ਨਵੀਂ ਦਿੱਲੀ, 18 ਅਗਸਤ
ਪੱਛਮੀ ਬੰਗਾਲ ਸਰਕਾਰ ਵੱਲੋਂ ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਲਈ ਗਠਿਤ ਜਾਂਚ ਕਮਿਸ਼ਨ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਤੋਂ ਜਵਾਬ ਮੰਗਿਆ ਹੈ। ਜਾਂਚ ਕਮਿਸ਼ਨ ਨੂੰ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਚੁਣੌਤੀ ਦਿੱਤੀ ਗਈ ਹੈ। ਸਿਖ਼ਰਲੀ ਅਦਾਲਤ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕੀਤਾ ਹੈ। ਇਸ ਮਾਮਲੇ ’ਤੇ ਅਗਲੀ ਸੁਣਵਾਈ ਹੁਣ 25 ਅਗਸਤ ਨੂੰ ਹੋਵੇਗੀ। ਪਟੀਸ਼ਨਕਰਤਾ ਦੇ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਉਨ੍ਹਾਂ ਅਧਿਕਾਰ ਖੇਤਰ ਦੇ ਆਧਾਰ ਉਤੇ ਬੰਗਾਲ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪੈਗਾਸਸ ਜਾਸੂਸੀ ਕਾਂਡ ਦੀ ਜਾਂਚ ਲਈ ਬੰਗਾਲ ਸਰਕਾਰ ਨੇ ਪਿਛਲੇ ਮਹੀਨੇ ਇਕ ਜਾਂਚ ਕਮਿਸ਼ਨ ਦਾ ਗਠਨ ਕੀਤਾ ਸੀ। ਇਸ ਵਿਚ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਦਨ ਬੀ. ਲੋਕੁਰ ਤੇ ਕਲਕੱਤਾ ਹਾਈ ਕੋਰਟ ਦੇ ਸਾਬਕਾ ਚੀਫ ਜਸਟਿਸ ਜਯੋਤਿਰਮੈ ਭੱਟਾਚਾਰੀਆ ਨੂੰ ਮੈਂਬਰਾਂ ਵੱਜੋਂ ਸ਼ਾਮਲ ਕੀਤਾ ਗਿਆ ਸੀ। -ਪੀਟੀਆਈ