Bihar Assembly polls: ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ 125 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅਗਾਮੀ ਅਸੈਂਬਲੀ ਚੋਣਾਂ ਤੋਂ ਪਹਿਲਾਂ ਇਕ ਲੋਕ ਲੁਭਾਊ ਫੈਸਲੇ ਵਿਚ ਸੂਬੇ ’ਚ ਸਾਰੇ ਘਰੇਲੂ ਖਪਤਕਾਰਾਂ ਨੂੰ 125 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਕੁਮਾਰ ਨੇ ਐਕਸ ’ਤੇ ਇਕ ਪੋਸਟ ਵਿਚ ਐਲਾਨ ਕਰਦਿਆਂ ਕਿਹਾ ਕਿ ਇਸ ਫੈਸਲੇ ਦਾ ਸੂਬੇ ਦੇ 1.67 ਕਰੋੜ ਘਰਾਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਮੁਫ਼ਤੀ ਬਿਜਲੀ ਦਾ ਲਾਭ ਪਹਿਲੀ ਅਗਸਤ ਤੋਂ ਮਿਲਣਾ ਸ਼ੁਰੂ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ, ‘‘ਇਸ ਦਾ ਮਤਲਬ ਹੈ ਕਿ ਜੁਲਾਈ ਦੇ ਬਿੱਲਾਂ ਵਿੱਚ 125 ਯੂਨਿਟਾਂ ਲਈ ਕੋਈ ਚਾਰਜ ਨਹੀਂ ਲਿਆ ਜਾਵੇਗਾ।’’ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ‘ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਸਾਰੇ ਖਪਤਕਾਰਾਂ ਨੂੰ ਸਸਤੀ ਬਿਜਲੀ ਪ੍ਰਦਾਨ ਕਰ ਰਹੀ ਹੈ।’’
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੁਫ਼ਤ ਬਿਜਲੀ ਦਾ ਐਲਾਨ ਅਜਿਹੇ ਮੌਕੇ ਕੀਤਾ ਹੈ ਜਦੋਂ ਉਨ੍ਹਾਂ ਦੇ ਵਿਰੋਧੀ ਅਤੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਅਗਾਮੀ ਚੋਣਾਂ ਦੇ ਮੱਦੇਨਜ਼ਰ ਚੋਣ ਵਾਅਦੇ ਵਜੋਂ ਬਿਹਾਰ ਦੇ ਲੋਕਾਂ ਨੂੰ ‘200 ਯੂਨਿਟ ਮੁਫ਼ਤ ਬਿਜਲੀ’ ਦੇਣ ਦਾ ਐਲਾਨ ਕਰ ਚੁੱਕੇ ਹਨ।
ਮੁੱਖ ਮੰਤਰੀ ਤੇ ਜੇਡੀਯੂ ਸੁਪਰੀਮੋ ਨਿਤੀਸ਼ ਕੁਮਾਰ ਨੇ ਸੋਸ਼ਲ ਮੀਡੀਆ ਪੋਸਟ ਵਿਚ ਬਿਹਾਰ ’ਚ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰਨ ਦੀ ਜ਼ੋਰਦਾਰ ਵਕਾਲਤ ਵੀ ਕੀਤੀ। ਕੁਮਾਰ ਨੇ ਕਿਹਾ ਕਿ ਅਗਲੇ ਤਿੰਨ ਸਾਲਾਂ ਵਿੱਚ ਊਰਜਾ ਦੇ ਬਦਲਵੇਂ ਸਰੋਤ ਰਾਹੀਂ ਰਾਜ ਵਿੱਚ ਅੰਦਾਜ਼ਨ 10,000 ਮੈਗਾਵਾਟ ਬਿਜਲੀ ਪੈਦਾ ਕੀਤੀ ਜਾਵੇਗੀ।
ਕੁਮਾਰ ਨੇ ‘ਕੁਟੀਰ ਜੋਤੀ ਯੋਜਨਾ’ ਬਾਰੇ ਗੱਲ ਕੀਤੀ, ਜੋ ਕਿ ਇੱਕ ਪੂਰੀ ਤਰ੍ਹਾਂ ਰਾਜ-ਫੰਡ ਪ੍ਰਾਪਤ ਯੋਜਨਾ ਹੈ, ਜਿਸ ਵਿੱਚ ਜਨਤਕ ਥਾਵਾਂ ’ਤੇ ਸੋਲਰ ਪੈਨਲਾਂ ਦੇ ਨਾਲ-ਨਾਲ ਗਰੀਬ ਲੋਕਾਂ ਦੇ ਘਰਾਂ ਦੀਆਂ ਛੱਤਾਂ ’ਤੇ ਉਨ੍ਹਾਂ ਦੀ ਸਹਿਮਤੀ ਨਾਲ ਸੋਲਰ ਪੈਨਲ ਲਗਾਉਣੇ ਸ਼ਾਮਲ ਹਨ।