ਚੌਹਾਨ ਜਲਦੀ ਕਰਨਗੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਜਲਦੀ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰੇ ਦਾ ਮਕਸਦ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣਾ ਅਤੇ ਕੇਂਦਰ ਵੱਲੋਂ ਹਰੇਕ ਸੰਭਵ ਮਦਦ ਮੁਹੱਈਆ ਕਰਵਾਉਣਾ ਹੈ।
ਇੱਕ ਅਧਿਕਾਰਤ ਬਿਆਨ ਮੁਤਾਬਕ, ਮੰਤਰੀ ਨੇ ਵੱਖ-ਵੱਖ ਸੂਬਿਆਂ ਵਿੱਚ ਮੀਂਹ ਕਾਰਨ ਪੈਦਾ ਹੋਏ ਹਾਲਾਤ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਆਏ ਹੜ੍ਹਾਂ ਅਤੇ ਫ਼ਸਲਾਂ ’ਤੇ ਪਏ ਇਸ ਦੇ ਅਸਰ ਬਾਰੇ ਅਧਿਕਾਰੀਆਂ ਨਾਲ ਵਿਸਥਾਰ ਵਿੱਚ ਚਰਚਾ ਕੀਤੀ। ਮੀਟਿੰਗ ਦੌਰਾਨ ਚੌਹਾਨ ਨੇ ਕਿਹਾ, ‘‘ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨ ਚਿੰਤਾ ਨਾ ਕਰਨ, ਕਿਉਂਕਿ ਕੇਂਦਰ ਸਰਕਾਰ ਇਸ ਕੁਦਰਤੀ ਆਫ਼ਤ ਦੀ ਘੜੀ ਵਿੱਚ ਪੀੜਤ ਕਿਸਾਨਾਂ ਦੇ ਨਾਲ ਖੜ੍ਹੀ ਹੈ।’’ ਮੰਤਰੀ ਨੇ ਦੱਸਿਆ ਕਿ ਉਹ ਹਾਲਾਤ ਦਾ ਜਾਇਜ਼ਾ ਲੈਣ ਲਈ ਖੁ਼ਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਹ ਪੀੜਤ ਕਿਸਾਨਾਂ ਨੂੰ ਮਿਲਣਗੇ ਅਤੇ ਹਰੇਕ ਸੰਭਵ ਮਦਦ ਮੁਹੱਈਆ ਕਰਨ ਦਾ ਭਰੋਸਾ ਦੇਣਗੇ। ਮੀਟਿੰਗ ਵਿੱਚ ਖੇਤੀਬਾੜੀ ਸਕੱਤਰ ਦੇਵੇਸ਼ ਚਤੁਰਵੇਦੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਕਿਸਾਨਾਂ ਦੀਆਂ ਸ਼ਿਕਾਇਤਾਂ ਲਈ ਇਕ ਪੋਰਟਲ ਬਣਾਏਗਾ ਖੇਤੀ ਮੰਤਰਾਲਾ
ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇਕ ਵੱਖਰਾ ਪੋਰਟਲ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਜਲਦੀ ਹੱਲ ਕਰਨ ਲਈ ਵੀ ਕਿਹਾ ਹੈ। ਇਕ ਸਰਕਾਰੀ ਬਿਆਨ ਅਨੁਸਾਰ, ਮੰਤਰੀ ਨੇ ਕਿਸਾਨਾਂ ਤੋਂ ਕਾਲ ਸੈਂਟਰਾਂ ਅਤੇ ਹੋਰ ਪੋਰਟਲਾਂ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਹੱਲ ਦੀ ਸਮੀਖਿਆ ਵਾਸਤੇ ਇਕ ਉੱਚ-ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ, ਚੌਹਾਨ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਸਹੂਲਤ ਲਈ ਅਤੇ ਸਮੱਸਿਆਵਾਂ ਦਾ ਜਲਦੀ ਤੇ ਸਹੀ ਹੱਲ ਯਕੀਨੀ ਬਣਾਉਣ ਲਈ ਕਈ ਪੋਰਟਲਾਂ ਦੀ ਬਜਾਏ ਇੱਕ ਸਿੰਗਲ ਸਮਰਪਿਤ ਪੋਰਟਲ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। -ਪੀਟੀਆਈ