸਿਹਤ ਸਹੂਲਤਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ।
