ਨਵੀਂ ਦਿੱਲੀ, 2 ਸਤੰਬਰ
ਛੱਤੀਸਗੜ੍ਹ ਵਿਚ ਹੋਏ ਬਹੁ-ਕਰੋੜੀ ਜਨਤਕ ਵੰਡ ਢਾਂਚਾ (ਪੀਡੀਐੱਸ) ਘੁਟਾਲੇ ਦੇ ਮਾਮਲੇ ’ਚ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਇਸ ਸਬੰਧੀ ਇਕ ਗਵਾਹ ਗਿਰੀਸ਼ ਸ਼ਰਮਾ ਨੇ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਹੇਠਲੀ ਅਦਾਲਤ ਵਿਚ ਸੁਣਵਾਈ ਦੀ ਪ੍ਰਕਿਰਿਆ ਨੂੰ ਲੀਹੋਂ ਲਾਹੁਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਸਿਖ਼ਰਲੀ ਅਦਾਲਤ ਨੇ ਰਾਜ ਦੇ ਆਰਥਿਕ ਅਪਰਾਧ ਵਿੰਗ, ਭ੍ਰਿਸ਼ਟਾਚਾਰ ਵਿਰੋਧੀ ਬਿਊਰੋ, ਐੱਸਆਈਟੀ ਤੋਂ ਵੀ ਜਵਾਬ ਮੰਗਿਆ ਹੈ। ਅਰਜ਼ੀ ਵਿਚ 36 ਹਜ਼ਾਰ ਕਰੋੜ ਰੁਪਏ ਦੇ ਘੁਟਾਲੇ ਦਾ ਕੇਸ ਛੱਤੀਸਗੜ੍ਹ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ। ਅਦਾਲਤੀ ਬੈਂਚ ਨੇ ਕੁਝ ਨੌਕਰਸ਼ਾਹਾਂ ਨੂੰ ਵੀ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਕੋਲੋਂ ਚਾਰ ਹਫ਼ਤਿਆਂ ਵਿਚ ਜਵਾਬ ਮੰਗਿਆ ਗਿਆ ਹੈ। –ਪੀਟੀਆਈ