ਨਵੀਂ ਦਿੱਲੀ: ਕਾਂਗਰਸ ਆਗੂ ਪੀ ਚਿਦੰਬਰਮ ਨੇ ਕਿਹਾ ਕਿ ਵੈਕਸੀਨ ਦੀ ਦੇਸ਼ ’ਚ ਘਾਟ ਹੈ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਹਸਪਤਾਲਾਂ ’ਚੋਂ ਲੋਕਾਂ ਨੂੰ ਵਾਪਸ ਭੇਜਿਆ ਜਾਂਦਾ ਰਿਹਾ ਤਾਂ ਹੋਰ ਜ਼ਿਆਦਾ ਪ੍ਰਦਰਸ਼ਨ ਹੋ ਸਕਦੇ ਹਨ। ਉਨ੍ਹਾਂ ਪਹਿਲੀ ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਕਰੋਨਾ ਤੋਂ ਬਚਾਅ ਦੇ ਟੀਕੇ ਲਗਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ। ਚਿਦੰਬਰਮ ਨੇ ਟਵੀਟ ਕਰਕੇ ਸਰਕਾਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਲਏ ਜਾਣ ਨਾਲ ਉਸ ਦੀ ਜ਼ਿੰਮੇਵਾਰੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੈਕਸੀਨ ਦੀ ਘਾਟ ਨਾ ਹੋਣ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੁਣੇ ਤੋਂ ਟੀਕਾਕਰਨ ਦੀ ਤਿਆਰੀ ਕਰ ਲੈਣੀ ਚਾਹੀਦੀ ਹੈ, ਨਹੀਂ ਤਾਂ ਲੋਕਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ। -ਪੀਟੀਆਈ