ਨਵੀਂ ਦਿੱਲੀ, 19 ਸਤੰਬਰ
ਸੀਨੀਅਰ ਕਾਂਗਰਸੀ ਨੇਤਾ ਪੀ. ਚਿਦੰਬਰਮ ਨੇ ਅੱਜ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਖੇਤੀ ਬਿੱਲਾਂ ਦੇ ਵਿਰੁੱਧ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਪਾਰਟੀ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਕਿਸਾਨੀ ਦੇ ਨਾਲ ਹੈ ਜਾਂ ਕਿਸਾਨਾਂ ਦੀ ਜ਼ਿੰਦਗੀ ਖਤਰੇ ਵਿੱਚ ਪਾਉਣ ਵਾਲੀ ਭਾਜਪਾ ਦੇ ਨਾਲ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਨਾਲ ਸਬੰਧਤ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਭਾਜਪਾ ਤੋੜ-ਮਰੋੜ ਕੇ ਪੇਸ਼ ਕਰ ਰਹੀ ਹੈ, ਜਦੋਂਕਿ ਇਸ ਸਰਕਾਰ ਨੇ ਕਾਰਪੋਰੇਟ ਜਗਤ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਸਾਬਕਾ ਵਿੱਤ ਮੰਤਰੀ ਨੇ ਬਿਆਨ ਵਿੱਚ ਕਿਹਾ, ‘ਭਾਜਪਾ ਆਪਣੇ ਹੀ ਜਾਲ ਵਿੱਚ ਫਸ ਗਈ ਹੈ। ਦਹਾਕਿਆਂ ਤੋਂ ਇਹ ਕਾਰੋਬਾਰੀਆਂ ਦੇ ਦਬਦਬੇ ਵਾਲੀ ਪਾਰਟੀ ਰਹੀ ਅਤੇ ਹੁਣ ਵੀ ਹੈ।’