ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਮੱਖੂ ਤੋਂ ਹਰੀਕੇ ਪੱਤਣ ਤੱਕ ਹਵਾਈ ਸਰਵੇਖਣ ਕੀਤਾ
ਸੁਲਤਾਨਪੁਰ ਲੋਧੀ ਵਿੱਚ ਮੰਡ ਖੇਤਰ ਦਾ ਦੌਰਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਮਲਕੀਅਤ ਸਿੰਘ
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਪਹਿਲੀ ਵਾਰ ਦੌਰਾ ਕਰਦਿਆਂ ਹੜ੍ਹਾਂ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਦੌਰੇ ਤੋਂ ਪਹਿਲਾਂ ਮੁੱਖ ਮੰਤਰੀ ਨੇ ਪ੍ਰਸ਼ਾਸਨੀ ਅਮਲੇ ਤੋਂ ਸੂਬੇ ਵਿੱਚ ਹੋਏ ਨੁਕਸਾਨ ਦੀ ਰਿਪੋਰਟ ਲਈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲ ਸਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਤੋਂ ਜਾਣੂ ਕਰਵਾਇਆ। ਉਨ੍ਹਾਂ ਉੱਚ ਅਧਿਕਾਰੀਆਂ ਨੂੰ ਹੜ੍ਹਾਂ ਦੀ ਮਾਰ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਤਰ੍ਹਾਂ ਦੀ ਮਦਦ ਪਹੁੰਚਾਉਣ ਦੀ ਹਦਾਇਤ ਕੀਤੀ। ਮੁੱਖ ਮੰਤਰੀ ਅੱਜ ਕਪੂਰਥਲਾ ਦੇ ਪਿੰਡ ਬਾਊਪੁਰ ਜਦੀਦ ਵਿੱਚ ਪੁੱਜੇ ਤੇ ਉਨ੍ਹਾਂ ਪੁਲ ’ਤੇ ਖੜ੍ਹੇ ਹੋ ਕੇ ਫ਼ਸਲੀ ਨੁਕਸਾਨ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਮੱਖੂ ਤੋਂ ਹਰੀਕੇ ਪੱਤਣ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਵੀ ਕੀਤਾ। ਮੁੱਖ ਮੰਤਰੀ ਨੇ ਦੌਰੇ ਮਗਰੋਂ ਐਲਾਨ ਕੀਤਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਲੋਕਾਂ ਦੇ ਹਰ ਤਰ੍ਹਾਂ ਦੇ ਹੋਏ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਬਦਲਵੇਂ ਢੰਗ ਤਰੀਕੇ ਤਲਾਸ਼ੇ ਜਾਣਗੇ। ਪਤਾ ਲੱਗਿਆ ਹੈ ਕਿ ਪਿੰਡ ਬਾਊਪੁਰ ਜਦੀਦ ਵਿੱਚ ਕੁੱਝ ਕਿਸਾਨਾਂ ਨਾਲ ਵੀ ਮੁੱਖ ਮੰਤਰੀ ਨੇ ਗੱਲਬਾਤ ਕੀਤੀ। ਇਨ੍ਹਾਂ ਕਿਸਾਨਾਂ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ।

ਪੰਜਾਬ ’ਚ ਐਤਕੀਂ ਪੌਂਗ ਡੈਮ ਅਤੇ ਸਤਲੁਜ ਡੈਮ ਤੋਂ ਪਾਣੀ ਛੱਡਣ ਕਾਰਨ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਪਿੰਡ ਅਤੇ ਖੇਤ ਪ੍ਰਭਾਵਿਤ ਹੋਏ ਹਨ। ਕਪੂਰਥਲਾ ਜ਼ਿਲ੍ਹੇ ਵਿੱਚ ਤਾਂ ਲੋਕਾਂ ਨੂੰ ਆਪਣੇ ਘਰ ਬਾਰ ਵੀ ਛੱਡਣੇ ਪਏ ਹਨ। ਕਰੀਬ ਇੱਕ ਲੱਖ ਏਕੜ ਫ਼ਸਲ ਪ੍ਰਭਾਵਿਤ ਹੋ ਚੁੱਕੀ ਹੈ ਜਿਸ ਨਾਲ ਕਿਸਾਨਾਂ ਦੇ ਲਾਗਤ ਖ਼ਰਚੇ ਵੀ ਵਧਣਗੇ। ਪਹਾੜਾਂ ਵਿੱਚ 24-25 ਅਗਸਤ ਨੂੰ ਹੋਣ ਵਾਲੀ ਬਾਰਿਸ਼ ਨੇ ਪੰਜਾਬ ਸਰਕਾਰ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਮੁੱਖ ਮੰਤਰੀ ਨੇ ਮੁੱਢਲੇ ਪੜਾਅ ’ਤੇ ਕੈਬਨਿਟ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਭੇਜਿਆ ਅਤੇ ਅੱਜ ਖ਼ੁਦ ਮੁੱਖ ਮੰਤਰੀ ਨੇ ਪ੍ਰਭਾਵਿਤ ਖੇਤਰਾਂ ’ਚ ਜਾ ਕੇ ਪਾਣੀ ਦੀ ਮਾਰ ਦਾ ਅੰਦਾਜ਼ਾ ਲਗਾਇਆ। ਪਤਾ ਲੱਗਿਆ ਹੈ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕ ਮੁੱਖ ਮੰਤਰੀ ਨਾਲ ਸਿੱਧੀ ਗੱਲਬਾਤ ਵੀ ਕਰਨਾ ਚਾਹੁੰਦੇ ਸਨ ਪ੍ਰੰਤੂ ਅਜਿਹਾ ਅੱਜ ਸੰਭਵ ਨਹੀਂ ਹੋ ਸਕਿਆ। ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਸ਼ ਨੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਪੈਦਾ ਕੀਤੀ ਹੈ ਪ੍ਰੰਤੂ ਸੂਬਾ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਹੜ੍ਹਾਂ ਦੀ ਸਥਿਤੀ ਬਾਰੇ ਰਿਪੋਰਟ ਹਾਸਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੈਬਨਿਟ ਮੰਤਰੀ ਅਗਵਾਈ ਕਰ ਰਹੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਹੜ੍ਹਾਂ ਦੌਰਾਨ ਹੋਏ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਲੋਕਾਂ ਨੂੰ ਮੁਆਵਜ਼ਾ ਦੇਵੇਗੀ।

Advertisement

Advertisement