ਨਵੀਂ ਦਿੱਲੀ, 29 ਦਸੰਬਰ
ਨੈਸ਼ਨਲ ਕਾਂਗਰਸ ਪਾਰਟੀ ਦੇ ਮੁਖੀ ਅਤੇ ਸਾਬਕਾ ਖੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਅੱਜ ਕੇਂਦਰ ਸਰਕਾਰ ’ਤੇ ਸੂਬਿਆਂ ਨਾਲ ਚਰਚਾ ਕੀਤੇ ਬਿਨਾਂ ਨਵੇਂ ਖੇਤੀ ਕਾਨੂੰਨ ਧੱਕੇ ਨਾਲ ਮੜ੍ਹਨ ਦਾ ਦੋਸ਼ ਲਾਇਆ ਤੇ ਕਿਹਾ ਕਿ ਦਿੱਲੀ ’ਚ ਬੈਠ ਕੇ ਖੇਤੀਬਾੜੀ ਨਹੀਂ ਕੀਤੀ ਜਾ ਸਕਦੀ ਕਿਉਂਕਿ ਇਹ ਪਿੰਡਾਂ ’ਚ ਕਿਸਾਨਾਂ ਵੱਲੋਂ ਸਖਤ ਮਿਹਨਤ ਨਾਲ ਕੀਤੀ ਜਾਂਦੀ ਹੈ। ਸ੍ਰੀ ਪਵਾਰ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਵਾਲੇ ਤਿੰਨ ਮੰਤਰੀਆਂ ਦੇ ਗਰੁੱਪ ’ਤੇ ਸਵਾਲ ਖੜ੍ਹੇ ਕਰਦਿਆਂ ਪਵਾਰ
ਕਿਹਾ ਕਿ ਕੇਂਦਰ ਸਰਕਾਰ ਨੂੰ ਉਹ ਆਗੂ ਕਰਨੇ ਚਾਹੀਦੇ ਹਨ ਜਿਨ੍ਹਾਂ ਨੂੰ ਖੇਤੀਬਾੜੀ ਤੇ ਕਿਸਾਨ ਮਸਲਿਆਂ ਦੀ ਡੂੰਘਾਈ ਨਾਲ ਸਮਝ ਹੋਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਸੰਘਰਸ਼ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਪ੍ਰਧਾਨ ਮੰਤਰੀ ਵੱਲੋਂ ਕਿਸਾਨ ਸੰਘਰਸ਼ ਲਈ ਵਿਰੋਧੀ ਧਿਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਗਲਤ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਤੇ ਕਿਸਾਨਾਂ ਵਿਚਾਲੇ ਹੋਣ ਵਾਲੀ ਅਗਲੇ ਗੇੜ ਦੀ ਗੱਲਬਾਤ ਮਸਲਾ ਸੁਲਝਾਉਣ ’ਚ ਨਾਕਾਮ ਰਹੀ ਤਾਂ ਭਲਕੇ ਵਿਰੋਧੀ ਧਿਰਾਂ ਆਪਣਾ ਅਗਲਾ ਐਕਸ਼ਨ ਉਲੀਕਣਗੀਆਂ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਲਾਏ ਜਾ ਰਹੇ ਦੋਸ਼ਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜਦੋਂ ਉਹ ਸੱਤਾ ’ਚ ਸਨ ਤਾਂ ਉਹ ਖੇਤੀ ਸੁਧਾਰ ਲਿਆਉਣਾ ਚਾਹੁੰਦੇ ਸੀ ਪਰ ਇਸ ਢੰਗ ਨਾਲ ਨਹੀਂ। ਉਨ੍ਹਾਂ ਕਿਹਾ, ‘ਦਿੱਲੀ ’ਚ ਬੈਠ ਕੇ ਖੇਤੀਬਾੜੀ ਨਹੀਂ ਕੀਤੀ ਜਾ ਸਕਦੀ ਕਿਉਂਕਿ ਇਹ ਪਿੰਡਾਂ ’ਚ ਮਿਹਨਤਕਸ਼ ਕਿਸਾਨਾਂ ਨਾਲ ਜੁੜੀ ਹੋਈ ਹੈ ਅਤੇ ਇਹ ਮੁੱਦਾ ਸੂਬਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। -ਪੀਟੀਆਈ