ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਵਾਲੇ ਸਜ਼ਾ ਸਮੀਖਿਆ ਬੋਰਡ (ਐੱਸਆਰਬੀ) ਨੇ 1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ ਸਬੰਧੀ ਫੈਸਲਾ ਟਾਲ ਦਿੱਤਾ ਹੈ। ਭੁੱਲਰ ਇਸ ਸਮੇਂ ਅੰਮ੍ਰਿਤਸਰ ਜੇਲ੍ਹ ’ਚ ਬੰਦ ਹੈ। ਦਿੱਲੀ ਸਰਕਾਰ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਨੂੰ ਬੋਰਡ ਦੀ ਅਗਲੀ ਮੀਟਿੰਗ ਤੱਕ ਟਾਲ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭੁੱਲਰ ਦੀ ਰਿਹਾਈ ਦੀ ਮੰਗ ਜ਼ੋਰ ਫੜ ਗਈ ਸੀ। ਬੋਰਡ ਦੇ ਸੱਤ ਮੈਂਬਰਾਂ ਵਿੱਚ ਤਿਹਾੜ ਜੇਲ੍ਹ ਦਾ ਡਾਇਰੈਕਟਰ ਜਨਰਲ, ਗ੍ਰਹਿ ਅਤੇ ਕਾਨੂੰਨ ਵਿਭਾਗਾਂ ਦਾ ਸਕੱਤਰ, ਦਿੱਲੀ ਸਰਕਾਰ ਦੇ ਸਮਾਜ ਭਲਾਈ ਵਿਭਾਗ ਦਾ ਡਾਇਰੈਕਟਰ, ਇੱਕ ਜ਼ਿਲ੍ਹਾ ਜੱਜ ਅਤੇ ਦਿੱਲੀ ਪੁਲੀਸ ਦਾ ਇੱਕ ਸੀਨੀਅਰ ਅਧਿਕਾਰੀ ਸ਼ਾਮਲ ਹੈ। ਭੁੱਲਰ ਨੂੰ 1993 ਵਿਚ ਦਿੱਲੀ ਵਿਚ ਹੋਏ ਬੰਬ ਧਮਾਕੇ ਵਿਚ 9 ਵਿਅਕਤੀਆਂ ਦੀ ਹੱਤਿਆ ਅਤੇ 31 ਹੋਰਾਂ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਦੋਸ਼ੀ ਠਹਿਰਾਇਆ ਗਿਆ ਸੀ। ਇਸ ਹਮਲੇ ਵਿੱਚ ਯੂਥ ਕਾਂਗਰਸ ਦਾ ਸਾਬਕਾ ਪ੍ਰਧਾਨ ਐੱਮ ਐੱਸ ਬਿੱਟਾ ਵੀ ਜ਼ਖ਼ਮੀ ਹੋਇਆ ਸੀ। ਭੁੱਲਰ ਨੂੰ 25 ਅਗਸਤ, 2001 ’ਚ ਇੱਕ ਮਨੋਨੀਤ ਟਾਡਾ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ। ਸੁਪਰੀਮ ਕੋਰਟ ਵੱਲੋਂ ਮੌਤ ਦੀ ਸਜ਼ਾ ਨੂੰ ਘਟਾ ਦਿੱਤੇ ਜਾਣ ਤੋਂ ਬਾਅਦ ਉਹ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਉਸ ਨੂੰ ਜੂਨ 2015 ਵਿੱਚ ਸਿਹਤ ਕਾਰਨਾਂ ਕਰਕੇ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਹਾਲ ਹੀ ਵਿੱਚ ਸੂਬੇ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਭੁੱਲਰ ਦੀ ਤੁਰੰਤ ਰਿਹਾਈ ਮੰਗੀ ਸੀ। ਉਨ੍ਹਾਂ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਭੁੱਲਰ ਦੀ ਰਿਹਾਈ ’ਚ ਰੁਕਾਵਟ ਪਾਉਣ ਦਾ ਦੋਸ਼ ਲਗਾਇਆ ਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਇਹ ਇੱਕ ਸੰਵੇਦਨਸ਼ੀਲ ਮੁੱਦਾ ਹੈ ਅਤੇ ਅਕਾਲੀ ਦਲ ਇਸ ਉੱਤੇ ਗੰਦੀ ਰਾਜਨੀਤੀ ਕਰ ਰਿਹਾ ਹੈ।