ਆਤਿਸ਼ ਗੁਪਤਾ
ਚੰਡੀਗੜ੍ਹ, 12 ਜੁਲਾਈ
ਪਿਛਲੇ ਲੰਬੇ ਸਮੇਂ ਤੋਂ ਕੇਂਦਰ ਵਿੱਚ ਕਾਬਜ਼ ਐੱਨਡੀਏ ਸਰਕਾਰ ਦੇਸ਼ ਵਿੱਚ ਜਮਹੂਰੀਅਤ ਦਾ ਘਾਣ ਕਰਨ ਵਿੱਚ ਲੱਗੀ ਹੋਈ ਹੈ। ਕੇਂਦਰੀ ਜਾਂਚ ਏਜੰਸੀਆਂ ਈਡੀ, ਸੀਬੀਆਈ, ਆਮਦਨ ਕਰ ਅਤੇ ਰਾਜਪਾਲ ਦਫ਼ਤਰਾਂ ਦੀ ਵਰਤੋਂ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੀਤੀ ਜਾ ਰਹੀ ਹੈ। ਭਾਜਪਾ ਰਾਸ਼ਟਰਪਤੀ ਨੂੰ ਰਬੜ ਦੀ ਮੋਹਰ ਵਾਂਗ ਵਰਤਣਾ ਚਾਹੁੰਦੀ ਹੈ। ਰਾਸ਼ਟਰਪਤੀ ਚੋਣਾਂ ਵਿੱਚ ਵਿਰੋਧੀ ਧਿਰਾਂ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਇਹ ਗੱਲ ਅੱਜ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਸ੍ਰੀ ਸਿਨਹਾ ਚੋਣ ਪ੍ਰਚਾਰ ਤਹਿਤ ਅੱਜ ਚੰਡੀਗੜ੍ਹ ਵਿੱਚ ਹਰਿਆਣਾ ਕਾਂਗਰਸ ਦੇ ਵਿਧਾਇਕਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਸਨ। ਇਸ ਤੋਂ ਪਹਿਲਾਂ ਸਿਨਹਾ ਕੇਰਲਾ, ਤਾਮਿਲਨਾਡੂ, ਛੱਤੀਸਗੜ੍ਹ, ਤਿਲੰਗਾਨਾ, ਕਰਨਾਟਕ, ਗੁਜਰਾਤ, ਜੰਮੂ ਕਸ਼ਮੀਰ ਅਤੇ ਰਾਜਸਥਾਨ ਦਾ ਦੌਰਾ ਕਰ ਚੁੱਕੇ ਹਨ।
ਯਸ਼ਵੰਤ ਸਿਨਹਾ ਨੇ ਕਿਹਾ ਕਿ ਭਾਰਤ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਬਹੁਤ ਮੁਸ਼ਕਲ ਹਾਲਾਤ ਵਿੱਚ ਹੋ ਰਹੀ ਹੈ। ਇਸ ਤੋਂ ਪਹਿਲਾਂ ਐਮਰਜੈਂਸੀ ਸਮੇਂ ਵੀ ਭਾਰਤ ਦੇ ਸੰਵਿਧਾਨ ਨੂੰ ਅਜਿਹੀ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਿਆ ਹੈ। ਅੱਜ ਸੱਤਾਧਾਰੀ ਧਿਰ ਦੇ ਲੋਕ ਵਿਰੋਧੀ ਫ਼ੈਸਲਿਆਂ ਕਰਕੇ ਦੇਸ਼ ਦੀ ਅਰਥਵਿਵਸਥਾ ਵਿਗੜਦੀ ਜਾ ਰਹੀ ਹੈ, ਜਿਸ ਨਾਲ ਮਹਿੰਗਾਈ ਅਤੇ ਬੇਰੁਜ਼ਗਾਰੀ ਵਧੀ ਹੈ। ਹਾਕਮ ਧਿਰ ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕਰ ਰਹੀ ਹੈ। ਦੇਸ਼ ਵਿੱਚ ‘ਇਕ ਪਾਰਟੀ-ਇਕ ਸ਼ਾਸਕ’ ਵਾਲਾ ਏਜੰਡਾ ਲਾਗੂ ਕਰਕੇ ਭਾਰਤ ਵਿੱਚ ਚੀਨ ਵਰਗੇ ਹਾਲਾਤ ਬਨਾਉਣ ਦਾ ਕੰਮ ਕਰ ਰਹੀ ਹੈ।
