DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਦੀ ਹਰ ਸੰਭਵ ਮਦਦ ਕਰੇਗਾ ਕੇਂਦਰ: ਸ਼ਿਵਰਾਜ ਚੌਹਾਨ

ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਜ਼ਿਲ੍ਹੇ ’ਚ ਪੈਂਦੇ ਰਮਦਾਸ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਟਰੈਕਟਰ ’ਤੇ ਬੈਠ ਕੇ ਹਾਲਾਤ ਦਾ ਜਾਇਜ਼ਾ ਲੈਂਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ। ਟਰੈਕਟਰ ਦੀ ਡਰਾਈਵਰ ਸੀਟ ’ਤੇ ਖ਼ੁਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਬੈਠੇ ਹਨ। -ਫੋਟੋ: ਪੀਟੀਆਈ
Advertisement

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸੂਬੇ ਨੂੰ ਸੰਕਟ ਤੋਂ ਉਭਰਨ ਵਾਸਤੇ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਅੱਜ ਮਾਝੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ ਤੇ ਕਪੂਰਥਲਾ ਦਾ ਦੌਰਾ ਕੀਤਾ ਅਤੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਦੀ ਸਮੀਖਿਆ ਕਰਨ ਵਾਸਤੇ ਦੋ ਕੇਂਦਰੀ ਟੀਮਾਂ ਵੀ ਪੰਜਾਬ ਵਿੱਚ ਭੇਜੀਆਂ ਹਨ। ਡੇਰਾ ਬਾਬਾ ਨਾਨਕ ਨੇੜੇ ਪਿੰਡ ਧਰਮਕੋਟ ਰੰਧਾਵਾ ’ਚ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮੁੱਚੀ ਰਿਪੋਰਟ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪਣਗੇ। ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਉਚੇਚੇ ਤੌਰ ’ਤੇ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਵਾਸਤੇ ਭੇਜਿਆ ਹੈ। ਚੌਹਾਨ ਵੱਲੋਂ ਟਰੈਕਟਰ ’ਤੇ ਸਵਾਰ ਹੋ ਕੇ ਪਿੰਡ ਧਰਮਕੋਟ ਪੱਤਣ ਦਾ ਦੌਰਾ ਵੀ ਕੀਤਾ ਗਿਆ। ਉਹ ਦੀਨਾਨਗਰ ਨੇੜੇ ਬਹਿਰਾਮਪੁਰ ਵੀ ਗਏ। ਉਨ੍ਹਾਂ ਨਾਲ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਆਗੂ ਤਰੁਣ ਚੁੱਘ, ਸੁਨੀਲ ਜਾਖੜ, ਸ਼ਵੇਤ ਮਲਿਕ, ਹਰਵਿੰਦਰ ਸਿੰਘ ਸੰਧੂ, ਅਮਰਪਾਲ ਸਿੰਘ ਬੋਨੀ ਅਜਨਾਲਾ ਅਤੇ ਹੋਰ ਆਗੂ ਸ਼ਾਮਲ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਨੇ ਆਖਿਆ ਕਿ ਪੰਜਾਬ ਹਮੇਸ਼ਾ ਹੀ ਭਾਰਤ ਦਾ ਗੌਰਵ ਰਿਹਾ ਹੈ ਅਤੇ ਜਦੋਂ ਵੀ ਦੇਸ਼ ’ਤੇ ਸੰਕਟ ਆਇਆ ਤਾਂ ਸਭ ਤੋਂ ਪਹਿਲਾਂ ਪੰਜਾਬ ਨੇ ਇਸ ਨੂੰ ਆਪਣੇ ਸੀਨੇ ’ਤੇ ਝੱਲਿਆ ਹੈ। ਸੂਬੇ ਦੇ ਲੋਕ ਪੀੜਤ ਮਨੁੱਖਤਾ ਦੀ ਸੇਵਾ ਵਾਸਤੇ ਸਦਾ ਹੀ ਅੱਗੇ ਰਹੇ ਹਨ ਅਤੇ ਦੇਸ਼ ਵਾਸਤੇ ਵਧ-ਚੜ੍ਹ ਕੇ ਕੰਮ ਕੀਤਾ ਹੈ। ਪੰਜਾਬ ਦੇ ਲੋਕਾਂ ਦੀ ਭਾਵਨਾ ਅੱਗੇ ਹਮੇਸ਼ਾ ਨਤਮਸਤਕ ਹੋਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਜਦੋਂ ਸੂਬਾ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ ਤਾਂ ਉਸ ਦੀ ਬਾਂਹ ਫੜੀ ਜਾਵੇਗੀ। ਉਨ੍ਹਾਂ ਕਿਹਾ ਕਿ 1400 ਪਿੰਡ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਨ ਅਤੇ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦਿਆਂ ਸ਼ਿਵਰਾਜ ਚੌਹਾਨ ਨੇ ਕਿਹਾ ਕਿ ਸੰਕਟ ਦੇ ਬਾਵਜੂਦ ਲੋਕਾਂ ਦੇ ਹੌਸਲੇ ਬੁਲੰਦ ਹਨ। ਇਸ ਦੌਰਾਨ ਪੰਜਾਬ ਦੇ ਖੇਤੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਤੋਂ ਜਾਣੂ ਕਰਵਾਇਆ। ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਹਾਲਾਤ ਨਾਲ ਨਜਿੱਠਣ ਲਈ 71 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਨੂੰ 35.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਸਭ ਤੋਂ ਵੱਧ ਪ੍ਰਭਾਵਿਤ 12 ਜ਼ਿਲ੍ਹਿਆਂ ਲਈ 35.50 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਖੁੱਡੀਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਲੋਕਾਂ ਦੀ ਸਾਰ ਲਈ ਅੱਗੇ ਆਵੇ ਅਤੇ ਪੰਜਾਬ ਨੂੰ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ। ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਚੌਹਾਨ ਨੂੰ ਮੰਗ ਪੱਤਰ ਦੇ ਕੇ ਕੇਂਦਰ ਤੋਂ ਹੜ੍ਹ ਪੀੜ੍ਹਤਾਂ ਦੀ ਹਰ ਤਰ੍ਹਾਂ ਨਾਲ ਸਹਾਇਤਾ ਕਰਨ ਦੀ ਮੰਗ ਕੀਤੀ। ਉਨ੍ਹਾਂ ਹੜ੍ਹ ਨਾਲ ਨੁਕਸਾਨੇ ਗਏ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਦੀ ਤੁਰੰਤ ਮੁਰੰਮਤ ਕਰਨ ਦੀ ਵੀ ਮੰਗ ਕੀਤੀ।

