ਨਵੀਂ ਦਿੱਲੀ, 5 ਜੁਲਾਈ
ਭਾਰਤ ਵਿਚ ਅੱਜ ਕਰੋਨਾਵਾਇਰਸ ਦੇ 39,796 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਕੇਸਾਂ ਨਾਲ ਦੇਸ਼ ’ਚ ਕਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ ਵਧ ਕੇ 3,05,85,229 ਹੋ ਗਈ ਹੈ। ਇਸ ਤੋਂ ਇਲਾਵਾ ਅੱਜ 88 ਦਿਨਾਂ ਵਿਚ ਕਰੋਨਾ ਕਾਰਨ ਸਭ ਤੋਂ ਘੱਟ 723 ਮੌਤਾਂ ਹੋਈਆਂ, ਜਿਸ ਨਾਲ ਕਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 4,02,728 ਹੋ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿਚ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 4,82,071 ਹੋ ਗਈ ਹੈ ਜੋ ਕਿ ਕੁੱਲ ਕੇਸਾਂ ਦਾ 1.58 ਫ਼ੀਸਦ ਹੈ ਜਦਕਿ ਮਰੀਜ਼ਾਂ ਦੇ ਠੀਕ ਹੋਣ ਦੀ ਕੌਮੀ ਦਰ ਸੁਧਰ ਕੇ 97.11 ਫ਼ੀਸਦ ਹੋ ਗਈ ਹੈ।
ਉੱਧਰ, ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲ ਅਜੇ ਵੀ ਕੋਵਿਡ-19 ਵਿਰੋਧੀ ਵੈਕਸੀਨ ਦੇ 2.01 ਕਰੋੜ ਤੋਂ ਵੱਧ ਡੋਜ਼ ਪਏ ਹਨ ਅਤੇ ਹੁਣ ਤੱਕ 36.97 ਕਰੋੜ ਤੋਂ ਵੱਧ ਸੂਬਿਆਂ ਤੇ ਯੂਟੀਜ਼ ਨੂੰ ਮੁਹੱਈਆ ਕੀਤੇ ਜਾ ਚੁੱਕੇ ਹਨ।
ਇਸੇ ਦੌਰਾਨ ਸੂਬੇ ਦੇ ਕੋਵਿਡ-19 ਸਬੰਧੀ ਪ੍ਰਬੰਧਾਂ ਦੀ ਨਿਗਰਾਨੀ ਕਰਨ ਲਈ ਕੇਂਦਰ ਵੱਲੋਂ ਤਾਇਨਾਤ ਇਕ ਟੀਮ ਉੜੀਸਾ ਪਹੁੰਚ ਗਈ। -ਪੀਟੀਆਈ
ਪੰਜਾਬ ਅਤੇ ਹਰਿਆਣਾ ’ਚ 20 ਮੌਤਾਂ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਕਰੋਨਾਵਾਇਰਸ ਕਾਰਨ 24 ਘੰਟਿਆਂ ਦੌਰਾਨ ਪੰਜਾਬ ਅਤੇ ਹਰਿਆਣਾ ’ਚ 10-10 ਜਣਿਆਂ ਦੀ ਮੌਤ ਹੋਈ ਹੈ। ਇਸ ਨਾਲ ਪੰਜਾਬ ਵਿੱਚ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ 16,122 ਅਤੇ ਹਰਿਆਣਾ ਵਿੱਚ 9,496 ’ਤੇ ਪਹੁੰਚ ਗਿਆ ਹੈ। ਸਿਹਤ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ 137 ਪਾਜ਼ੇਟਿਵ ਕੇਸ ਪਾਏ ਗਏ ਹਨ ਜਦਕਿ 328 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਦੂਜੇ ਪਾਸੇ ਹਰਿਆਣਾ ’ਚ ਅੱਜ 54 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 117 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ।