ਨਵੀਂ ਦਿੱਲੀ, 11 ਅਪਰੈਲ
ਭਾਜਪਾ ਨੇ ਅੱਜ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਕੇ ਤ੍ਰਿਣਮੂਲ ਕਾਂਗਰਸ ਆਗੂ ਸੁਜਾਤਾ ਮੰਡਲ ਖ਼ਾਨ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਂਦਿਆਂ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਸੌਂਪੇ ਮੰਗ ਪੱਤਰ ’ਚ ਕਿਹਾ ਹੈ ਕਿ ਸੁਜਾਤਾ ਨੇ ਅਨੁਸੂਚਿਤ ਜਾਤਾਂ ਦੀ ਤੁਲਨਾ ਭਿਖਾਰੀਆਂ ਨਾਲ ਕਰਕੇ ਉਨ੍ਹਾਂ ਦਾ ਅਪਮਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤਾਂ ਵੱਲੋਂ ਭਾਜਪਾ ਨੂੰ ਹਮਾਇਤ ਦਿੱਤੇ ਜਾਣ ਕਾਰਨ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਾਰਟੀ ਵਫ਼ਦ ’ਚ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ, ਪਾਰਟੀ ਜਨਰਲ ਸਕੱਤਰ ਦੁਸ਼ਯੰਤ ਕੁਮਾਰ ਗੌਤਮ ਅਤੇ ਹੋਰ ਆਗੂ ਮੌਜੂਦ ਸਨ। ਭਾਜਪਾ ਵਫ਼ਦ ਨੇ ਕਿਹਾ ਕਿ ਸੁਜਾਤਾ ਵੱਲੋਂ ਆਦਰਸ਼ ਚੋਣ ਜ਼ਾਬਤੇ ਦੇ ਨਾਲ ਨਾਲ ਭਾਰਤੀ ਦੰਡ ਵਿਧਾਨ ਦੀ ਵੀ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਅਜਿਹਾ ਵਿਵਾਦਤ ਬਿਆਨ ਦਿੱਤਾ ਗਿਆ ਹੈ ਸਗੋਂ ਮਮਤਾ ਬੈਨਰਜੀ ਵੱਲੋਂ ਤੈਅ ਕੀਤੇ ਗਏ ਮਾਪਦੰਡਾਂ ’ਤੇ ਹੀ ਤ੍ਰਿਣਮੂਲ ਕਾਂਗਰਸ ਦੇ ਹੋਰ ਆਗੂ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਤ੍ਰਿਣਮੂਲ ਕਾਂਗਰਸ ਵੱਲੋਂ ਸਮਾਜਿਕ ਵਰਗਾਂ ’ਚ ਨਫ਼ਰਤ ਫੈਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਵਫ਼ਦ ਨੇ ਚੋਣ ਕਮਿਸ਼ਨ ਨੂੰ ਕਿਹਾ ਕਿ ਉਹ ਸੁਜਾਤਾ ਮੰਡਲ ਖ਼ਾਨ ਖ਼ਿਲਾਫ਼ ਲੋੜੀਂਦੀ ਕਾਰਵਾਈ ਕਰੇ। ਜ਼ਿਕਰਯੋਗ ਹੈ ਕਿ ਇਕ ਚੋੋਣ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੁਜਾਤਾ ਦਾ ਨਾਮ ਲਏ ਬਿਨਾਂ ਉਸ ਦੇ ਬਿਆਨ ਦਾ ਜ਼ਿਕਰ ਕੀਤਾ ਸੀ। -ਪੀਟੀਆਈ