ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 27 ਅਕਤੂਬਰ
ਗੁਰਦੁਆਰਾ ਬੰਗਲਾ ਸਾਹਿਬ ਦੇ ਦਰਸ਼ਨ ਕਰਨ ਲਈ ਪੁੱਜੇ ਕੈਨੇਡੀਅਨ ਹਾਈ ਕਮਿਸ਼ਨਰ ਕੈਮਰੋਨ ਮੈਕੇਅ ਨੇ ਖਾਲਿਸਤਾਨੀ ਜਥੇਬੰਦੀ ਨਾਲ ਨਜਿੱਠਣ ਲਈ ਕੈਨੇਡੀਅਨ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਾਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੈਨੇਡਾ ਵਿੱਚ ਵੱਧ ਰਹੇ ਭਾਰਤ ਵਿਰੋਧੀ ਤੱਤਾਂ ਨਾਲ ਨਜਿੱਠਣ ਲਈ ਉਨ੍ਹਾਂ ਦੀ ਸਰਕਾਰ ਤਤਪਰ ਹੈ। ਇੱਕ ਸਵਾਲ ਦੇ ਜਵਾਬ ਵਿੱਚ ਮੈਕੇਅ ਨੇ ਕਿਹਾ,‘‘ਕੈਨੇਡਾ ਵਿੱਚ ਅਸੀਂ ਸਾਰੇ ਧਰਮਾਂ ਦੇ ਲੋਕਾਂ ਨੂੰ ਪਿਆਰ ਕਰਦੇ ਹਾਂ।’’ ਦੱਸਣਯੋਗ ਹੈ ਕਿ ਭਾਰਤ ਨੇ ਹਾਲ ਹੀ ਵਿੱਚ ਜਸਟਿਨ ਟਰੂਡੋ ਸਰਕਾਰ ਨੂੰ ਓਂਟਾਰੀਓ ਵਿੱਚ ਪਾਬੰਦੀਸ਼ੁਦਾ ਸੰਗਠਨ ਦੁਆਰਾ ਕਰਵਾਈ ਅਖੌਤੀ ਖਾਲਿਸਤਾਨ ਰਾਏਸ਼ੁਮਾਰੀ ਨੂੰ ਰੋਕਣ ਲਈ ਅਪੀਲ ਕੀਤੀ ਸੀ। ਕੇਂਦਰ ਨੇ ਕੈਨੇਡੀਅਨ ਸਰਕਾਰ ਨੂੰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਿਰੁੱਧ ਦਹਿਸ਼ਤ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ ਹੈ। ‘ਭਾਰਤ ਵਿਰੋਧੀ’ ਜਥੇਬੰਦੀਆਂ ਵੱਲੋਂ ਅਖੌਤੀ ਰਾਏਸ਼ੁਮਾਰੀ ਬਾਰੇ ਹਾਈ ਕਮਿਸ਼ਨਰ ਮੈਕੇਅ ਨੇ ਕਿਹਾ, ‘‘ਕੈਨੇਡਾ ਵਿੱਚ ਸਾਰੇ ਧਰਮਾਂ ਦਾ ਸਵਾਗਤ ਹੈ।’’
ਇਸ ਤੋਂ ਪਹਿਲਾਂ ਇੱਕ ਸਵਾਲ ਦਾ ਜਵਾਬ ਦਿੰਦਿਆਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਸੀ ਕਿ ਵੱਖਵਾਦੀ ਸਮੂਹਾਂ ਵੱਲੋਂ ਕਰਵਾਏ ਗਏ ਅਖੌਤੀ ਰਾਏਸ਼ੁਮਾਰੀ ਦਾ ਮੁੱਦਾ ਦਿੱਲੀ ਵਿੱਚ ਕੈਨੇਡੀਅਨ ਹਾਈ ਕਮਿਸ਼ਨ ਅਤੇ ਨਾਲ ਹੀ ਕੈਨੇਡੀਅਨ ਅਧਿਕਾਰੀਆਂ ਕੋਲ ਚੁੱਕਿਆ ਗਿਆ ਹੈ। ਭਾਰਤ ਨੇ ਸਪੱਸ਼ਟ ਕੀਤਾ ਹੈ ਕਿ ਉਹ ਨਵੀਂ ਦਿੱਲੀ, ਓਟਵਾ ਅਤੇ ਹੋਰ ਥਾਵਾਂ ’ਤੇ ਇਨ੍ਹਾਂ ਮੁੱਦਿਆਂ ਖ਼ਿਲਾਫ਼ ਆਵਾਜ਼ ਉਠਾਉਣਾ ਜਾਰੀ ਰੱਖੇਗਾ। ਇਸ ਦੌਰਾਨ, ਭਾਰਤ ਨੇ ਪਿਛਲੇ ਮਹੀਨੇ ਕੈਨੇਡਾ ਵਿੱਚ ਆਪਣੇ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਦੇਸ਼ ਵਿੱਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੇ ਵਿਚਕਾਰ ਚੌਕਸ ਰਹਿਣ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਸੀ। ਇੱਕ ਬਿਆਨ ਵਿੱਚ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ,‘‘ਕੈਨੇਡਾ ਵਿੱਚ ਨਫ਼ਰਤੀ ਅਪਰਾਧਾਂ, ਸੰਪਰਦਾਇਕ ਹਿੰਸਾ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਭਾਰਤ ਨੇ ਇਨ੍ਹਾਂ ਘਟਨਾਵਾਂ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਇਆ ਹੈ ਅਤੇ ਉਨ੍ਹਾਂ ਨੂੰ ਇਨ੍ਹਾਂ ਅਪਰਾਧਾਂ ਦੀ ਜਾਂਚ ਕਰਨ ਦੀ ਬੇਨਤੀ ਕੀਤੀ ਹੈ। ਵਿਦੇਸ਼ ਮੰਤਰਾਲੇ ਅਤੇ ਕੈਨੇਡਾ ’ਚ ਸਾਡੇ ਹਾਈ ਕਮਿਸ਼ਨ/ਕੌਂਸਲੇਟ ਜਨਰਲ ਨੇ ਇਨ੍ਹਾਂ ਘਟਨਾਵਾਂ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਇਆ ਹੈ ਅਤੇ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਉਪਰੋਕਤ ਅਪਰਾਧਾਂ ਦੀ ਜਾਂਚ ਕਰੋ ਅਤੇ ਉਚਿਤ ਕਾਰਵਾਈ ਕਰੋ।’’