ਮੁੰਬਈ: ਬੰਬੇ ਹਾਈ ਕੋਰਟ ਨੇ ਅੱਜ ਕਿਹਾ ਕਿ ਸੀਬੀਆਈ ਨੂੰ ਸਿਰਫ਼ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੀ ਜਾਂਚ ਨਹੀਂ ਕਰਨੀ ਚਾਹੀਦੀ ਹੈ ਸਗੋਂ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਉਨ੍ਹਾਂ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਜਾਂਚ ਹੋਣੀ ਚਾਹੀਦੀ ਹੈ। ਹਾਈ ਕੋਰਟ ਨੇ ਐੱਨਸੀਪੀ ਆਗੂ ਖ਼ਿਲਾਫ਼ ਚੱਲ ਰਹੀ ਜਾਂਚ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਮੰਗੀ। ਬੈਂਚ ਨੇ ਸੀਬੀਆਈ ਨੂੰ ਸੀਲਬੰਦ ਲਿਫ਼ਾਫ਼ੇ ’ਚ ਪ੍ਰਗਤੀ ਰਿਪੋਰਟ ਦਾਖ਼ਲ ਕਰਨ ਲਈ ਕਿਹਾ। ਹਾਈ ਕੋਰਟ ਐੱਨਸੀਪੀ ਆਗੂ ਵੱਲੋਂ ਦਾਖ਼ਲ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਹੈ। ਅਦਾਲਤ ਨੇ ਕਿਹਾ ਕਿ ਸਚਿਨ ਵਜ਼ੇ ਨੂੰ ਬਹਾਲ ਕਰਨ ਵਾਲੀ ਕਮੇਟੀ ਦੇ ਮੈਂਬਰਾਂ ਦੀ ਜਾਂਚ ਵੀ ਕੀਤੀ ਜਾਵੇ। ਬੈਂਚ ਨੇ ਸੀਬੀਆਈ ਤੋਂ ਇਹ ਵੀ ਜਾਣਕਾਰੀ ਮੰਗੀ ਕਿ ਐੱਫਆਈਆਰ ’ਚ ਮੁਲਜ਼ਮਾਂ ਵਾਲੇ ਖਾਨੇ ’ਚ ਦਰਜ ਅਣਪਛਾਤੇ ਵਿਅਕਤੀ ਕੌਣ ਹਨ। ਇਸ ਮਾਮਲੇ ’ਤੇ ਹੁਣ ਅੱਗੇ ਸੁਣਵਾਈ 7 ਜੁਲਾਈ ਨੂੰ ਹੋਵੇਗੀ। -ਪੀਟੀਆਈ