ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਸਰਗਰਮ ਹੋ ਗਏ ਹਨ। ਉਹ ਵੀਰਵਾਰ ਨੂੰ ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਜਨ ਸਭਾ ਤੇ ਰੋਡ ਸ਼ੋਅ ਕਰਨਗੇ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਗੁਰਦਾਸਪੁਰ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ। ‘ਆਪ’ ਵੱਲੋਂ ਹਨੂਮਾਨ ਚੌਕ ਗੁਰਦਾਸਪੁਰ ਵਿੱਚ ਵੱਡੀ ਸਿਆਸੀ ਰੈਲੀ ਰੱਖੀ ਗਈ ਹੈ। ਮੁੱਖ ਮੰਤਰੀ ਵੱਲੋਂ ‘ਆਪ’ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾਵੇਗਾ। ਫਿਰ ਉਹ ਅੰਮ੍ਰਿਤਸਰ ਵਿੱਚ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ। ਇਹ ਰੋਡ ਸ਼ੋਅ ਸ਼ਾਮ 4.30 ਵਜੇ ਹਾਲ ਗੇਟ ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗਾ। ਉਸ ਤੋਂ ਬਾਅਦ ਅੰਮ੍ਰਿਤਸਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਲੋਕਾਂ ਨੂੰ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕਰਨਗੇ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਚੋਣਾਂ ਵਿੱਚ ਪ੍ਰਚਾਰ ਦਾ ਜ਼ਿੰਮਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੋਢਿਆਂ ’ਤੇ ਪੈ ਗਿਆ ਹੈ।