ਮੁੱਖ ਮੰਤਰੀ ਦੀ ਸਿਹਤ ਵਿਗੜੀ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਰੱਦ

Advertisement

ਚੰਡੀਗੜ੍ਹ (ਟਨਸ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅੱਜ ਸਵੇਰੇ ਅਚਾਨਕ ਸਿਹਤ ਵਿਗੜ ਗਈ, ਜਿਸ ਕਰਕੇ ਉਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਆਪਣਾ ਦੌਰਾ ਰੱਦ ਕਰ ਦਿੱਤਾ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੂੰ ਅੱਜ ਸਵੇਰੇ ਅਚਾਨਕ ਬੁਖਾਰ ਹੋ ਗਿਆ। ਮੁੱਖ ਮੰਤਰੀ ਦਫ਼ਤਰ ਦੇ ਇਕ ਸੀਨੀਅਰ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਮੁੱਖ ਮੰਤਰੀ ਨੂੰ ਵਾਇਰਲ ਇਨਫੈਕਸ਼ਨ ਕਾਰਨ ਤੇਜ਼ ਬੁਖਾਰ ਹੈ, ਜਿਨ੍ਹਾਂ ਦੀ ਡਾਕਟਰਾਂ ਵੱਲੋਂ ਦੇਖਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਠੀਕ ਹੋ ਜਾਣਗੇ ਅਤੇ ਸ਼ੁੱਕਰਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਦੀ ਅਗਵਾਈ ਕਰਨਗੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਹੜ੍ਹ ਪ੍ਰਭਾਵਿਤ ਸੁਲਤਾਨਪੁਰ ਲੋਧੀ ਦੇ ਦੌਰੇ ’ਤੇ ਜਾਣਾ ਸੀ। ਜਿਵੇਂ ਹੀ ਭਗਵੰਤ ਮਾਨ ਦੀ ਸਿਹਤ ਨਾਸਾਜ਼ ਹੋਣ ਬਾਰੇ ਕੇਜਰੀਵਾਲ ਨੂੰ ਖ਼ਬਰ ਮਿਲੀ ਤਾਂ ਉਹ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪਹੁੰਚੇ। ਮੁੱਖ ਮੰਤਰੀ ਦੇ ਬਿਮਾਰ ਹੋਣ ਕਰਕੇ ਕੇਜਰੀਵਾਲ ਨੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਸੁਲਤਾਨਪੁਰ ਲੋਧੀ ਦਾ ਦੌਰਾ ਕੀਤਾ।

