ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 15 ਜੂਨ
ਦੇਸ਼ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਨੇ ਅੱਜ ਕਿਸਾਨਾਂ ਦੇ ਹੱਕ ’ਚ ਨਿੱਤਰਦੇ ਹੋਏ 26 ਜੂਨ ਨੂੰ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਨੂੰ ਕੌਮੀ ਪੱਧਰ ’ਤੇ ਮਨਾਉਣ ਦਾ ਫ਼ੈਸਲਾ ਕੀਤਾ ਹੈ। ਟਰੇਡ ਯੂਨੀਅਨ ਆਗੂ ਅਮਰਜੀਤ ਕੌਰ ਨੇ ਦੱਸਿਆ ਕਿ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਚਲਾ ਰਹੇ ਕਿਸਾਨਾਂ ਨੇ ਪਹਿਲਾਂ ਕੜਾਕੇ ਦੀ ਠੰਢ ਤੇ ਹੁਣ ਅੱਤ ਦੀ ਗਰਮੀ ਦੇ ਬਾਵਜੂਦ ਦਿੱਲੀ ਦੇ ਮੋਰਚੇ ਸਾਂਭੇ ਹੋਏ ਹਨ। ਉਨ੍ਹਾਂ ਦੇਸ਼ ਦੀਆਂ ਸਾਰੀਆਂ ਟਰੇਡ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਹ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਦੀ ਗਾਰੰਟੀ ਸਮੇਤ ਹੋਰਨਾਂ ਕਿਸਾਨੀ ਮੰਗਾਂ ਦੀ ਹਮਾਇਤ ਦੇ ਨਾਲ-ਨਾਲ ਖੁੱਲ੍ਹ ਕੇ ਕਿਸਾਨਾਂ ਦੇ ਹੱਕ ਵਿੱਚ ਆਉਣ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਚਾਰ ਨਵੇਂ ਲੇਬਰ ਕੋਡਜ਼, ਤਿੰਨੋਂ ਖੇਤੀ ਕਾਨੂੰਨ ਤੇ ਬਿਜਲੀ ਤਬਦੀਲੀ ਆਰਡੀਨੈਂਸ ਰੱਦ ਕੀਤੇ ਜਾਣ ਤੇ ਕਿਸਾਨਾਂ ਨੂੰ ਐਮਐੱਸਪੀ ਦੀ ਗਾਰੰਟੀ ਦਿੱਤੀ ਜਾਵੇ। ਸਰਵਵਿਆਪੀ ਸਮਾਂਬੱਧ ਮੁਫ਼ਤ ਟੀਕਾਕਰਨ ਯੋਜਨਾ ਲਾਗੂ ਹੋਵੇ, ਹਰ ਲੋੜਵੰਦ ਨੂੰ ਹਰ ਮਹੀਨੇ 10 ਕਿਲੋ ਅਨਾਜ ਤੇ ਆਮਦਨ ਕਰ ਨਾ ਦੇਣ ਵਾਲੇ ਪਰਿਵਾਰਾਂ ਨੂੰ 7500 ਰੁਪਏ ਦਿੱਤੇ ਜਾਣ। ਜਨਤਕ ਖੇਤਰ ਤੇ ਸਰਕਾਰੀ ਮਹਿਕਮਿਆਂ ਦਾ ਨਿੱਜੀਕਰਨ ਬੰਦ ਹੋਵੇ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਕੰਮ ਕਰਨ ਵਾਲੇ ਰੇਲਵੇ, ਕੋਲਾ, ਡਾਕਖ਼ਾਨੇ, ਰੱਖਿਆ ਤੇ ਜਨਤਕ ਖੇਤਰ ਦੀਆਂ ਕੰਪਨੀਆਂ ਦੇ ਮੁਲਾਜ਼ਮਾਂ ਨੂੰ ਕਰੋਨਾ ਯੋਧੇ ਮੰਨ ਕੇ ਮੁਆਵਜ਼ਾ ਨੀਤੀ ਬਣਾਉਣ, ਆਸ਼ਾ, ਆਂਗਣਵਾੜੀ ਮੁਲਾਜ਼ਮਾਂ, ਸੈਨੀਟੇਸ਼ਨ ਮੁਲਾਜ਼ਮਾਂ ਸਮੇਤ ਸਾਰੇ ਫਰੰਟ ਲਾਈਨ ਕਰਮਚਾਰੀਆਂ ਦਾ 50 ਲੱਖ ਦਾ ਬੀਮਾ ਤੇ ਕੋਵਿਡ-19 ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ।