ਬੀਬੀਐੱਮਬੀ ਵੱਲੋਂ ਸੀਆਈਐੱਸਐੱਫ ਦੀ ਤਾਇਨਾਤੀ ਦਾ ਰਾਹ ਪੱਧਰਾ
ਪੰਜਾਬ ਵੱਲੋਂ ਸਖ਼ਤ ਵਿਰੋਧ ਦਰਜ ਕਰਵਾਉਣ ਦੇ ਬਾਵਜੂਦ ਬੀਬੀਐੱਮਬੀ ਨੇ ਭਾਖੜਾ ਡੈਮ ’ਤੇ ਸੀਆਈਐੱਸਐੱਫ ਦੀ ਤਾਇਨਾਤੀ ਦਾ ਰਾਹ ਪੱਧਰਾ ਕਰ ਦਿੱਤਾ ਹੈ। ਬੀਬੀਐੱਮਬੀ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੀ ਤਾਇਨਾਤੀ ਲਈ ਕੇਂਦਰੀ ਗ੍ਰਹਿ ਮੰਤਰਾਲੇ ਕੋਲ 8.5 ਕਰੋੜ ਰੁਪਏ ਜਮ੍ਹਾਂ ਕਰਵਾਏ ਹਨ। ਦੂਜੇ ਪਾਸੇ ਆਉਂਦੇ ਦਿਨਾਂ ’ਚ ਪੰਜਾਬ ’ਚ ਇਹ ਮੁੱਦਾ ਰਾਜਸੀ ਤੌਰ ’ਤੇ ਹੋਰ ਭਖ ਸਕਦਾ ਹੈ। ਲੰਘੀ 4 ਜੁਲਾਈ ਨੂੰ ਬੀਬੀਐੱਮਬੀ ਦੀ ਪੂਰਨ ਬੋਰਡ ਮੀਟਿੰਗ ’ਚ ਪੰਜਾਬ ਸਰਕਾਰ ਨੇ ਸੀਆਈਐੱਸਐੱਫ ਦੀ ਤਾਇਨਾਤੀ ਦਾ ਵਿਰੋਧ ਕੀਤਾ ਸੀ। ਇਸ ਮਗਰੋਂ ਪੰਜਾਬ ਵਿਧਾਨ ਸਭਾ ਨੇ ਬੀਬੀਐੱਮਬੀ ’ਚ ਸੀਆਈਐੱਸਐੱਫ ਦੀ ਤਾਇਨਾਤੀ ਖ਼ਿਲਾਫ਼ ਮਤਾ ਵੀ ਪਾਸ ਕੀਤਾ ਸੀ। ਹਾਲਾਂਕਿ ਪੰਜਾਬ ਦੇ ਵਿਰੋਧ ਦੇ ਬਾਵਜੂਦ ਬੀਬੀਐੱਮਬੀ ਮੈਨਜਮੈਂਟ ਨੇ ਸੀਆਈਐੱਸਐੱਫ ਦੀ ਤਾਇਨਾਤੀ ਦਾ ਫ਼ੈਸਲਾ ਕੀਤਾ ਤੇ ਸੀਆਈਐੱਸਐੱਫ ਦੀ ਤਾਇਨਾਤੀ ਦੇ ਖਰਚ ਵਜੋਂ 8.5 ਕਰੋੜ ਰੁਪਏ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਜਮ੍ਹਾਂ ਕਰਵਾ ਦਿੱਤੇ ਹਨ। ਸੂਤਰਾਂ ਮੁਤਾਬਕ ਪੂਰਨ ਬੋਰਡ ਮੀਟਿੰਗ ਦੇ ਚਾਰ ਦਿਨਾਂ ਮਗਰੋਂ 8 ਜੁਲਾਈ ਨੇ ਬੀਬੀਐੱਮਬੀ ਮੈਨਜਮੈਂਟ ਨੇ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਪੈਸੇ ਜਮ੍ਹਾਂ ਕਰਵਾ ਦਿੱਤੇ ਸਨ। ਇਸ ਮਗਰੋਂ ਬੋਰਡ ਵਿੱਚ ਪੰਜਾਬ ਦੇ ਮੈਂਬਰਾਂ ਨੇ ਬੀਬੀਐੱਮਬੀ ਨੂੰ ਲਿਖਤੀ ਤੌਰ ’ਤੇ ਜਾਣੂ ਕਰਵਾਇਆ ਕਿ ਪੰਜਾਬ ਸਰਕਾਰ ਸੀਆਈਐੈੱਸਐੱਫ ਦੀ ਤਾਇਨਾਤੀ ਖਰਚ ਲਈ ਸੰਗਠਨ ਨੂੰ ਕੋਈ ਵੀ ਅਦਾਇਗੀ ਨਹੀਂ ਕਰੇਗੀ। ਲਗਪਗ ਦੋ ਮਹੀਨੇ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਬੀਐੱਮਬੀ ਨੂੰ ਸੀਆਈਐੱਸਐੱਫ ਦੀ ਤਾਇਨਾਤੀ ਲਈ 8.5 ਕਰੋੜ ਰੁਪਏ ਜਮ੍ਹਾਂ ਕਰਵਾਉਣ ਲਈ ਲਿਖਿਆ ਸੀ। ਮਈ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਬੀਐੈੱਮਬੀ ’ਤੇ ਸੀਆਈਐੱਸਐੱਫ ਦੀ ਤਾਇਨਾਤੀ ਦਾ ਵਿਰੋਧ ਕਰਦਿਆਂ ਨੂੰ ਇਸ ਨੂੰ ਸੂਬੇ ਦੇ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਸੀ।