ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਅਗਸਤ
ਕੇਂਦਰੀ ਟਰੇਡ ਯੂਨੀਅਨਾਂ ਨੇ 10 ਅਗਸਤ ਨੂੰ ਡਾਕ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਕੀਤੀ ਜਾਣ ਵਾਲੀ ਹੜਤਾਲ ਦਾ ਸਮਰਥਨ ਕਰਨ ਦਾ ਫ਼ੈਸਲਾ ਲਿਆ ਹੈ।
ਕੇਂਦਰੀ ਟਰੇਡ ਯੂਨੀਅਨਾਂ ਤੇ ਫੈਡਰੇਸ਼ਨਾਂ/ਐਸੋਸੀਏਸ਼ਨਾਂ ਦੇ ਸਾਂਝੇ ਪਲੈਟਫਾਰਮ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਡਾਕ ਸੇਵਾਵਾਂ ਦਾ ਕਾਰਪੋਰੇਟੀਕਰਨ ਤੇ ਨਿੱਜੀਕਰਨ ਕਰਨ ਦੇ ਫ਼ੈਸਲੇ ਖ਼ਿਲਾਫ਼ ਡਾਕ ਕਾਮਿਆਂ ਦੀਆਂ ਵੱਖ-ਵੱਖ ਯੂਨੀਅਨਾਂ ਵੱਲੋਂ 10 ਅਗਸਤ ਨੂੰ ਹੜਤਾਲ ’ਤੇ ਜਾਣ ਦੇ ਲਏ ਗਏ ਫ਼ੈਸਲੇ ਦਾ ਕੇਂਦਰੀ ਟਰੇਡ ਯੂਨੀਅਨਾਂ ਸਮਰਥਨ ਕਰਨਗੀਆਂ। ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ/ਅਦਾਰਿਆਂ ਦੇ ਮੁਲਾਜ਼ਮਾਂ ਨੂੰ ਹੜਤਾਲ ’ਤੇ ਜਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਕਿਉਂਕਿ ਸਰਕਾਰ ਹਰੇਕ ਚੀਜ਼ ਦਾ ਨਿੱਜੀਕਰਨ ਕਰਨ ’ਤੇ ਅੜੀ ਹੋਈ ਹੈ।