ਰਾਜਾ ਵੜਿੰਗ ਖ਼ਿਲਾਫ਼ ਕੇਸ ਦਰਜ
ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਜਾਤੀ ਆਧਾਰਿਤ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਕਪੂਰਥਲਾ ਪੁਲੀਸ ਦੀ ਸਾਈਬਰ ਅਪਰਾਧ ਸ਼ਾਖਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਜਾਤੀ ਆਧਾਰਿਤ ਟਿੱਪਣੀਆਂ ਕਰਨ ਦੇ ਦੋਸ਼ ਹੇਠ ਬੀ ਐੱਨ ਐੱਸ ਅਤੇ ਐੱਸ ਸੀ/ਐੱਸ ਟੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਇਹ ਕੇਸ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਵਾਸੀ ਕਪੂਰਥਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਰਬਜੋਤ ਸਿੰਘ ਨੇ ਦੋਸ਼ ਲਗਾਇਆ ਹੈ ਕਿ ਰਾਜਾ ਵੜਿੰਗ ਨੇ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇ ਪਿਤਾ ਮਰਹਮੂ ਬੂਟਾ ਸਿੰਘ ਖ਼ਿਲਾਫ਼ ਜੋ ਟਿੱਪਣੀਆਂ ਕੀਤੀਆਂ ਹਨ, ਉਨ੍ਹਾਂ ਨਾਲ ਸਮੂਹ ਮਜ਼੍ਹਬੀ ਸਿੱਖ ਭਾਈਚਾਰੇ ਅਤੇ ਪਰਿਵਾਰ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਰਾਜਾ ਵੜਿੰਗ ਨੇ ਆਪਣੀਆਂ ਟਿੱਪਣੀਆਂ ਵਿੱਚ ਉਨ੍ਹਾਂ ਦੇ ਕਾਲੇ ਰੰਗ, ਕਾਬਿਲ ਨਾ ਹੋਣ ਦੇ ਬਾਵਜੂਦ ਮਜ਼੍ਹਬੀ ਸਿੱਖਾਂ ਕਰ ਕੇ ਉਨ੍ਹਾਂ ਨੂੰ ਗ੍ਰਹਿ ਮੰਤਰੀ ਦਾ ਰੁਤਬਾ ਦੇਣ ਸਣੇ ਕਈ ਟਿੱਪਣੀਆਂ ਕੀਤੀਆਂ ਸਨ, ਜਿਸ ਨਾਲ ਸਮਾਜ ਤੇ ਪਰਿਵਾਰ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਇਸ ਮਾਮਲੇ ਵਿੱਚ ਮੁਆਫ਼ੀ ਵੀ ਮੰਗ ਚੁੱਕੇ ਹਨ। ਪੁਲੀਸ ਨੇ ਇਸ ਸਬੰਧ ਵਿੱਚ ਭਾਰਤੀ ਨਿਆਂ ਸੰਹਿਤਾ ਦੀ ਧਾਰਾ 353, 196 ਅਤੇ ਐੱਸ ਸੀ/ਐੱਸ ਟੀ ਐਕਟ ਦੀ ਧਾਰਾ 3(1)(ਯੂ) ਤੇ 3(1)(ਵੀ) ਤਹਿਤ ਕੇਸ ਦਰਜ ਕੀਤਾ ਹੈ।
