ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹਰਿਮੰਦਰ ਸਾਹਿਬ ’ਚ ਬੰਬ ਦੀ ਧਮਕੀ: ਪੁਲੀਸ ਵੱਲੋਂ ਮੁਲਜ਼ਮ ਦੀ ਸ਼ਨਾਖ਼ਤ

ਅੱਜ ਕੀਤਾ ਜਾ ਸਕਦੈ ਖ਼ੁਲਾਸਾ; ਮੁੱਖ ਮੰਤਰੀ ਨੇ ਸੁਰੱਖਿਆ ਹਾਲਾਤ ਦਾ ਲਿਆ ਜਾੲਿਜ਼ਾ
ਚੰਡੀਗੜ੍ਹ ’ਚ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਿਟੰਗ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।
Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਲਈ ਉਪਰੋਥਲੀ ਆਈਆਂ ਧਮਕੀ ਭਰੀਆਂ ਈ-ਮੇਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਇੱਥੇ ਆਪਣੀ ਰਿਹਾਇਸ਼ ’ਤੇ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸੂਤਰਾਂ ਮੁਤਾਬਕ ਅੰਮ੍ਰਿਤਸਰ ਪੁਲੀਸ ਨੇ ਧਮਕੀ ਭਰੇ ਈਮੇਲ ਭੇਜਣ ਵਾਲੇ ਮੁਲਜ਼ਮ ਦੀ ਸ਼ਨਾਖ਼ਤ ਕਰ ਲਈ ਹੈ ਅਤੇ ਉਸ ਨੂੰ ਕਾਬੂ ਕੀਤੇ ਜਾਣ ਦੀ ਸੂਚਨਾ ਵੀ ਮਿਲੀ ਹੈ। ਬੇਸ਼ੱਕ ਅਧਿਕਾਰਤ ਤੌਰ ’ਤੇ ਇਸ ਦੀ ਕੋਈ ਪੁਸ਼ਟੀ ਨਹੀਂ ਕਰ ਰਿਹਾ ਹੈ ਪ੍ਰੰਤੂ ਭਰੋਸੇਯੋਗ ਸੂਤਰ ਦੱਸਦੇ ਹਨ ਕਿ ਅੰਮ੍ਰਿਤਸਰ ਪੁਲੀਸ ਨੇ ਸੰਜੀਵ ਕੁਮਾਰ ਦੂਬੇ ਨਾਮ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਅੰਮ੍ਰਿਤਸਰ ਪੁਲੀਸ ਭਲਕੇ ਸ਼ੁੱਕਰਵਾਰ ਨੂੰ ਇਸ ਦਾ ਖ਼ੁਲਾਸਾ ਵੀ ਕਰ ਸਕਦੀ ਹੈ। ਅੰਮ੍ਰਿਤਸਰ ਦੇ ਐੱਸਪੀ ਸਿਮਰਨਜੀਤ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਸੂਤਰਾਂ ਮੁਤਾਬਕ ਸ੍ਰੀ ਦਰਬਾਰ ਸਾਹਿਬ ਲਈ ਧਮਕੀ ਭਰੇ ਈਮੇਲ ਲਿਖਣ ਵਾਲਾ ਮੁਲਜ਼ਮ ਪਹਿਲਾਂ ਤਾਮਿਲਨਾਡੂ ਸਰਕਾਰ ਨੂੰ ਵੀ ਧਮਕੀਆਂ ਦੇ ਚੁੱਕਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਇਸ ਮਾਮਲੇ ਦੀ ਜਾਂਚ ਮੰਗ ਚੁੱਕੇ ਹਨ ਅਤੇ ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜ ਈਮੇਲ ਜ਼ਰੀਏ ਸ੍ਰੀ ਹਰਮਿੰਦਰ ਸਾਹਿਬ ’ਚ ਬੰਬ ਰੱਖੇ ਹੋਣ ਦੀ ਧਮਕੀ ਮਿਲ ਚੁੱਕੀ ਹੈ।

