Bihar Election: ਚੋਣ ਕਮਿਸ਼ਨ ਵੱਲੋਂ ਤਰੀਕਾਂ ਦਾ ਐਲਾਨ
ਚੋਣ ਕਮਿਸ਼ਨ ਨੇ ਸੋਮਵਾਰ ਨੂੰ ਬਿਹਾਰ ਵਿਧਾਨ ਸਭਾ ਚੋਣਾਂ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ ਕਿ ਬਿਹਾਰ ਵਿਧਾਨ ਸਭਾ ਚੋਣਾਂ ਦੋ ਗੇੜਾਂ ਵਿੱਚ ਹੋਣਗੀਆਂ। ਚੋਣਾਂ ਦਾ ਪਹਿਲਾਂ ਗੇੜ 6 ਨਵੰਬਰ ਤੇ ਦੂਜਾ ਗੇੜ 11 ਨਵੰਬਰ ਨੂੰ ਹੋਵੇਗਾ। ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੇ ਆਖਰੀ ਦੋ ਗੇੜਾਂ ਤੋਂ ਪਹਿਲਾਂ ਡਾਕ ਰਾਹੀਂ ਆਏ ਮਤਦਾਨ ਪੱਤਰਾਂ ਦੀ ਗਿਣਤੀ ਪੂਰੀ ਕੀਤੀ ਜਾਣੀ ਲਾਜ਼ਮੀ ਹੈ।
ਮੁੱਖ ਚੋਣ ਕਮਿਸ਼ਨਰ ਨੇ ਇੱਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਗਾਮੀ ਬਿਹਾਰ ਵਿਧਾਨ ਸਭਾ ਚੋਣਾਂ ਵਿੱਚ 14 ਲੱਖ ਨਵੇਂ ਵੋਟਰਾਂ ਸਮੇਤ 7.4 ਕਰੋੜ ਤੋਂ ਵੱਧ ਵਿਅਕਤੀ ਵੋਟ ਪਾਉਣ ਦੇ ਯੋਗ ਹਨ। ਉਨ੍ਹਾਂ ਕਿਹਾ ਕਿ ਬਿਹਾਰ ਚੋਣਾਂ ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾਣਗੀਆਂ। ਕੁਮਾਰ ਨੇ ਕਿਹਾ, ‘ਬਿਹਾਰ ਵਿੱਚ ਕੁੱਲ 7.42 ਕਰੋੜ ਵੋਟਰ ਹਨ, ਜਿਨ੍ਹਾਂ ਵਿੱਚੋਂ 3.92 ਕਰੋੜ ਪੁਰਸ਼ ਅਤੇ 3.5 ਕਰੋੜ ਔਰਤਾਂ ਹਨ। 14 ਲੱਖ ਵਿਅਕਤੀ ਪਹਿਲੀ ਵਾਰ ਵੋਟ ਪਾਉਣ ਵਾਲੇ ਅਤੇ 4 ਲੱਖ ਸੀਨੀਅਰ ਸਿਟੀਜ਼ਨ ਵੋਟਰ ਹਨ।" ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਘੱਟੋ-ਘੱਟ 14,000 ਵੋਟਰਾਂ ਦੀ ਉਮਰ 100 ਸਾਲ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਬਿਹਾਰ ਵਿੱਚ ਕੁੱਲ 90,712 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾ ਰਹੇ ਹਨ। ਚੋਣ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਨੂੰ ‘ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਰੋਕਣ ਅਤੇ ਵੋਟਰਾਂ ਜਾਂ ਉਮੀਦਵਾਰਾਂ ਲਈ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਦੀ ਕੋਈ ਗੁੰਜਾਇਸ਼ ਨਾ ਰਹਿਣ ਦੇਣ" ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।
Assembly bypolls: ਪੰਜਾਬ ਸਮੇਤ ਸੱਤ ਰਾਜਾਂ ’ਚ ਜ਼ਿਮਨੀ ਚੋਣ 11 ਨਵੰਬਰ ਨੂੰ
ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਐਲਾਨ ਕੀਤਾ ਕਿ ਪੰਜਾਬ, ਜੰਮੂ ਕਸ਼ਮੀਰ, ਰਾਜਸਥਾਨ, ਉੜੀਸਾ, ਝਾਰਖੰਡ, ਮਿਜ਼ੋਰਮ ਤੇ ਤਿਲੰਗਾਨਾ ’ਚ ਖਾਲੀ ਪਈਆਂ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣ ਲਈ ਵੋਟਾਂ 11 ਨਵੰਬਰ ਨੂੰ ਪੈਣਗੀਆਂ ਅਤੇ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ।