ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਅਗਸਤ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਇਨੈਲੋ ਆਗੂ ਓਮ ਪ੍ਰਕਾਸ਼ ਚੌਟਾਲਾ ਨੇ ਕੇਂਦਰ ਸਰਕਾਰ ਖ਼ਿਲਾਫ਼ ਤੀਜਾ ਫਰੰਟ ਬਣਾਉਣ ਦੇ ਕੀਤੇ ਐਲਾਨ ਤਹਿਤ ਅੱਜ ਦਿੱਲੀ ਵਿੱਚ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਅਤੇ ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੋਵੇਂ ਸੀਨੀਅਰ ਆਗੂਆਂ ਦੀ ਸਿਹਤ ਦਾ ਹਾਲ ਜਾਣਿਆ ਤੇ ਸਿਆਸੀ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਓਮ ਪ੍ਰਕਾਸ਼ ਚੌਟਾਲਾ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਦੇਸ਼ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਸੰਪਰਕ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।