ਆਤਿਸ਼ ਗੁਪਤਾ
ਚੰਡੀਗੜ੍ਹ, 14 ਸਤੰਬਰ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨੇ ‘ਆਪਰੇਸ਼ਨ ਲੋਟਸ’ ਤਹਿਤ ਸਾਡੇ 11 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ਇਕ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਇਨ੍ਹਾਂ ਵਿਧਾਇਕਾਂ ਵਿੱਚ ਦਿਨੇਸ਼ ਚੱਢਾ, ਰਮਨ ਅਰੋੜਾ, ਬੁੱਧ ਰਾਮ, ਕੁਲਵੰਤ ਪੰਡੋਰੀ, ਨਰਿੰਦਰ ਕੌਰ ਭਰਾਜ, ਰਜਨੀਸ਼ ਦਹੀਆ, ਰੂਪਿੰਦਰ ਸਿੰਘ ਹੈਪੀ, ਸ਼ੀਤਲ ਅੰਗੁਰਾਲ, ਮਨਜੀਤ ਸਿੰਘ ਬਿਲਾਸਪੁਰ, ਲਾਭ ਸਿੰਘ ਉਗੋਕੋ ਅਤੇ ਬਲਜਿੰਦਰ ਕੌਰ ਸ਼ਾਮਲ ਹਨ। ਉਹ ‘ਆਪ’ ਦੇ ਇਕ ਦਰਜਨ ਵਿਧਾਇਕਾਂ ਨੂੰ ਨਾਲ ਲੈ ਕੇ ਡੀਜੀਪੀ ਕੋਲ ਸ਼ਿਕਾਇਤ ਕਰਨ ਪਹੁੰਚੇ ਤੇ ਭਾਜਪਾ ਆਗੂਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਆਪਰੇਸ਼ਨ ਲੋਟਸ ਤਹਿਤ ਕਰਨਾਟਕ, ਗੋਆ, ਅਰੁਣਾਚਲ ਪ੍ਰਦੇਸ਼ ‘ਚ ਵਿਧਾਇਕਾਂ ਦੀ ਖਰੀਦੋ-ਫਰੋਖਤ ਕੀਤੀ। ਉਸ ਤੋਂ ਬਾਅਦ ਦਿੱਲੀ ਵਿੱਚ ‘ਆਪ’ ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਾ ਹੋ ਸਕੀ। ਹੁਣ ਪੰਜਾਬ ਵਿੱਚ ਵੀ ਅਜਿਹੀ ਕੋਸਿਸ਼ ਕਰ ਰਹੀ ਹੈ। ਚੀਮਾ ਜਿਨ੍ਹਾਂ ਨਾਲ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਵੀ ਸਨ ਨੇ ਦੋਸ਼ ਲਾਇਆ ਕਿ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਤਾਂ ਮੰਗਲਵਾਰ ਦੀ ਪ੍ਰੈਸ ਕਾਨਫੰਰਸ ਤੋਂ ਬਾਅਦ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਕੱਲੇ ਨਹੀਂ ਹਨ, ਕੁਝ ਹੋਰਨਾਂ ਵਿਧਾਇਕਾਂ ਨੂੰ ਭਾਜਪਾ ਦੇ ਏਜੰਟਾਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ‘ਆਪ’ ਦੇ 35 ਵਿਧਾਇਕਾਂ ਤਕ ਪਹੁੰਚ ਕੀਤੀ ਤੇ ਇਨ੍ਹਾਂ ਵਿਚੋਂ 10 ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।