ਸਿਨਹਾ ਨੇ ਕਿਹਾ ਕਿ ਸੱਤਾਧਾਰੀ ਧਿਰ ਨੇ ਦਰੋਪਦੀ ਮੁਰਮੂ ਨੂੰ ਉਮੀਦਵਾਰ ਬਣਾ ਕੇ ਦੇਸ਼ ਦੇ ਪੱਛੜੇ ਹੋਏ ਇਲਾਕੇ ਦੇ ਲੋਕਾਂ ਦੀ ਹਮਦਰਦੀ ਲੈਣ ਦੀ ਕੋਸ਼ਿਸ਼ ਕੀਤੀ ਹੈ, ਪਰ 8 ਸਾਲਾਂ ਵਿੱਚ ਸੱਤਾਧਾਰੀ ਧਿਰ ਨੇ ਕਦੇ ਦੇਸ਼ ਦੇ ਕਬਾਇਲੀ ਇਲਾਕੇ ਵੱਲ ਨਜ਼ਰ ਵੀ ਨਹੀਂ ਮਾਰੀ। ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਤਾਂ ਰਾਸ਼ਟਰਪਤੀ ਨੂੰ ਵੀ ਰਬੜ ਦੀ ਸਟੈਂਪ ਵਜੋਂ ਵਰਤਣਾ ਚਾਹੁੰਦੀ ਹੈ। ਇਸੇ ਲਈ ਰਾਸ਼ਟਰਪਤੀ ਦੇ ਨਾਮਜ਼ਦਗੀ ਪੱਤਰ ਦਾਖਲ ਹੋਣ ਤੋਂ ਬਾਅਦ ਦਰੋਪਦੀ ਮੁਰਮੂ ਇਕ ਵਾਰ ਵੀ ਮੀਡੀਆ ਸਾਹਮਣੇ ਨਹੀਂ ਆਏ। ਇਸ ਮੌਕੇ ਹਰਿਆਣਾ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਭੁਪੇਂਦਰ ਸਿੰਘ ਹੁੱਡਾ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਿਧਾਇਕ ਹਾਜ਼ਰ ਰਹੇ।
‘ਚੋਣ ਜਿੱਤਿਆ ਤਾਂ ਜੰਮੂ-ਕਸ਼ਮੀਰ ਦਾ ਖੁੱਸਿਆ ਦਰਜਾ ਬਹਾਲ ਕਰਾਵਾਂਗਾ’
ਯਸ਼ਵੰਤ ਸਿਨਹਾ ਨੇ ਵਾਅਦਾ ਕੀਤਾ ਕਿ ਜੇਕਰ ਉਹ ਰਾਸ਼ਟਰਪਤੀ ਦੀ ਚੋਣ ਜਿੱਤ ਜਾਂਦੇ ਹਨ ਤਾਂ ਉਹ ਜੰਮੂ-ਕਸ਼ਮੀਰ ਦਾ ਖੁੱਸਿਆ ਵਿਸ਼ੇਸ਼ ਦਰਜਾ ਬਹਾਲ ਕਰਵਾਉਣ ਤੇ ਜਲਦੀ ਹੀ ਉਥੇ ਵਿਧਾਨ ਸਭਾ ਚੋਣਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਚਾਰਾਜੋਈ ਕਰਨਗੇ। ਇਸ ਤੋਂ ਇਲਾਵਾ ਕਸ਼ਮੀਰੀ ਪੰਡਤਾਂ ਦੀ ਸੁਰੱਖਿਆ ਲਈ ਵੀ ਪੁਖਤਾ ਕਦਮ ਚੁੱਕੇ ਜਾਣਗੇ।