ਮਨੁੱਖੀ ਤਸਕਰੀ ਦੇ ਸਭ ਤੋਂ ਵਧ ਮਾਮਲੇ ਪੰਜਾਬ ’ਚ ਹੋਣ ਦਾ ਦਾਅਵਾ
ਅਮਰੀਕਾ ਤੋਂ 2009 ਤੋਂ ਲੈ ਕੇ ਹੁਣ ਤੱਕ 18,822 ਭਾਰਤੀਆਂ ਨੂੰ ਦੇਸ਼ ਨਿਕਾਲਾ ਦਿੱਤਾ ਜਾ ਚੁੱਕਿਆ ਹੈ ਜਿਨ੍ਹਾਂ ’ਚ ਜਨਵਰੀ 2025 ਤੋਂ 3258 ਡਿਪੋਰਟ ਕੀਤੇ ਗਏ ਨਾਗਰਿਕ ਵੀ ਸ਼ਾਮਲ ਹਨ। ਇਹ ਜਾਣਕਾਰੀ ਅੱਜ ਰਾਜ ਸਭਾ ’ਚ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਦਿੱਤੀ। ਸੰਸਦ ਦੇ ਉਪਰਲੇ ਸਦਨ ’ਚ ਪੂਰਕ ਸਵਾਲਾਂ ਦਾ ਜਵਾਬ ਦਿੰਦਿਆਂ ਜੈਸ਼ੰਕਰ ਨੇ ਕਿਹਾ ਕਿ ਸੂਬਾ ਸਰਕਾਰਾਂ ਅਤੇ ਕੌਮੀ ਜਾਂਚ ਏਜੰਸੀ ਨੇ ਮਨੁੱਖੀ ਤਸਕਰੀ ਦੇ ਕੇਸਾਂ ਦੀ ਵੀ ਜਾਂਚ ਕੀਤੀ ਹੈ ਜਿਸ ’ਚ ਸਭ ਤੋਂ ਵਧ ਮਾਮਲੇ ਪੰਜਾਬ ਦੇ ਹਨ।
ਵਿਦੇਸ਼ ਮੰਤਰੀ ਨੇ ਦੱਸਿਆ, ‘‘ਕੌਮੀ ਜਾਂਚ ਏਜੰਸੀ ਨੇ ਮਨੁੱਖੀ ਤਸਕਰੀ ਦੇ 27 ਮਾਮਲਿਆਂ ਦੀ ਜਾਂਚ ਕੀਤੀ ਜਿਸ ’ਚ 169 ਗ੍ਰਿਫ਼ਤਾਰੀਆਂ ਹੋਈਆਂ ਅਤੇ 132 ਹੋਰਾਂ ਖ਼ਿਲਾਫ਼ ਚਾਰਜਸ਼ੀਟਾਂ ਦਾਖਲ ਕੀਤੀਆਂ ਗਈਆਂ। ਏਜੰਸੀ ਨੇ ਪੰਜਾਬ ਅਤੇ ਹਰਿਆਣਾ ’ਚ 7 ਅਗਸਤ ਨੂੰ ਦੋ ਪ੍ਰਮੁੱਖ ਤਸਕਰਾਂ ਨੂੰ ਗ੍ਰਿਫਤਾਰ ਕੀਤਾ। ਇਸ ਮਗਰੋਂ 2 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਤੋਂ ਦੋ ਹੋਰ ਵਿਅਕਤੀ ਫੜੇ ਗਏ।’’ ਸ੍ਰੀ ਜੈਸ਼ੰਕਰ ਨੇ ਕਿਹਾ ਕਿ ਮਨੁੱਖੀ ਤਸਕਰੀ ਦੇ ਸਭ ਤੋਂ ਜ਼ਿਆਦਾ ਮਾਮਲੇ ਪੰਜਾਬ ਤੋਂ ਹਨ ਅਤੇ ਸੂਬਾ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ ਬਣਾਈ ਹੈ। ਕੇਂਦਰ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਪੰਜਾਬ ’ਚ 58 ਗ਼ੈਰ-ਕਾਨੂੰਨੀ ਟਰੈਵਲ ਏਜੰਟਾਂ ਖ਼ਿਲਾਫ਼ 25 ਐੱਫ ਆਈ ਆਰਜ਼ ਦਰਜ ਕੀਤੀਆਂ ਗਈਆਂ ਅਤੇ 16 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰਾਲੇ ਨੇ ਅਮਰੀਕਾ ਵੱਲੋਂ ਡਿਪੋਰਟੀਆਂ ਨਾਲ ਅਪਣਾਏ ਗਏ ਵਤੀਰੇ ’ਤੇ ਤਿੱਖਾ ਵਿਰੋਧ ਦਰਜ ਕਰਵਾਇਆ ਹੈ। ਉਨ੍ਹਾਂ ਲਿਖਤੀ ਜਵਾਬ ’ਚ ਕਿਹਾ ਕਿ ਫਰਵਰੀ ’ਚ ਆਈ ਉਡਾਣ ਮਗਰੋਂ ਕਿਸੇ ਵੀ ਮਹਿਲਾ ਅਤੇ ਬੱਚੇ ਨੂੰ ਹੱਥਕੜੀਆਂ ਲਗਾਏ ਜਾਣ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ। -ਪੀਟੀਆਈ
ਹਰਜੀਤ ਕੌਰ ਨੂੰ ਹੱਥਕੜੀ ਨਹੀਂ ਲਗਾਈ ਗਈ
ਪੰਜਾਬ ਦੀ ਹਰਜੀਤ ਕੌਰ (73) ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਦੇ ਮਾਮਲੇ ਬਾਰੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਰਾਜ ਸਭਾ ’ਚ ਦੱਸਿਆ ਕਿ ਉਸ ਨੂੰ ਹੱਥਕੜੀ ਨਹੀਂ ਲਗਾਈ ਗਈ ਸੀ ਪਰ ਹਿਰਾਸਤ ਦੌਰਾਨ ਉਸ ਨਾਲ ਮਾੜਾ ਵਤੀਰਾ ਅਪਣਾਇਆ ਗਿਆ ਸੀ, ਇਹ ਮਾਮਲਾ ਅਮਰੀਕੀ ਅਧਿਕਾਰੀਆਂ ਕੋਲ ਚੁੱਕਿਆ ਗਿਆ ਸੀ।
