ਮੋਦੀ ਦੇ 75ਵੇਂ ਜਨਮ ਦਿਨ ’ਤੇ ਭਾਜਪਾ ਵੱਲੋਂ ‘ਸੇਵਾ ਪੰਦਰਵਾੜੇ’ ਦੀ ਸ਼ੁਰੂਆਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 75ਵੇਂ ਜਨਮ ਦਿਨ ਮੌਕੇ ਅੱਜ ਸੱਤਾਧਾਰੀ ਪਾਰਟੀ ਭਾਜਪਾ ਵੱਲੋਂ 15 ਦਿਨਾਂ ਤੋਂ ਜ਼ਿਆਦਾ ਸਮੇਂ ਲਈ ‘ਸੇਵਾ ਪੰਦਰਵਾੜੇ’ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਇਸ ਦੌਰਾਨ ਕਈ ਪ੍ਰਮੁੱਖ ਸ਼ਖਸੀਅਤਾਂ ਅਤੇ ਆਗੂਆਂ ਨੇ ਮੋਦੀ ਦੀ ਅਗਵਾਈ ਦੀ ਸ਼ਲਾਘਾ ਕੀਤੀ।
ਉੱਧਰ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਆਪਣੇ ਜਨਮ ਦਿਨ ’ਤੇ ਦੇਸ਼-ਵਿਦੇਸ਼ ਤੋਂ ਮਿਲੀਆਂ ਸ਼ੁਭਕਾਮਨਾਵਾਂ, ਆਸ਼ੀਰਵਾਦ ਅਤੇ ਸੁਨੇਹਿਆਂ ਕਾਰਨ ਖ਼ੁਦ ਨੂੰ ਖੁਸ਼ਕਿਸਮਤ ਮਹਿਸੂਸ ਕਰ ਰਹੇ ਹਨ। ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਨਿਤਿਨ ਗਡਕਰੀ ਤੇ ਹੋਰ ਭਾਜਪਾ ਆਗੂਆਂ ਅਤੇ ਦੇਸ਼ ਭਰ ’ਚੋਂ ਕਈ ਹੋਰ ਪਾਰਟੀਆਂ ਦੇ ਆਗੂਆਂ ਨੇ ਵੀ ਮੋਦੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਆਲਮੀ ਆਗੂਆਂ ਨੇ ਵੀ ਮੋਦੀ ਨੂੰ ਵਧਾਈ ਦਿੱਤੀ
ਵਾਸ਼ਿੰਗਟਨ/ਮਾਸਕੋ/ਲੰਡਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ, ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ ਅਤੇ ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਸਣੇ ਕਈ ਆਲਮੀ ਆਗੂਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਵਧਾਈ ਦਿੱਤੀ।