ਰਾਜਪਾਲ ਨੇ ਪੰਜ ਜ਼ਿਲ੍ਹਿਆਂ ’ਚ ਹੜ੍ਹਾਂ ਬਾਰੇ ਰਿਪੋਰਟ ਸ਼ਿਵਰਾਜ ਨੂੰ ਸੌਂਪੀ

ਅੰਮ੍ਰਿਤਸਰ (ਟਨਸ): ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੰਜ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨ ਤਾਰਨ ਅਤੇ ਫਿਰੋਜ਼ਪੁਰ ਵਿੱਚ ਆਏ ਹੜ੍ਹਾਂ ਦੀ ਸਥਿਤੀ ਸਬੰਧੀ ਰਿਪੋਰਟ ਸੌਂਪੀ। ਕੇਂਦਰੀ ਖੇਤੀਬਾੜੀ ਮੰਤਰੀ ਅੱਜ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਅਤੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਵਾਸਤੇ ਪੁੱਜੇ ਸਨ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾਣ ਤੋਂ ਪਹਿਲਾਂ ਰਾਜਪਾਲ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਰਾਜਪਾਲ ਨੇ ਪਹਿਲੀ ਤੋਂ 4 ਸਤੰਬਰ ਤੱਕ ਇਨ੍ਹਾਂ ਪੰਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕੀਤਾ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਇਲਾਕਿਆਂ ਦੇ ਅਸਲ ਹਾਲਾਤ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜਾਨੀ-ਮਾਲੀ, ਫ਼ਸਲੀ ਅਤੇ ਹੋਰ ਵੱਡੇ ਨੁਕਸਾਨ ਬਾਰੇ ਵਿਸਥਾਰ ਨਾਲ ਦੱਸਿਆ ਹੈ। ਉਨ੍ਹਾਂ ਰਾਹਤ ਅਤੇ ਪੁਨਰਵਾਸ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ ਜੋ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਐੱਨ ਡੀ ਆਰ ਐੱਫ ਅਤੇ ਹੋਰ ਏਜੰਸੀਆਂ ਵੱਲੋਂ ਮਿਲ ਕੇ ਕੀਤੇ ਜਾ ਰਹੇ ਹਨ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕੇਂਦਰ ਸਰਕਾਰ ਤੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ।

