ਨਵੀਂ ਦਿੱਲੀ, 10 ਸਤੰਬਰ
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਸੀਬੀਐੱਸਈ ਇਸ ਮਹੀਨੇ ਬਾਰ੍ਹਵੀਂ ਜਮਾਤ ਕੰਪਾਰਟਮੈਂਟ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਕੋਈ ਵਿਸ਼ੇਸ਼ ਸਹਾਇਤਾ ਨਹੀਂ ਕਰ ਸਕੇਗਾ, ਕਿਉਂਕਿ ਉਨ੍ਹਾਂ ਨੂੰ ਉੱਚ ਸਿੱਖਿਆ ਲਈ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਦਾਖਲ ਹੋਣਾ ਹੈ। ਸੁਪਰੀਮ ਕੋਰਟ ਨੇ ਪਟੀਸ਼ਨ ਦੀ ਸੁਣਵਾਈ ਦੌਰਾਨ ਇਹ ਗੱਲ ਕਹੀ। ਪਟੀਸ਼ਨ ਵਿੱਚ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਦੇ ਕੰਪਾਰਟਮੈਂਟ ਪ੍ਰੀਖਿਆਵਾਂ ਕਰਵਾਉਣ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਇਹ ਉਮੀਦਵਾਰਾਂ ਦੀ ਸਿਹਤ ਲਈ ਨੁਕਸਾਨਦੇਹ ਹੋਵੇਗਾ। ਜਸਟਿਸ ਏਐੱਮ ਖਾਨਵਿਲਕਰ ਦੀ ਅਗਵਾਈ ਹੇਠਲੇ ਬੈਂਚ ਨੇ ਪਟੀਸ਼ਨਰਾਂ ਵੱਲੋਂ ਪੇਸ਼ ਵਕੀਲ ਵਿਵੇਕ ਤਨਖਾ ਨੂੰ ਕਿਹਾ ਕਿ ਉਨ੍ਹਾਂ ਵਿਦਿਆਰਥੀਆਂ ਦਾ ਦਾਖਲਾ ਕਾਲਜਾਂ, ਯੂਨੀਵਸਿਟੀਆਂ ਤੇ ਡੀਮ ਯੂਨੀਵਰਸਿਟੀਆਂ ਵਿੱਚ ਹੋਣਾ ਹੈ ਤੇ ਇਸ ਵਿੱਚ ਸੀਬੀਐੱਸਈ ਕੰਪਾਰਟਮੈਂਟ ਪ੍ਰੀਖਿਆ ਦੇਣ ਵਾਲਿਆਂ ਦੀ ਕੁੱਝ ਖਾਸ ਮਦਦ ਨਹੀਂ ਕਰ ਸਕੇਗਾ।