ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਸ਼ੁਰੂ

ਪੰਜਾਬ ਸਰਕਾਰ ਨੇ ਗੁਰਦੁਆਰਾ ਰਕਾਬਗੰਜ ’ਚ ਕੀਰਤਨ ਦਰਬਾਰ ਕਰਵਾਇਆ
ਗੁਰਦੁਆਰਾ ਰਕਾਬਗੰਜ ਸਾਹਿਬ ’ਚ ਨਤਮਸਤਕ ਹੁੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਅਮਨ ਅਰੋੜਾ। -ਫੋਟੋ: ਮੁਕੇਸ਼ ਅਗਰਵਾਲ
Advertisement

ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਪੰਜਾਬ ਸਰਕਾਰ ਨੇ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ ਜਿਸ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਮੰਤਰੀ ਮੰਡਲ ਦੇ ਕਈ ਮੰਤਰੀ ਤੇ ਹੋਰ ਸੀਨੀਅਰ ਆਗੂ ਸ਼ਾਮਿਲ ਹੋਏ।

ਸਮਾਗਮ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਖੁਸ਼ਕਿਸਮਤ ਹੈ ਜਿਸ ਨੂੰ ਗੁਰੂ ਤੇਗ ਬਹਾਦਰ ਨੂੰ ਸਮਰਪਿਤ ਯਾਦਗਾਰੀ ਸਮਾਗਮਾਂ ਦੀ ਲੜੀ ਕਰਵਾਉਣ ਦਾ ਮੌਕਾ ਮਿਲਿਆ ਹੈ। ਇਹ ਸਮਾਗਮ ਅੱਜ ਕੌਮੀ ਰਾਜਧਾਨੀ ਤੋਂ ਸ਼ੁਰੂ ਹੋਏ ਹਨ। ਗੁਰੂ ਤੇਗ਼ ਬਹਾਦਰ ਨੂੰ 1675 ਵਿੱਚ ਦਿੱਲੀ ਵਿੱਚ ਸ਼ਹੀਦ ਕੀਤਾ ਗਿਆ ਸੀ ਅਤੇ ਦੁਨੀਆ ਭਰ ਵਿੱਚ ਉਨ੍ਹਾਂ ਨੂੰ ਅਜਿਹੇ ਪਹਿਲੇ ਸ਼ਹੀਦ ਵਜੋਂ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਗੁਰੂਘਰ ਦੇ ਅਨਿਨ ਸ਼ਰਧਾਲੂ ਭਾਈ ਜੈਤਾ ਨੂੰ ਵੀ ਸ਼ਰਧਾ ਨਾਲ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਗੁਰੂ ਸਾਹਿਬ ਦਾ ਸੀਸ ਦਿੱਲੀ ਦੇ ਚਾਂਦਨੀ ਚੌਕ ਤੋਂ ਸ੍ਰੀ ਕੀਰਤਪੁਰ ਸਾਹਿਬ ਲਿਆਂਦਾ। ਭਾਈ ਲੱਖੀ ਸ਼ਾਹ ਵਣਜਾਰਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਗੁਰੂ ਸਾਹਿਬ ਦੇ ਧੜ ਨੂੰ ਬਚਾਉਣ ਲਈ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਆਪਣੇ ਘਰ ਵਿੱਚ ਹੀ ਗੁਰੂ ਸਾਹਿਬ ਦੇ ਧੜ ਦਾ ਸਸਕਾਰ ਕਰ ਦਿੱਤਾ। ਇਸ ਸਥਾਨ ’ਤੇ ਹੁਣ ਗੁਰਦੁਆਰਾ ਰਕਾਬਗੰਜ ਸਾਹਿਬ ਸੁਸ਼ੋਭਿਤ ਹੈ।

Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨਿੱਜ ਲਈ ਨਹੀਂ, ਸਗੋਂ ਮਨੁੱਖਤਾ ਦੀ ਭਲਾਈ ਤੇ ਸੱਚ ਤੇ ਨਿਆਂ ਲਈ ਸਨ। ਗੁਰੂ ਤੇਗ਼ ਬਹਾਦਰ ਦੀ ਸ਼ਹਾਦਤ ਤੋਂ 24 ਸਾਲ ਬਾਅਦ 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਖਾਲਸਾ ਪੰਥ ਦੀ ਸਾਜਨਾ ਹੋਈ ਸੀ। ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਆਪਣੇ ਪੂਰੇ ਪਰਿਵਾਰ ਨੂੰ ਧਰਮ ਲਈ ਕੁਰਬਾਨ ਕਰ ਦਿੱਤਾ, ਜੋ ਪੂਰੀ ਦੁਨੀਆ ਦੇ ਇਤਿਹਾਸ ਵਿੱਚ ਇੱਕ ਲਾਸਾਨੀ ਮਿਸਾਲ ਹੈ। ਇਸ ਮਹਾਨ ਤੇ ਪਵਿੱਤਰ ਦਿਹਾੜੇ ਨੂੰ ਮਨਾਉਣ ਦਾ ਮਕਸਦ ਗੁਰੂ ਤੇਗ਼ ਬਹਾਦਰ ਦੇ ਫ਼ਲਸਫ਼ੇ ਨੂੰ ਪੂਰੀ ਦੁਨੀਆ ਵਿੱਚ ਪਹੁੰਚਾਉਣਾ ਹੈ।

ਇਸ ਮੌਕੇ ਪੰਜਾਬ ਤੇ ਦਿੱਲੀ ਤੋਂ ਛੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਇਸ ਸਮਾਗਮ ਲਈ ਪੂਰਨ ਸਹਿਯੋਗ ਦਿੱਤਾ ਗਿਆ ਅਤੇ ਕਮੇਟੀ ਦੇ ਮੁੱਖ ਆਗੂ ਹਰਮੀਤ ਸਿੰਘ ਕਾਲਕਾ ਪ੍ਰਧਾਨ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਕਈ ਮੈਂਬਰ ਸਮਾਗਮ ’ਚ ਸ਼ਾਮਿਲ ਹੋਏ। ਮੰਚ ਸੰਚਾਲਨ ਮੈਂਬਰ ਇੰਦਰਜੀਤ ਸਿੰਘ ਮੁੰਟੀ ਨੇ ਕੀਤਾ। ਨਾਮਧਾਰੀ ਸੰਗਤ, ਤਿਲਕ ਨਗਰ ਤੋਂ ਸਿੱਖ ਦੰਗਾ ਪੀੜਤ, ਯਮੁਨਾ ਪਾਰ ਦੇ ਖੇਤਰਾਂ ਤੋਂ ਸੰਗਤ ਵੀ ਪਹੁੰਚੀ। ਗੋਬਿੰਦਪੁਰੀ ਤੋਂ ਨਿਹੰਗ ਸਿੰਘਾਂ ਦੇ ਜਥੇ ਵੀ ਸ਼ਾਮਿਲ ਹੋਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਸਾਮ ਤੋਂ ਚੱਲ ਰਿਹਾ ਨਗਰ ਕੀਰਤਨ ਵੀ ਸ਼ਾਮ ਵੇਲੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪਹੁੰਚਿਆ। ਮੁੱਖ ਮੰਤਰੀ ਭਗਵੰਤ ਮਾਨ ਤੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਵੱਲੋਂ ਰੁਮਾਲੇ ਭੇਂਟ ਕੀਤੇ ਗਏ।

 

ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਹੋਣਗੇ ਸਮਾਗਮ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਗੁਰੂ ਤੇਗ਼ ਬਹਾਦਰ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ। ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਸਬਿਆਂ ਤੇ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਸਜਾਏ ਜਾਣਗੇ ਅਤੇ 18 ਨਵੰਬਰ ਨੂੰ ਸ੍ਰੀਨਗਰ (ਜੰਮੂ ਕਸ਼ਮੀਰ) ਵਿੱਚ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ਮਗਰੋਂ 19 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਸੈਂਕੜੇ ਕਸ਼ਮੀਰੀ ਪੰਡਿਤ ਹਿੱਸਾ ਲੈਣਗੇ। 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫ਼ਰੀਦਕੋਟ ਅਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਸਜਾਏ ਜਾਣਗੇ। ਇਹ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਣਗੇ। 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਦੇ ਠਹਿਰਨ ਲਈ ‘ਚੱਕ ਨਾਨਕੀ’ ਨਾਂ ਹੇਠ ‘ਟੈਂਟ ਸਿਟੀ’ ਵੀ ਬਣਾਈ ਜਾਵੇਗਾ। ਇਸੇ ਤਰ੍ਹਾਂ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਨੂੰ ਉਜਾਗਰ ਕਰਦੀਆਂ ਪ੍ਰਦਰਸ਼ਨੀਆਂ ਅਤੇ ਡਰੋਨ ਸ਼ੋਅ ਦੇ ਨਾਲ ਸਰਬ ਧਰਮ ਕਾਨਫਰੰਸ ਵੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ 24 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ।

Advertisement
Show comments