ਨਵੀਂ ਦਿੱਲੀ: ਭਾਜਪਾ ਪ੍ਰਧਾਨ ਜੇਪੀ ਨੱਡਾ ਵੱਲੋਂ ਲਾਏ ਗਏ ਦੋਸ਼ਾਂ ਦਾ ਜਵਾਬ ਦਿੰਦਿਆਂ ਅੱਜ ਕਾਂਗਰਸ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਕਰੋਨਾ ਨੂੰ ਸਿਆਸੀ ਮੁੱਦਾ ਬਣਾ ਰਹੀ ਹੈ। ਕਾਂਗਰਸ ਦੇ ਬੁਲਾਰੇ ਅਜੈ ਮਾਕਨ ਨੇ ਕਿਹਾ ਕਿ ਇਹ ਸਿਰਫ਼ ਕਾਂਗਰਸ ਨਹੀਂ ਹੈ ਜੋ ਕੋਵਿਡ-19 ਦੇ ਮੁੱਦੇ ’ਤੇ ਸਰਕਾਰ ਦੀ ਆਲੋਚਨਾ ਕਰ ਰਹੀ ਹੈ। ਬਹੁਤ ਸਾਰੇ ਪੱਤਰਕਾਰ ਤੇ ਮਾਹਿਰ ਵੀ ਸਰਕਾਰ ਦੀ ਨਿੰਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨੇ ਸਰਕਾਰ ਨੂੰ ਬਹੁਤ ਹੀ ਉਸਾਰੇ ਤੇ ਸਾਕਾਰਾਤਮਕ ਸੁਝਾਅ ਭੇਜੇ ਸਨ ਪਰ ਸਰਕਾਰ ਸਿਰਫ਼ ਕਾਂਗਰਸ ਨੂੰ ਵਿਰੋਧੀ ਧਿਰ ਮੰਨ ਕੇ ਹੀ ਬੈਠੀ ਰਹੀ ਤੇ ਇਸੇ ਨੂੰ ਮੁੱਦਾ ਬਣਾਈ ਰੱਖਿਆ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਹਰ ਮਸਲੇ ਦਾ ਸਿਆਸੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਰੋਨਾ ਸੰਕਟ ਨਾਲ ਨਜਿੱਠਣ ’ਚ ਨਾਕਾਮ ਰਹੀ ਹੈ। -ਪੀਟੀਆਈ