ਕੇਂਦਰੀ ਟੀਮਾਂ ਨੇ ਲਿਆ ਹਾਲਾਤ ਦਾ ਜਾਇਜ਼ਾ

ਚੰਡੀਗੜ੍ਹ/ਗੁਰਦਾਸਪੁਰ/ਡੇਰਾ ਬਾਬਾ ਨਾਨਕ (ਚਰਨਜੀਤ ਭੁੱਲਰ/ਕੇ ਪੀ ਸਿੰਘ/ਦਲਬੀਰ ਸੱਖੋਵਾਲੀਆ): ਕੇਂਦਰ ਟੀਮਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦਾ ਤਿੰਨ ਦਿਨਾਂ ਦੌਰਾ ਅੱਜ ਤੋਂ ਸ਼ੁਰੂ ਕਰ ਦਿੱਤਾ ਹੈ। ‘ਇੰਟਰ ਮਨਿਸਟਰੀਅਲ ਸੈਂਟਰਲ ਟੀਮਾਂ’ ਨੇ ਅੱਜ ਮਾਲਵਾ ਅਤੇ ਮਾਝੇ ਦੇ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਖ਼ਿੱਤਿਆਂ ਦਾ ਦੌਰਾ ਕੀਤਾ। ਕੇਂਦਰ ਸਰਕਾਰ ਤਰਫ਼ੋਂ ਇਨ੍ਹਾਂ ਟੀਮਾਂ ਅਤੇ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੰਜਾਬ ਭੇਜੇ ਜਾਣ ਤੋਂ ਲੱਗਦਾ ਹੈ ਕਿ ਕੇਂਦਰ ਸਰਕਾਰ ਨੇ ਸੂਬੇ ’ਚ ਹੜ੍ਹਾਂ ਨਾਲ ਹੋਈ ਤਬਾਹੀ ਨੂੰ ਗੰਭੀਰਤਾ ਨਾਲ ਲਿਆ ਹੈ। ਕੇਂਦਰੀ ਟੀਮਾਂ ਵੱਲੋਂ ਛੇ ਸਤੰਬਰ ਨੂੰ ਚੰਡੀਗੜ੍ਹ ’ਚ ਮੁੱਖ ਸਕੱਤਰ ਅਤੇ ਬਾਕੀ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਸਮੀਖਿਆ ਕੀਤੀ ਜਾਵੇਗੀ। ਪੰਜਾਬ ਸਰਕਾਰ ਤਰਫ਼ੋਂ ਵੀ ਕੇਂਦਰੀ ਟੀਮ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਬਾਰੇ ਮੈਮੋਰੰਡਮ ਦਿੱਤੇ ਜਾਣ ਦੀ ਸੰਭਾਵਨਾ ਹੈ। ਕੇਂਦਰ ਦੀ ਮੁਸਤੈਦੀ ਤੋਂ ਸੰਕੇਤ ਮਿਲਦੇ ਹਨ ਕਿ ਆਗਾਮੀ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਆਫ਼ਤ ’ਚ ਫਸੇ ਕਿਸਾਨੀ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦੀ ਕੋਸ਼ਿਸ਼ ਜ਼ਰੂਰ ਕਰੇਗੀ। ਕੇਂਦਰੀ ਟੀਮਾਂ ਅਤੇ ਚੌਹਾਨ ਵੱਲੋਂ ਸਮੁੱਚੀ ਰਿਪੋਰਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪੀ ਜਾਵੇਗੀ ਜਿਸ ਦੇ ਆਧਾਰ ’ਤੇ ਪੰਜਾਬ ਲਈ ਕਿਸੇ ਰਾਹਤ ਪੈਕੇਜ ਬਾਰੇ ਫ਼ੈਸਲਾ ਲਿਆ ਜਾਵੇਗਾ। ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਿਵਰਾਜ ਚੌਹਾਨ ਨੂੰ ਨੁਕਸਾਨ ਦੀ ਭਰਪਾਈ ਲਈ ਕੇਂਦਰ ਨੂੰ ਖੁੱਲ੍ਹਾ ਦਿਲ ਰੱਖਣ ਲਈ ਕਿਹਾ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਦੇ ਕੇ ਹਲਕਾ ਅਜਨਾਲਾ ਲਈ ਦੋ ਹਜ਼ਾਰ ਕਰੋੜ ਦਾ ਪੈਕੇਜ ਮੰਗਿਆ। ਕੇਂਦਰੀ ਟੀਮਾਂ ਨੇ ਆਪਣੇ ਦੌਰੇ ਦੇ ਪਹਿਲੇ ਦਿਨ ਜ਼ਮੀਨੀ ਸਥਿਤੀ ਨੂੰ ਜਾਣਨ ਦੀ ਕੋਸ਼ਿਸ਼ ਕੀਤੀ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਕੇਂਦਰ ਸਰਕਾਰ ਵੱਲੋਂ ਪੰਜਾਬ ’ਚ ਹੜ੍ਹਾਂ ਦੀ ਸਥਿਤੀ ਨੂੰ ਦੇਖਣ ਲਈ ਦੋ ਟੀਮਾਂ ਦਾ ਗਠਨ ਕੀਤਾ ਗਿਆ ਹੈ। ਪਹਿਲੀ ਕੇਂਦਰੀ ਟੀਮ ਨੇ ਅੱਜ ਫ਼ਾਜ਼ਿਲਕਾ ਜ਼ਿਲ੍ਹੇ ਦੇ ਅੱਧੀ ਦਰਜਨ ਪਿੰਡਾਂ ’ਚ ਹੜ੍ਹਾਂ ਦੀ ਮਾਰ ਨੂੰ ਨੇੜਿਓਂ ਦੇਖਿਆ। ਕੇਂਦਰੀ ਟੀਮ ’ਚ ਸ਼ਾਮਲ ਸੀਨੀਅਰ ਅਧਿਕਾਰੀ ਲਕਸ਼ਮਣ ਰਾਮ, ਪ੍ਰਕਾਸ਼ ਚੰਦ ਅਤੇ ਆਰ ਕੇ ਤਿਵਾੜੀ ਨੇ ਫ਼ਾਜ਼ਿਲਕਾ ਜ਼ਿਲ੍ਹੇ ’ਚ ਸਤਲੁਜ ਪਾਰ ਦੇ ਪਿੰਡਾਂ ’ਚ ਲੋਕਾਂ ਨਾਲ ਗੱਲਬਾਤ ਕੀਤੀ। ਕੇਂਦਰੀ ਟੀਮ ਕਿਸ਼ਤੀ ’ਚ ਸਵਾਰ ਹੋ ਕੇ ਪਿੰਡਾਂ ਵਿੱਚ ਪੁੱਜੀ। ਉਨ੍ਹਾਂ ਪਿੰਡ ਨੂਰ ਸਾਹ, ਘੁਰਕਾ ਆਦਿ ’ਚ ਫ਼ਸਲੀ ਨੁਕਸਾਨ ਨੂੰ ਵੀ ਦੇਖਿਆ। ਭਲਕੇ ਇਹ ਟੀਮ ਜਲਾਲਾਬਾਦ, ਫ਼ਿਰੋਜ਼ਪੁਰ ਅਤੇ ਲੁਧਿਆਣਾ ਦਾ ਦੌਰਾ ਕਰੇਗੀ। ਦੂਸਰੀ ਕੇਂਦਰੀ ਟੀਮ ਨੇ ਅੱਜ ਰਾਵੀ ਦਰਿਆ ਨਾਲ ਲੱਗਦੇ ਜ਼ਿਲ੍ਹਾ ਗੁਰਦਾਸਪੁਰ ਦੇ ਇਲਾਕਿਆਂ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਤਿੰਨ ਮੈਂਬਰੀ ਟੀਮ ਵਿੱਚ ਰਾਜੇਸ਼ ਗੁਪਤਾ, ਟੀ ਐੱਲ (ਡੀ ਐੱਮ) ਮਨਿਸਟਰੀ ਆਫ਼ ਹੋਮ ਅਫੇਅਰਜ਼, ਕੰਡਾਰਪ ਵੀ ਫਟੇਲ, ਡੀ ਐੱਸ, ਐਕਸਪੈਂਡੀਚਰ, ਮਨਿਸਟਰੀ ਆਫ਼ ਫਾਈਨਾਂਸ ਅਤੇ ਰਾਕੇਸ਼ ਕੁਮਾਰ, ਆਰ ਓ, ਮਨਿਸਟਰੀ ਆਫ਼ ਰੋਡ ਟਰਾਂਸਪੋਰਟ ਐਂਡ ਹਾਈਵੇਅ ਸ਼ਾਮਲ ਹਨ। ਕੇਂਦਰੀ ਟੀਮ ਨੇ ਡੇਰਾ ਬਾਬਾ ਨਾਨਕ ਦੇ ਨੇੜਲੇ ਹੜ੍ਹ ਪ੍ਰਭਾਵਿਤ ਪਿੰਡ ਧਰਮਕੋਟ ਰੰਧਾਵਾ ’ਚ ਜ਼ਮੀਨੀ ਹਾਲਾਤ ਨੂੰ ਜਾਣਿਆ। ਕੇਂਦਰੀ ਟੀਮ ਨੇ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਲਾਨੌਰ ਅਤੇ ਬਹਿਰਾਮਪੁਰ ਦਾ ਦੌਰਾ ਵੀ ਕੀਤਾ। ਇਸ ਮੌਕੇ ਕੇਂਦਰੀ ਟੀਮ ਦੇ ਨਾਲ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਰੁਣ ਸੇਖੜੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ ਡੀ ਐੱਮ ਡੇਰਾ ਬਾਬਾ ਨਾਨਕ ਡਾ. ਆਦਿੱਤਯ ਸ਼ਰਮਾ, ਐੱਸ ਡੀ ਐੱਮ ਫ਼ਤਿਹਗੜ੍ਹ ਚੂੜੀਆਂ ਗੁਰਮਿੰਦਰ ਸਿੰਘ ਵੀ ਮੌਜੂਦ ਸਨ।

Advertisement
×