ਸੀਜੇਆਈ ਸੰਜੀਵ ਖੰਨਾ ਸੁਣਵਾਈ ਤੋਂ ਲਾਂਭੇ ਹੋਏ
ਨਵੀਂ ਦਿੱਲੀ, 3 ਦਸੰਬਰ
ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਸੰਜੀਵ ਖੰਨਾ ਨੇ ਮੁੱਖ ਚੋਣ ਕਮਿਸ਼ਨਰ ਤੇ ਚੋਣ ਕਮਿਸ਼ਨਰਾਂ ਦੀ ਚੋਣ ਕਰਨ ਵਾਲੀ ਕਮੇਟੀ ’ਚੋਂ ਸੀਜੇਆਈ ਨੂੰ ਬਾਹਰ ਰੱਖਣ ਦੇ ਫੈਸਲੇ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਦੀ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ। ਕੇਸ ਦੀ ਸੁਣਵਾਈ ਦੌਰਾਨ ਸੀਜੇਆਈ, ਜੋ ਬੈਂਚ ਵਿਚ ਜਸਟਿਸ ਸੰਜੈ ਕੁਮਾਰ ਨਾਲ ਬੈਠੇ ਸਨ, ਨੇ ਛੇ ਵੱਖੋ ਵੱਖਰੇ ਪਟੀਸ਼ਨਰਾਂ ਵੱਲੋਂ ਪੇਸ਼ ਵਕੀਲਾਂ ਨੂੰ ਕਿਹਾ ਕਿ ਉਹ ਇਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਨਹੀਂ ਕਰ ਸਕਦੇ। ਸੀਜੇਆਈ ਨੇ ਕਿਹਾ, ‘‘ਇਹ ਮਸਲਾ ਉਸ ਬੈਂਚ ਅੱਗੇ ਰੱਖਿਆ ਜਾਵੇ, ਜਿਸ ਦਾ ਮੈਂ ਹਿੱਸਾ ਨਾ ਹੋਵਾਂ।’’ ਉਧਰ ਸੀਨੀਅਰ ਵਕੀਲ ਗੋਪਾਲ ਸ਼ੰਕਰਨਰਾਇਣਨ ਤੇ ਵਕੀਲ ਪ੍ਰਸ਼ਾਂਤ ਭੂਸ਼ਨ ਨੇ ਕਿਹਾ ਕਿ ਜਸਟਿਸ ਖੰਨਾ ਦੀ ਅਗਵਾਈ ਵਾਲੇ ਪਿਛਲੇ ਬੈਂਚ ਨੇ ਨੋਟਿਸ ਜਾਰੀ ਕਰਕੇ ਇਸ ਮਸਲੇ ’ਤੇ ਅੰਤਰਿਮ ਹੁਕਮ ਪਾਸ ਕੀਤੇ ਸਨ ਅਤੇ ਜੇ ਉਹ ਸੁਣਵਾਈ ਜਾਰੀ ਰੱਖਦੇ ਹਨ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਉਂਜ ਬੈਂਚ ਨੇ ਪਟੀਸ਼ਨਰਾਂ ਵੱਲੋਂ ਜਤਾਏ ਇਤਰਾਜ਼ਾਂ ਬਾਰੇ ਚੋਣ ਕਮਿਸ਼ਨ ਤੇ ਕੇਂਦਰ ਸਰਕਾਰ ਨੂੰ ਜਵਾਬ ਦਾਅਵੇ ਦਾਖਲ ਕਰਨ ਦੀ ਹਦਾਇਤ ਕੀਤੀ ਹੈ। -ਪੀਟੀਆਈ