ਧਮਕੀ ਭਰੇ ਈਮੇਲ ਲਗਾਤਾਰ ਮਿਲਣ ਮਗਰੋਂ ਸਮੁੱਚਾ ਸਿੱਖ ਭਾਈਚਾਰਾ ਫ਼ਿਕਰਮੰਦ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਇਸ ਮਾਮਲੇ ’ਤੇ ਚਿੰਤਾ ਪ੍ਰਗਟ ਕਰ ਚੁੱਕੇ ਹਨ। ਅੰਮ੍ਰਿਤਸਰ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਆਖ ਚੁੱਕੇ ਹਨ ਕਿ ਧਮਕੀ ਭਰੇ ਈਮੇਲ ਭੇਜਣ ਲਈ ਅਮਰੀਕਾ ਦੀ ਇੱਕ ਕੰਪਨੀ ਦੇ ਪਲੈਟਫਾਰਮ ਨੂੰ ਵਰਤਿਆ ਗਿਆ ਹੈ। ਇਸ ਦੌਰਾਨ ਅੱਜ ਚੰਡੀਗੜ੍ਹ ’ਚ ਮੁੱਖ ਮੰਤਰੀ ਨੇ ਉੱਚ ਪੱਧਰੀ ਸੁਰੱਖਿਆ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸੁਰੱਖਿਆ ਏਜੰਸੀਆਂ ਸਮੇਤ ਪੰਜਾਬ ਪੁਲੀਸ ਪੂਰੀ ਤਰ੍ਹਾਂ ਮੁਸਤੈਦ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਧਰਮਾਂ ਦੇ ਧਾਰਮਿਕ ਅਸਥਾਨ ਪਵਿੱਤਰ ਅਤੇ ਪੂਜਣਯੋਗ ਹਨ ਜਿਨ੍ਹਾਂ ਦੀ ਸੁਰੱਖਿਆ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਮੀਟਿੰਗ ਦੌਰਾਨ ਪੰਜਾਬ ਦੇ ਗ੍ਰਹਿ ਸਕੱਤਰ ਆਲੋਕ ਸ਼ੇਖਰ ਅਤੇ ਡੀਜੀਪੀ ਗੌਰਵ ਯਾਦਵ, ਸੀਨੀਅਰ ਅਧਿਕਾਰੀ ਵੀ. ਨੀਰਜਾ ਤੋਂ ਇਲਾਵਾ ਹੋਰ ਸੀਨੀਅਰ ਪੁਲੀਸ ਅਧਿਕਾਰੀ ਹਾਜ਼ਰ ਸਨ। ਮੁੱਖ ਮੰਤਰੀ ਨੇ ਸੂਬੇ ਦੇ ਮੌਜੂਦਾ ਸੁਰੱਖਿਆ ਹਾਲਾਤ ਬਾਰੇ ਵੀ ਅਧਿਕਾਰੀਆਂ ਤੋਂ ਵਿਸਥਾਰ ਨਾਲ ਰਿਪੋਰਟਾਂ ਲਈਆਂ। ਉਨ੍ਹਾਂ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਵਾਸਤੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ।

Advertisement

ਔਜਲਾ ਦੀ ਮੰਗ ਨਾਲ ਸਹਿਮਤ ਨਹੀਂ ਅਰੋੜਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਲਈ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਦੀ ਕੀਤੀ ਮੰਗ ਨਾਲ ਅਸਹਿਮਤੀ ਜ਼ਾਹਰ ਕੀਤੀ ਹੈ। ਅੱਜ ਜਦੋਂ ਪ੍ਰੈੱਸ ਕਾਨਫ਼ਰੰਸ ’ਚ ਅਰੋੜਾ ਨੂੰ ਇਸ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥ ਹੈ। ਚੇਤੇ ਰਹੇ ਕਿ ਕਾਂਗਰਸੀ ਆਗੂ ਔਜਲਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਦੀ ਮੰਗ ਕੀਤੀ ਹੈ।

