ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖ ਕੇ ਮਹਾਨ ਆਜ਼ਾਦੀ ਘੁਲਾਟੀਏ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ 28 ਸਤੰਬਰ ‘ਅੰਮ੍ਰਿਤ ਮਹੋਤਸਵ’ ਦਾ ਮਹੱਤਵਪੂਰਨ ਦਿਨ ਹੈ ਜਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਗਤ ਸਿੰਘ ਦੇ ਜਨਮ ਦਿਹਾੜੇ ਤੋਂ ਬਿਲਕੁਲ ਪਹਿਲਾਂ ਇਹ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਇਹ ਫ਼ੈਸਲਾ ਉਡੀਕਿਆ ਜਾ ਰਿਹਾ ਸੀ। ਮੋਦੀ ਨੇ ਇਸ ਫ਼ੈਸਲੇ ਲਈ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਦੇ ਲੋਕਾਂ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਨੂੰ ਆਪਣੇ ਆਜ਼ਾਦੀ ਸੰਘਰਸ਼ ਦੇ ਯੋਧਿਆਂ ਤੋਂ ਪ੍ਰੇਰਣਾ ਲੈ ਕੇ, ਉਨ੍ਹਾਂ ਦੇ ਆਦਰਸ਼ਾਂ ਨੂੰ ਮੰਨ ਕੇ, ਉਨ੍ਹਾਂ ਦੇ ਸੁਫ਼ਨਿਆਂ ਦੇ ਭਾਰਤ ਦੀ ਉਸਾਰੀ ਕਰਨੀ ਚਾਹੀਦੀ ਹੈ। ਸ਼ਹੀਦਾਂ ਦੀਆਂ ਯਾਦਗਾਰਾਂ, ਉਨ੍ਹਾਂ ਦੇ ਨਾਂ ਉਤੇ ਥਾਵਾਂ ਤੇ ਸੰਸਥਾਵਾਂ ਦੇ ਨਾਮ ਰੱਖੇ ਜਾਣ ਨਾਲ ਸਾਨੂੰ ਪ੍ਰੇਰਣਾ ਮਿਲਦੀ ਹੈ ਤੇ ਫ਼ਰਜ਼ ਦਾ ਅਹਿਸਾਸ ਹੁੰਦਾ ਹੈ। ਉਨ੍ਹਾਂ ਕੁਝ ਦਿਨ ਪਹਿਲਾਂ ‘ਕਰਤਵਿਆ ਪਥ’ ਉਤੇ ਨੇਤਾਜੀ ਦੇ ਬੁੱਤ ਤੋਂ ਪਰਦਾ ਹਟਾਉਣ ਦਾ ਜ਼ਿਕਰ ਵੀ ਕੀਤਾ। ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਪਿਛਲੇ ਮਹੀਨੇ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਲਈ ਸਹਿਮਤ ਹੋ ਗਈਆਂ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਇਸ ਮੁੱਦੇ ਉਤੇ ਮੀਟਿੰਗ ਵੀ ਕੀਤੀ ਸੀ। ਹਵਾਈ ਅੱਡੇ ਦੇ ਨਾਂ ਬਾਰੇ ਕਈ ਸਾਲਾਂ ਤੋਂ ਪੰਜਾਬ ਤੇ ਹਰਿਆਣਾ ’ਚ ਮਤਭੇਦ ਸਨ। ਪਿਛਲੇ ਮਹੀਨੇ ਸਹਿਮਤੀ ਬਣਨ ’ਤੇ ਦੋਵਾਂ ਰਾਜਾਂ ਨੇ ਸਾਂਝੇ ਤੌਰ ’ਤੇ ਆਪਣੀ ਲਿਖਤੀ ਸਹਿਮਤੀ ਕੇਂਦਰੀ ਹਵਾਬਾਜ਼ੀ ਮੰਤਰਾਲੇ ਨੂੰ ਭੇਜ ਦਿੱਤੀ ਸੀ। ਸਿਆਸੀ ਹਲਕਿਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਅਧਾਰ ਬਣਾ ਕੇ ਚੱਲ ਰਹੀ ਹੈ ਅਤੇ ਇਸ ਏਜੰਡੇ ਨੂੰ ਭਾਜਪਾ ਵੀ ਅੱਗੇ ਰੱਖਣਾ ਚਾਹੁੰਦੀ ਹੈ। ਕੇਂਦਰ ਸਰਕਾਰ ਨੇ ਇਹ ਫ਼ੈਸਲਾ ਉਦੋਂ ਲਿਆ ਗਿਆ ਹੈ ਜਦੋਂ ਅੱਗੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਹਨ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਹਵਾਈ ਅੱਡੇ ਦੀ ਉਸਾਰੀ ਲਈ ਖ਼ਰਚਾ ਪੰਜਾਬ, ਹਰਿਆਣਾ ਦੀਆਂ ਸਰਕਾਰਾਂ ਅਤੇ ਏਅਰਪੋਰਟ ਅਥਾਰਿਟੀ ਨੇ ਕੀਤਾ ਹੈ। ਆਪਣੇ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਵਿਚ ਅੱਜ ਮੋਦੀ ਨੇ ਕਈ ਵਿਸ਼ਿਆਂ ਨੂੰ ਛੂਹਿਆ। ਪ੍ਰਧਾਨ ਮੰਤਰੀ ਨੇ ਜਲਵਾਯੂ ਤਬਦੀਲੀ ਦੀ ਗੱਲ ਕਰਦਿਆਂ ਕਿਹਾ ਕਿ ਇਹ ਸਮੁੰਦਰ ਹੇਠਲੀ ਜੀਵਨ ਪ੍ਰਣਾਲੀ ਲਈ ਵੱਡਾ ਖ਼ਤਰਾ ਬਣ ਰਿਹਾ ਹੈ। ਉਨ੍ਹਾਂ ਬੀਚਾਂ ’ਤੇ ਗੰਦਗੀ ਫੈਲਣ ਦੇ ਮੁੱਦੇ ਉਤੇ ਵੀ ਚਿੰਤਾ ਜ਼ਾਹਿਰ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਗੰਭੀਰ ਹੋ ਕੇ ਯਤਨ ਕਰੀਏ। ਪ੍ਰੋਗਰਾਮ ਦੌਰਾਨ ਮੋਦੀ ਨੇ ਭਾਜਪਾ ਦੇ ਵਿਚਾਰਧਾਰਕ ਦੀਨਦਿਆਲ ਉਪਾਧਿਆਏ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।
ਮੁੱਖ ਮੰਤਰੀ ਵੱਲੋਂ ਫ਼ੈਸਲੇ ਦਾ ਸਵਾਗਤ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਨਾਮ ’ਤੇ ਰੱਖਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਹ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦਾ ਨਤੀਜਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਇਸ ਮਾਮਲੇ ’ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਸਹਿਮਤੀ ਬਣਾਈ ਸੀ। ਨਾਂ ਰੱਖਣ ਬਾਰੇ ਭਾਰਤ ਸਰਕਾਰ ਨੂੰ ਚਿੱਠੀ ਵੀ ਲਿਖੀ ਗਈ ਸੀ।
ਕੈਪਟਨ ਅਮਰਿੰਦਰ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਸੀ, ਜਿਸ ਨੇ 2017 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਇਸ ਮਾਮਲੇ ਦੀ ਕੇਂਦਰ ਕੋਲ ਪੈਰਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਚਿਰੋਕਣੀ ਮੰਗ ਸੀ ਕਿ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇ, ਜੋ ਦੇਸ਼ ਲਈ ਬਹਾਦਰੀ, ਦਲੇਰੀ ਅਤੇ ਕੁਰਬਾਨੀ ਦੀ ਮਿਸਾਲ ਹਨ। -ਟਨਸ
ਸਿਆਸੀ ਲਾਹਾ ਲੈਣ ਦੀ ਦੌੜ ਲੱਗੀ…
ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਐਲਾਨੇ ਜਾਣ ਮਗਰੋਂ ਸਿਆਸੀ ਲਾਹਾ ਲੈਣ ਦੀ ਦੌੜ ਲੱਗ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ ਕੈਪਟਨ ਅਮਰਿੰਦਰ ਸਿੰਘ ਦੇ ਦਾਅਵਿਆਂ ਤੋਂ ਬਾਅਦ ਹੁਣ ਭਾਜਪਾ ਦੇ ਜਨਰਲ ਸਕੱਤਰ ਦਿਆਲ ਸੋਢੀ ਆਖ ਰਹੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਇਸੇ ਤਰ੍ਹਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕਹਿ ਰਹੇ ਹਨ ਕਿ ਅਕਾਲੀ ਭਾਜਪਾ ਗੱਠਜੋੜ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਵਿਧਾਨ ਸਭਾ ਵਿਚ ਹਵਾਈ ਅੱਡੇ ਦਾ ਨਾਂ ਰੱਖਣ ਬਾਰੇ ਮਤਾ ਪਾਸ ਕੀਤਾ ਸੀ। -ਟਨਸ