ਕੋਲਕਾਤਾ, 10 ਜਨਵਰੀ
ਪੱਛਮੀ ਬੰਗਾਲ ਵਿੱਚ ਪੂਰਬੀ ਤੇ ਪੱਛਮੀ ਮਿਦਨਾਪੁਰ ਜ਼ਿਲ੍ਹਿਆਂ ਦੇ ਵੱਖ-ਵੱਖ ਹਿੱਸਿਆਂ ’ਚ ਅੱਜ ਤ੍ਰਿਣਮੂਲ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਦੇ ਸਮਰਥਕਾਂ ਵਿਚਾਲੇ ਝੜਪਾਂ ਹੋਈਆਂ। ਇਨ੍ਹਾਂ ਝੜਪਾਂ ਵਿੱਚ ਕੁਝ ਲੋਕ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਦੋਵੇਂ ਪਾਰਟੀਆਂ ਵਿਚਲੇ ਸੂਤਰਾਂ ਨੇ ਦਿੱਤੀ।
ਭਾਜਪਾ ਆਗੂ ਸ਼ੁਵੇਂਦੂ ਅਧਿਕਾਰੀ ਨੇ ਕਿਹਾ ਕਿ ਤ੍ਰਿਣਮੂਲ ਕਾਂਗਰਸ ਨੇ ਭਾਜਪਾ ਕਾਰਕੁਨਾਂ ’ਤੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਹਮਲਿਆਂ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਪਿਛਲੇ ਮਹੀਨੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਖੇਮੇ ਨੂੰ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਵਾਲੇ ਸ੍ਰੀ ਅਧਿਕਾਰੀ ਨੇ ਪੁਰੂਲੀਆ ਵਿੱਚ ਇਕ ਰੋਡ ਸ਼ੋਅ ’ਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੀ ਪਾਰਟੀ ’ਤੇ ਹੁੰਦੇ ਹਰੇਕ ਹਮਲੇ ਨਾਲ ਜ਼ਿਆਦਾ ਤੋਂ ਜ਼ਿਆਦ ਲੋਕ ਉਨ੍ਹਾਂ ਦੇ ਸਮਰਥਨ ’ਚ ਆਉਣਗੇ। ਸੂਤਰਾਂ ਅਨੁਸਾਰ ਪੂਰਬੀ ਮਿਦਨਾਪੁਰ ਜ਼ਿਲ੍ਹੇ ਵਿੱਚ ਪੈਂਦੇ ਕਾਂਤੀ ਇਲਾਕੇ ਦੇ ਭਾਜਾਚੌਲੀ ’ਚ ਦੋਵੇਂ ਪਾਰਟੀਆਂ ਦੇ ਕਾਰਕੁਨ ਭਿੜ ਗਏ। ਸਥਾਨਕ ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਇਸ ਹਮਲੇ ਵਿੱਚ ਉਨ੍ਹਾਂ ਦੀ ਪਾਰਟੀ ਦੇ ਕੁਝ ਕਾਰਕੁਨ ਜ਼ਖ਼ਮੀ ਹੋ ਗਏ। ਉੱਧਰ, ਤ੍ਰਿਣਮੂਲ ਕਾਂਗਰਸ ਨੇ ਦਾਅਵਾ ਕੀਤਾ ਕਿ ਭਾਜਪਾ ਖੇਮੇ ’ਚ ਚੱਲਦੇ ਅੰਦਰੂਨੀ ਕਲੇਸ਼ ਕਾਰਨ ਇਹ ਝੜਪਾਂ ਹੋਈਆਂ ਹਨ।
ਇਸੇ ਦੌਰਾਨ ਪੂਰਬੀ ਮਿਦਨਾਪੁਰ ਜ਼ਿਲ੍ਹੇ ਵਿੱਚ ਵੀ ਹਿੰਸਾ ਦੀ ਖ਼ਬਰ ਮਿਲੀ ਹੈ। ਪੱਛਮੀ ਮਿਦਨਾਪੁਰ ’ਚ ਕੇਸ਼ਪੁਰ ਵਿੱਚ ਦੋਵੇਂ ਪਾਰਟੀਆਂ ਦੇ ਕਾਰਕੁਨਾਂ ਨੇ ਇਕ-ਦੂਜੇ ’ਤੇ ਇੱਟਾਂ ਤੇ ਡਾਂਗਾਂ ਨਾਲ ਹਮਲਾ ਕੀਤਾ। ਭਾਜਪਾ ਦੇ ਦੋਸ਼ਾਂ ਨੂੰ ਨਕਾਰਦਿਆਂ ਤ੍ਰਿਣਮੂਲ ਕਾਂਗਰਸ ਦੇ ਪੂਰਬੀ ਮਿਦਨਾਪੁਰ ਜ਼ਿਲ੍ਹੇ ਦੇ ਪ੍ਰਧਾਨ ਅਜੀਤ ਮੈਤੀ ਨੇ ਕਿਹਾ ਕਿ ਭਾਜਪਾ ਪਾਰਟੀ ਵੱਲੋਂ ਪੈਦਾ ਕੀਤੀ ਗਈ ਭੜਕਾਹਟ ਦੇ ਬਾਵਜੂਦ ਉਨ੍ਹਾਂ ਦੀ ਪਾਰਟੀ ਨੇ ਸੰਜਮ ਵਰਤਿਆ।
-ਪੀਟੀਆਈ