ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ’ਚ ਸੁਧਾਰ ਜਾਰੀ
ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਹਸਪਤਾਲ ਵੱਲੋਂ ਜਾਰੀ ਬਿਆਨ ਅਨੁਸਾਰ ਉਨ੍ਹਾਂ ਦੀ ਸਿਹਤ ਠੀਕ ਹੈ ਤੇ ਉਹ ਲਗਾਤਾਰ ਠੀਕ ਹੋ ਰਹੇ ਹਨ। ਹਸਪਤਾਲ ਵੱਲੋਂ ਮੁੱਖ ਮੰਤਰੀ ਨੂੰ ਛੁੱਟੀ ਦਿੱਤੇ ਜਾਣ ਸਬੰਧੀ ਅੱਜ ਕੋਈ ਜਾਣਕਾਰੀ ਨਹੀਂ ਦਿੱਤੀ ਗਈ, ਜਦਕਿ ਬੀਤੇ ਦਿਨ ਮੁੱਖ ਮੰਤਰੀ ਨੂੰ ਮਿਲਣ ਆਏ ਮਨੀਸ਼ ਸਿਸੋਦੀਆ, ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਦੋ-ਤਿੰਨ ਦਿਨ ਮਗਰੋਂ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਅੱਜ ਦੁਪਹਿਰੇ ਕੈਬਨਿਟ ਮੰਤਰੀ ਬਲਜੀਤ ਕੌਰ ਮੁੱਖ ਮੰਤਰੀ ਨੂੰ ਮਿਲਣ ਹਸਪਤਾਲ ਪਹੁੰਚੇ। ਇਸੇ ਤਰ੍ਹਾਂ ਨਵਾਂ ਸ਼ਹਿਰ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਤੇ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਵੀ ਮਿਲਣ ਲਈ ਆਏ। ਪੰਜਾਬ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਅਤੇ ਡੀ ਜੀ ਪੀ ਗੌਰਵ ਯਾਦਵ ਵੀ ਹਸਪਤਾਲ ਵਿਚ ਮੁੱਖ ਮੰਤਰੀ ਨੂੰ ਮਿਲਣ ਲਈ ਪਹੁੰਚੇ। ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਉਨ੍ਹਾਂ ਦੀ ਮਾਤਾ ਤੇ ਹੋਰ ਪਰਿਵਾਰਕ ਮੈਂਬਰ ਲਗਾਤਾਰ ਹਸਪਤਾਲ ਵਿਚ ਆ-ਜਾ ਰਹੇ ਹਨ। ਪੁਲੀਸ ਵੱਲੋਂ ਇੱਥੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਿਸੇ ਨੂੰ ਵੀ ਸਬੰਧਤ ਗੇਟ ਰਾਹੀਂ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਪੁਲੀਸ ਵੱਲੋਂ ਪੂਰੀ ਤਰ੍ਹਾਂ ਨਿਗਰਾਨੀ ਰੱਖੀ ਜਾ ਰਹੀ ਹੈ ਤੇ ਜ਼ਿਲ੍ਹਾ ਪੁਲੀਸ ਮੁਖੀ ਹਰਮਨਦੀਪ ਸਿੰਘ ਹਾਂਸ ਮੁੱਖ ਮੰਤਰੀ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਲਗਾਤਾਰ ਹਸਪਤਾਲ ਆ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਪੰਜ ਦਿਨਾਂ ਤੋਂ ਬੁਖ਼ਾਰ ਅਤੇ ਇਨਫ਼ੈਕਸ਼ਨ ਤੋਂ ਪੀੜਤ ਹਨ। ਉਨ੍ਹਾਂ ਦਾ ਪਹਿਲੇ ਦੋ ਦਿਨ ਮੁੱਖ ਮੰਤਰੀ ਰਿਹਾਇਸ਼ ਉੱਤੇ ਹੀ ਇਲਾਜ ਕੀਤਾ ਗਿਆ ਪਰ ਸ਼ੁੱਕਰਵਾਰ ਰਾਤ ਨੂੰ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲਿਆਂਦਾ ਗਿਆ।
ਮਾਨ ਵੱਲੋਂ ਮੁੱਖ ਸਕੱਤਰ ਤੇ ਡੀਜੀਪੀ ਨਾਲ ਮੀਟਿੰਗ
ਚੰਡੀਗੜ੍ਹ (ਟਨਸ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਸਪਤਾਲ ਵਿੱਚੋਂ ਹੀ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਮੁੱਖ ਮੰਤਰੀ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਮੁੱਖ ਸਕੱਤਰ ਕੇ ਏ ਪੀ ਸਿਨਹਾ, ਡੀ ਜੀ ਪੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਹੜ੍ਹਾਂ ਦੀ ਸਮੀਖਿਆ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਕੁਦਰਤੀ ਕਹਿਰ ਤੋਂ ਪ੍ਰਭਾਵਿਤ ਇੱਕ ਵੀ ਨਾਗਰਿਕ ਰਾਹਤ ਤੇ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ ਅਤੇ ਹਰੇਕ ਪ੍ਰਭਾਵਿਤ ਵਿਅਕਤੀ, ਖ਼ਾਸ ਕਰ ਕੇ ਜਿਹੜੇ ਹੜ੍ਹਾਂ ਦੇ ਪਾਣੀ ਕਾਰਨ ਮੁੱਖ ਧਾਰਾ ਤੋਂ ਕੱਟੇ ਗਏ ਹਨ, ਉਨ੍ਹਾਂ ਲਈ ਭੋਜਨ ਤੇ ਮੈਡੀਕਲ ਸਹੂਲਤ ਸਣੇ ਹੋਰ ਲੋੜੀਂਦੀ ਸਹਾਇਤਾ ਯਕੀਨੀ ਬਣਾਈ ਜਾਵੇ। ਮੁੱਖ ਸਕੱਤਰ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਆਸ ਹੈ ਕਿ ਇੱਕ-ਦੋ ਦਿਨਾਂ ਵਿੱਚ ਉਹ ਸਾਡੇ ਨਾਲ ਹੋਣਗੇ।