ਹੁਣ ਸ਼੍ਰੋਮਣੀ ਕਮੇਟੀ ਨੂੰ ਮਿਲੀ ਧਮਕੀ ਭਰੀ ਈਮੇਲ

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਇਥੇ ਹਰਿਮੰਦਰ ਸਾਹਿਬ ਵਿੱਚ ਬੰਬ ਧਮਾਕਾ ਕਰਨ ਸਬੰਧੀ ਆ ਰਹੀਆਂ ਈਮੇਲਾਂ ਦਾ ਸਿਲਸਿਲਾ ਅੱਜ ਵੀ ਨਹੀਂ ਰੁਕਿਆ। ਉਂਝ ਅੱਜ ਧਮਕੀ ਭਰੀ ਈਮੇਲ ਪੁਲੀਸ ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਕੋਲ ਆਈ ਹੈ। ਦੱਸਣਯੋਗ ਹੈ ਕਿ 14 ਜੁਲਾਈ ਤੋਂ ਲੈ ਕੇ ਹੁਣ ਤੱਕ ਧਮਕੀ ਭਰੇ 6 ਈਮੇਲ ਮਿਲ ਚੁੱਕੇ ਹਨ। ਇਹ ਈਮੇਲ ਵੱਖ-ਵੱਖ ਆਈਪੀ ਐਡਰੈਸ ਤੋਂ ਭੇਜੇ ਗਏ ਹਨ। ਪੁਲੀਸ ਅਧਿਕਾਰੀਆਂ ਨੇ ਭਾਵੇਂ ਅੱਜ ਈਮੇਲ ਮਿਲਣ ਤੋਂ ਇਨਕਾਰ ਕੀਤਾ ਹੈ ਪਰ ਸ਼੍ਰੋਮਣੀ ਕਮੇਟੀ ਦੇ ਸੂਤਰਾਂ ਮੁਤਾਬਕ ਉਨ੍ਹਾਂ ਨੂੰ ਈਮੇਲ ਮਿਲੀ ਹੈ ਜਿਸ ਦੀ ਮੁੱਖ ਮੇਲ ਪੁਲੀਸ ਪ੍ਰਸ਼ਾਸਨ ਨੂੰ ਭੇਜਣ ਦਾ ਦਾਅਵਾ ਕੀਤਾ ਗਿਆ ਹੈ। ਪੁਲੀਸ ਨੇ ਅੱਜ ਵੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸੇ ਤਰ੍ਹਾਂ ਬੀਐੱਸਐੱਫ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ। ਹਰਿਮੰਦਰ ਸਾਹਿਬ ਦਾ ਦੌਰਾ ਕਰਨ ਮਗਰੋਂ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਮੀਡੀਆ ਨੂੰ ਦੱਸਿਆ ਕਿ ਮੁੱਖ ਮੰਤਰੀ ਇਸ ਮਾਮਲੇ ਨੂੰ ਲੈ ਕੇ ਚਿੰਤਤ ਹਨ ਅਤੇ ਸਮੁੱਚੀ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਵਾਂਗ ਹੀ ਬਿਨਾਂ ਕਿਸੇ ਡਰ ਦੇ ਗੁਰੂ ਘਰ ਵਿਖੇ ਨਤਮਸਤਕ ਹੋਵੇ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਰੂ ਘਰ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਗੁਰੂ ਘਰ ਦੇ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਤਹਿ ਤੱਕ ਜਾਣ ਸੂਬੇ ਤੋਂ ਬਾਹਰ ਵੀ ਟੀਮਾਂ ਭੇਜੀਆਂ ਗਈਆਂ ਹਨ ਅਤੇ ਜਲਦੀ ਹੀ ਚੰਗੇ ਨਤੀਜੇ ਸਾਹਮਣੇ ਆਉਣਗੇ। ਇਸ ਦੌਰਾਨ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹਰਿਮੰਦਰ ਸਾਹਿਬ ਸਾਂਝੀਵਾਲਤਾ ਦਾ ਪ੍ਰਤੀਕ ਹੈ, ਜਿੱਥੇ ਹਰ ਧਰਮ ਅਤੇ ਨਸਲ ਦਾ ਵਿਅਕਤੀ ਨਤਮਸਤਕ ਹੋਣ ਲਈ ਪੁੱਜਦਾ ਹੈ ਅਤੇ ਅਜਿਹੇ ਅਸਥਾਨ ’ਤੇ ਧਮਕੀ ਭਰੇ ਈਮੇਲ ਭੇਜਣਾ ਚਿੰਤਾ ਦਾ ਵਿਸ਼ਾ ਹੈ ਅਤੇ ਦੁੱਖਦਾਈ ਵੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ’ਤੇ ਭਰੋਸਾ ਰੱਖ ਕੇ ਪਹਿਲਾਂ ਵਾਂਗ ਬਿਨਾਂ ਕਿਸੇ ਡਰ ਅਤੇ ਭੈਅ ਦੇ ਗੁਰੂ ਘਰ ’ਚ ਨਤਮਸਤਕ ਹੋਣ।

Advertisement